ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਸਤੰਬਰ
ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਬੀਪੀਈਓ ਚੀਮਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਛਾਜਲਾ ਦੇ ਮੁੱਖ ਅਧਿਆਪਕ ਨਾਲ ਕੀਤੇ ਗਏ ਦੁਰਵਿਵਹਾਰ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਨਿਖੇਧੀ ਕੀਤੀ ਹੈ। ਡੀਟੀਐੱਫ਼ ਵੱਲੋਂ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੋਂ ਬੀਪੀਈਓ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਡੀਟੀਐੱਫ਼ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਨੇ ਦੋਸ਼ ਲਾਇਆ ਕਿ ਸੈਂਟਰ ਸਕੂਲ ਚੌਪਾਸ ਵਿੱਚ ਡਿਊਟੀ ਨਿਭਾ ਰਹੇ ਛਾਜਲਾ ਸਕੂਲ ਦੇ ਮੁੱਖ ਅਧਿਆਪਕ ਨੂੰ ਬੀਪੀਈਓ ਵੱਲੋਂ ਉਨ੍ਹਾਂ ਦੇ ਸਕੂਲ ਵਿੱਚ ਬੁਲਾ ਕੇ ਜ਼ਲੀਲ ਕੀਤਾ ਗਿਆ ਅਤੇ ਮੁੱਖ ਅਧਿਆਪਕ ਦੀ ਸ਼ਾਨ ਦੇ ਖ਼ਿਲਾਫ਼ ਗਲਤ ਸ਼ਬਦਾਵਲੀ ਵਰਤੀ ਗਈ ਜੋ ਅਨੈਤਿਕ, ਅਸੱਭਿਅਕ ਅਤੇ ਜ਼ਲੀਲ ਕਰਨ ਵਾਲੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਬੀਪੀਈਓ ਖਿਲਾਫ਼ ਪਹਿਲਾਂ ਵੀ ਅਜਿਹੀਆਂ ਸ਼ਿਕਾਇਤਾਂ ਹਨ। ਉਨ੍ਹਾਂ ਕਿਹਾ ਕਿ ਜੇਕਰ ਬੀਪੀਈਓ ਖ਼ਿਲਾਫ਼ ਇੱਕ ਹਫ਼ਤੇ ਅੰਦਰ ਕੋਈ ਕਾਰਵਾਈ ਨਾ ਹੋਈ ਤਾਂ ਅਧਿਆਪਕ ਜਥੇਬੰਦੀਆਂ ਨੂੰ ਸੰਘਰਸ਼ ਉਲੀਕਣ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਮੁੱਖ ਅਧਿਆਪਕ ਵੱਲੋਂ ਵੀ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ ਹੈ।