ਨਿੱਜੀ ਪੱਤਰ ਪ੍ਰੇਰਕ
ਧੂਰੀ, 3 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 5 ਅਗਸਤ ਨੂੰ ਹਲਕਾ ਧੂਰੀ ਵਿੱਚ ਹੋ ਰਹੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀ ਪੱਬਾਂ ਭਾਰ ਹਨ। ਸਥਾਨਕ ਪ੍ਰਿੰਸ ਵਿਲਾ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜੰਗਲਾਤ ਵਿਭਾਗ ਵੱਲੋਂ ਕਰਵਾਏ ਜਾ ਰਹੇ ਇੱਕ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸੂਬਾ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਤੋਂ ਬਣੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕਰਨਗੇ ਅਤੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਝੋਲੇ ਵੰਡਣ ਦਾ ਉਦਘਾਟਨ ਕਰ ਕੇ ਲੋਕਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਅਤੇ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕਰਨਗੇ। ਇਸ ਮੌਕੇ ਮੁੱਖ ਮੰਤਰੀ ਸ੍ਰੀ ਮਾਨ ਪਿੰਡ ਬੇਨੜਾ ਵਿੱਚ ਬੂਟੇ ਲਾ ਕੇ ਰੁੱਖ ਲਗਾਓ ਮੁਹਿੰਮ ਦਾ ਉਦਘਾਟਨ ਵੀ ਕਰਨਗੇ।
ਅੱਜ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐੱਸ.ਐੱਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਇੰਤਜ਼ਾਮ ਪੂਰੀ ਤਰ੍ਹਾਂ ਪੁਖਤਾ ਹਨ ਅਤੇ ਆਮ ਰਾਹਗੀਰਾਂ ਨੂੰ ਵੀ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਪ੍ਰੋ. ਓਂਕਾਰ ਸਿੰਘ, ‘ਆਪ’ ਆਗੂ ਸਤਿੰਦਰ ਸਿੰਘ ਚੱਠਾ ਅਤੇ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਖ ਮੰਤਰੀ ਆਪਣੇ ਹਲਕੇ ਵਿੱਚ ਪਹਿਲੀ ਵਾਰ ਆ ਰਹੇ ਹਨ ਜਿਸ ਨੂੰ ਲੈ ਕੇ ਹਲਕੇ ਦੇ ਲੋਕਾਂ ਵਿੱਚ ਆਪਣੇ ਮਹਬਿੂਬ ਨੇਤਾ ਨੂੰ ਮਿਲਣ ਲਈ ਕਾਫ਼ੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਹਲਕਾ ਧੂਰੀ ਤੋਂ ਇਲਾਵਾ ਨੇੜਲੇ ਇਲਾਕੇ ਦੇ ਲੋਕਾਂ ਦੇ ਇੱਕ ਭਰਵੇਂ ਇਕੱਠ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਪੰਜ ਕੈਬਨਿਟ ਮੰਤਰੀਆਂ ਦੇ ਨਾਲ-ਨਾਲ ਕਈ ਹੋਰ ਵਿਧਾਇਕ ਵੀ ਪਹੁੰਚ ਰਹੇ ਹਨ। ਇਸ ਮੌਕੇ ਐੱਸ.ਡੀ.ਐੱਮ. ਧੂਰੀ ਅਮਿਤ ਕੁਮਾਰ, ਐੱਸ.ਪੀ. ਪਲਵਿੰਦਰ ਸਿੰਘ ਚੀਮਾ, ਡੀ.ਐੱਸ.ਪੀ. ਧੂਰੀ ਯੋਗੇਸ਼ ਕੁਮਾਰ, ਐਕਸੀਅਨ ਪੀ.ਡਬਲਿਯੂ.ਡੀ. ਬਲਵਿੰਦਰ ਸਿੰਘ, ਤਹਿਸੀਲਦਾਰ ਧੂਰੀ ਕੁਲਦੀਪ ਸਿੰਘ, ਕਾਰਜ ਸਾਧਕ ਅਫ਼ਸਰ ਅਸ਼ਵਨੀ ਕੁਮਾਰ, ਡੀ.ਪੀ.ਆਰ.ਓ. ਅਮਨਦੀਪ ਸਿੰਘ, ਐੱਸ.ਐੱਚ.ਓ. ਸਦਰ ਸੁਖਵਿੰਦਰ ਸਿੰਘ ਗਿੱਲ ਆਦਿ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।