ਡੀਟੀਐੱਫ ਵੱਲੋਂ ‘ਸੰਗਰੂਰ ਰੈਲੀ’ ਦੀ ਹਮਾਇਤ
ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਇਕਾਈ ਬਲਾਕ ਲਹਿਰਾਗਾਗਾ ਨੇ ‘ਆਪ’ ਸਰਕਾਰ ’ਤੇ ਪੰਜਾਬ ਨੂੰ ਪੁਲੀਸ ਰਾਜ ਵਿੱਚ ਬਦਲਣ ਅਤੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਉੱਤੇ ਡਾਕਾ ਮਾਰਨ ਦਾ ਦੋਸ਼ ਲਾਉਂਦਿਆਂ 25 ਜੁਲਾਈ ਨੂੰ ਦਾਣਾ ਮੰਡੀ ਸੰਗਰੂਰ ਵਿੱਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਅਤੇ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਡੀਟੀਐੱਫ ਦੇ ਬਲਾਕ ਪ੍ਰਧਾਨ ਮਨੋਜ ਕੁਮਾਰ, ਜਨਰਲ ਸਕੱਤਰ ਮਨਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੋਦੀ ਸਰਕਾਰ ਦੀ ਤਰਜ਼ ’ਤੇ ਵਿਰੋਧ ਦੀ ਹਰ ਆਵਾਜ਼ ਨੂੰ ਦਬਾਉਣ ਦੇ ਰਾਹ ਪਈ ਹੋਈ ਹੈ। ਪਿਛਲੇ ਸਮੇਂ ਦੌਰਾਨ ਕਿਸਾਨ ਆਗੂ ਨਿਰਭੈ ਸਿੰਘ ਖਾਈ (ਜੋ ਪੇਸ਼ੇ ਵਜੋਂ ਇੱਕ ਅਧਿਆਪਕ ਹਨ) ਉੱਤੇ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ ਅਤੇ ਮੁੱਖ ਦੋਸ਼ੀਆਂ ਨੂੰ ਹਾਲੇ ਵੀ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ।
ਇਸ ਫਰੰਟ ਦੇ ਸੂਬਾ ਕਮੇਟੀ ਮੈਂਬਰ ਮੇਘਰਾਜ, ਰਮਨ ਗੋਇਲ, ਰਤਨ ਕੁਮਾਰ, ਸਤੀਸ਼ ਕੁਮਾਰ, ਪ੍ਰਵੀਨ ਅਲੀਸ਼ੇਰ, ਬੀਰਬਲ ਸਿੰਘ, ਜਸਵੀਰ ਅਲੀਸ਼ੇਰ, ਦਵਿੰਦਰ ਅਲੀਸ਼ੇਰ, ਸ਼ਿਵ ਕੁਮਾਰ, ਸ਼ੁਭਮ ਕੁਮਾਰ ਹਾਜ਼ਰ ਸਨ।