ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਕਰਮਚਾਰੀਆਂ ਦੀ ਚੱਲ ਰਹੀ ਛੇ ਰੋਜ਼ਾ ਕਲਮਛੋੜ ਹੜਤਾਲ ਦੇ ਤੀਜੇ ਦਿਨ ਵੀ ਸਮੁੱਚੇ ਦਫ਼ਤਰਾਂ ਵਿਚ ਕੰਮਕਾਜ ਠੱਪ ਰਿਹਾ। ਹੜਤਾਲੀ ਕਰਮਚਾਰੀਆਂ ਵੱਲੋਂ ਡੀਸੀ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਅਤੇ ਪ੍ਰੈਸ ਸਕੱਤਰ ਅਨੁਜ ਸ਼ਰਮਾ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਵੱਖ-ਵੱਖ ਵਿਭਾਗਾਂ ਦਾ ਸਮੁੱਚਾ ਕੰਮਕਾਜ ਠੱਪ ਪਿਆ ਹੈ ਅਤੇ ਦਫ਼ਤਰੀ ਮੁਲਾਜ਼ਮ ਕਲਮਛੋੜ ਹੜਤਾਲ ’ਤੇ ਹਨ ਪਰ ਪੰਜਾਬ ਸਰਕਾਰ ਵੱਲੋਂ ਲਗਾਤਾਰ ਮਨਿਸਟੀਰੀਅਲ ਕੇਡਰ ਦੀਆਂ ਮੰਗਾਂ ਪ੍ਰਤੀ ਅੜੀਅਲ ਰਵੱਈਆ ਅਪਣਾਇਆ ਹੋਇਆ ਹੈ। ਇਸ ਕਾਰਨ ਸਮੁੱਚੇ ਮਨਿਸਟੀਰੀਅਲ ਵਰਗ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ’ਚ ਸਰਕਾਰ ਪ੍ਰਤੀ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ ਕਿਉਂਕਿ ਸਰਕਾਰ ਨੇ ਕਲਮਛੋੜ ਹੜਤਾਲ ਦੇ ਬਾਵਜੂਦ ਮੰਗਾਂ ਪ੍ਰਤੀ ਚੁੱਪ ਵੱਟ ਰੱਖੀ ਹੈ। ਇਸ ਨੂੰ ਲੋਕਾਂ ਦੀ ਖੱਜਲ ਖੁਆਰੀ ਦੀ ਵੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਦਫ਼ਤਰੀ ਮੁਲਾਜ਼ਮ ਵਰਗ ਪ੍ਰਤੀ ਆਪਣੀ ਬੇਰੁਖ਼ੀ ਜਾਰੀ ਰੱਖੀ ਅਤੇ ਮੁੱਖ ਮੰਤਰੀ ਪੈਨਲ ਮੀਟਿੰਗ ਕਰਕੇ ਮੰਗਾਂ ਦਾ ਹੱਲ ਨਹੀਂ ਕਰਦੇ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਆਗੂ ਬਲਵਿੰਦਰ ਸੋਹੀ, ਬਲਵਿੰਦਰ ਅੱਤਰੀ, ਸੰਦੀਪ ਕੁਮਾਰ, ਹਰਜੀਤ ਸਿੰਘ, ਤਰਸੇਮ ਖੰਨਾ, ਮਨਪ੍ਰੀਤ ਕੌਰ, ਵਰਿੰਦਰ ਸਿੰਘ ਨੇ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੇਅ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਸੋਧ ਕੇ ਲਾਗੂ ਕੀਤਾ ਜਾਵੇ। ਆਗੂਆਂ ਨੇ ਦਾਅਵਾ ਕੀਤਾ ਕਿ ਕਲਮਛੋੜ ਹੜਤਾਲ ਕਾਰਨ ਖਜ਼ਾਨਾ ਦਫਤਰ, ਸਿਵਲ ਸਰਜਨ ਦਫਤਰ, ਡੀਸੀ ਦਫਤਰ, ਐਕਸਾਈਜ਼ ਵਿਭਾਗ, ਨਹਿਰੀ ਵਿਭਾਗ, ਜਲ ਸਪਲਾਈ ਸੈਨੀਟੇਸ਼ਨ ਮਨਿਸਟੀਰੀਅਲ ਤੇ ਸੀਵਰੇਜ ਬੋਰਡ ਆਦਿ ਵਿੱਚ ਕੰਮ ਮੁਕੰਮਲ ਠੱਪ ਰਿਹਾ।