ਕਿਸਾਨੀ ਧਰਨੇ ਦੌਰਾਨ ਮੋਦੀ ਸਰਕਾਰ ਖ਼ਿਲਾਫ਼ ਨਾਅਰੇ ਗੂੰਜੇ

ਕਿਸਾਨੀ ਧਰਨੇ ਦੌਰਾਨ ਮੋਦੀ ਸਰਕਾਰ ਖ਼ਿਲਾਫ਼ ਨਾਅਰੇ ਗੂੰਜੇ

ਖੇੜੀ ਰਿਲਾਇੰਸ ਪੰਪ ਅੱਗੇ ਧਰਨੇ ’ਤੇ ਡਟੇ ਕਿਸਾਨ ਅਤੇ ਬੀਬੀਆਂ। ਫੋਟੋ: ਲਾਲੀ।

ਗੁਰਦੀਪ ਸਿੰਘ ਲਾਲੀ

ਸੰਗਰੂਰ, 18 ਜੂਨ

ਗਰਮੀ ਦੇ ਮੌਸਮ ਅਤੇ ਝੋਨੇ ਦੀ ਲਵਾਈ ਦਾ ਸੀਜ਼ਨ ਜ਼ੋਰਾਂ ’ਤੇ ਹੋਣ ਦੇ ਬਾਵਜੂਦ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਪੱਕੇ ਰੋਸ ਧਰਨਿਆਂ ’ਤੇ ਡਟੇ ਹੋਏ ਹਨ। ਨਿੱਤ ਦਿਨ ਰੋਸ ਧਰਨਿਆਂ ’ਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਗੂੰਜ ਰਹੇ ਹਨ। ਅੱਜ ਰੋਸ ਧਰਨਿਆਂ ’ਚ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਦੀ ਤਿੱਖੀ ਅਲੋਚਨਾ ਕੀਤੀ ਗਈ ਤੇ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਪਿੰਡਾਂ ਵਿਚ ਦਾਖਲ ਹੋਣ ਤੋਂ ਰੋਕਣ ਲਈ ਪਿੰਡ-ਪਿੰਡ ਲਾਮਬੰਦੀ ਕਰਨ ਦਾ ਹੋਕਾ ਦਿੱਤਾ ਗਿਆ। 

 ਇਸੇ ਦੌਰਾਨ 31 ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਪੱਕਾ ਰੋਸ ਧਰਨਾ ਜਾਰੀ ਹੈ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਤੇ ਬੀਬੀਆਂ ਇਥੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੀ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਪੱਕੇ ਰੋਸ ਧਰਨੇ ’ਤੇ ਡਟੀਆਂ ਹੋਈਆਂ ਹਨ। ਸਟੇਸ਼ਨ ਨੇੜੇ ਰੋਸ ਧਰਨੇ ਨੂੰ ਕਿਸਾਨ ਆਗੂ ਹਰਮੇਲ ਸਿੰਘ ਮਹਿਰੋਕ, ਰੋਹੀ ਸਿੰਘ ਮੰਗਵਾਲ, ਸੁਖਦੇਵ ਸਿੰਘ ਉਭਾਵਾਲ, ਡਾ. ਹਰਪ੍ਰੀਤ ਕੌਰ ਖਾਲਸਾ, ਮੋਹਨ ਲਾਲ ਸੁਨਾਮ, ਮਹਿੰਦਰ ਸਿੰਘ ਭੱਠਲ ਤੇ ਗੁਰਦੇਵ ਸਿੰਘ ਤੁੰਗਾਂ ਆਦਿ ਨੇ ਸੰਬੋਧਨ ਕੀਤਾ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਧਰਨਿਆਂ ਨੂੰ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਹਰਦੇਵ ਸਿੰਘ ਕੁਲਾਰਾਂ, ਬਘੇਲ ਸਿੰਘ ਖੇੜੀ, ਰਾਜਪਾਲ ਸਿੰਘ , ਭੁਪਿੰਦਰ ਸਿੰਘ ਚੱਠੇ, ਨਿਰਭੈ ਸਿੰਘ ਉਪਲੀ, ਕਰਨੈਲ ਸਿੰਘ ਉਭਾਵਾਲ ਆਦਿ ਨੇ ਸੰਬੋਧਨ ਕੀਤਾ। 

ਸਿਆਸੀ ਪਾਰਟੀਆਂ ’ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼

ਬੁਲਾਰਿਆਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਜਿਥੇ ਕਿਸਾਨ ਅੰਦੋਲਨ ਜਾਰੀ ਰਹੇਗਾ, ਉਥੇ ਵਿਧਾਨ ਸਭਾ ਚੋਣਾਂ ਲਈ ਸਿਆਸੀ ਰੋਟੀਆਂ ਸੇਕ ਰਹੀਆਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਪਿੰਡਾਂ ਵਿਚ ਵੜਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਪਾਰਟੀਆਂ ਸਿਰਫ਼ ਬਿਆਨਬਾਜ਼ੀ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਜਦੋਂ ਕਿ ਅਸਲ ਵਿੱਚ ਇਨ੍ਹਾਂ ਨੂੰ 2022 ਦੀਆਂ ਚੋਣਾਂ ਤੋਂ ਸਿਵਾਏ ਹੋਰ ਕੁੱਝ ਵੀ ਨਜ਼ਰ ਨਹੀਂ ਆ ਰਿਹਾ। ਕਿਸਾਨ ਆਗੂਆਂ ਨੇ ਕਿਸਾਨ-ਮਜ਼ਦੂਰਾਂ ਅਤੇ ਹੋਰ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਨਾ ਵੜ੍ਹਨ ਦੇਣ ਅਤੇ ਤਿੱਖਾ ਵਿਰੋਧ ਕਰਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All