ਸਫ਼ਾਈ ਸੇਵਕ ਯੂਨੀਅਨ ਵੱਲੋਂ ਅਰਥੀ ਫੂਕ ਮੁਜ਼ਾਹਰੇ ਅੱਜ ਤੋਂ

ਸਫ਼ਾਈ ਸੇਵਕ ਯੂਨੀਅਨ ਵੱਲੋਂ ਅਰਥੀ ਫੂਕ ਮੁਜ਼ਾਹਰੇ ਅੱਜ ਤੋਂ

ਪਟਿਆਲਾ ਵਿੱਚ ‘ਸਫ਼ਾਈ ਸੇਵਕ ਯੂਨੀਅਨ ਪੰਜਾਬ’ ਦੇ ਨੁਮਾਇੰਦੇ ਮੀਟਿੰਗ ਦੌਰਾਨ ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ

ਸੰਗਰੂਰ, 27 ਸਤੰਬਰ

ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 28, 29 ਅਤੇ 30 ਸਤੰਬਰ ਨੂੰ ਪੰਜਾਬ ਭਰ ’ਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਦਫ਼ਤਰਾਂ ਅੱਗੇ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਸਫ਼ਾਈ ਸੇਵਕ ਯੂਨੀਅਨ ਦੀ ਅਸ਼ੋਕ ਸਾਰਵਾਨ, ਰਮੇਸ਼ ਗੈਚੰਡ, ਰਾਜਿੰਦਰ ਕੁਮਾਰ ਅਤੇ ਹੰਸ ਰਾਜ ਬਨਵਾੜੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।

ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਮੌਕੇ ਕੱਚੇ ਕਾਮੇ ਪੱਕੇ ਕਰਨ, ਪੇਅ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ, ਡੀਏ ਦੀਆਂ ਕਿਸ਼ਤਾਂ ਅਤੇ ਡੀਏ ਦੇ ਬਕਾਏ ਜਾਰੀ ਕਰਨ ਅਤੇ 2004 ਤੋਂ ਬਾਅਦ ਭਰਤੀ ਹੋਏ ਕਾਮਿਆਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਜਿਹੜੇ ਵਾਅਦੇ ਕੀਤੇ ਗਏ ਸਨ, ਉਹ ਅਜੇ ਤੱਕ ਵਫ਼ਾ ਨਹੀਂ ਹੋਏ।

ਆਗੂਆਂ ਰਮੇਸ਼ ਚੰਦ ਵੈਦ, ਜਗਸੀਰ ਗਹਿਲੋਤ ਮੁਹਾਲੀ, ਸੁਨੀਲ ਬਡਵਾਲ ਪਟਿਆਲਾ ਤੇ ਗੁਲਸ਼ਨ ਬਰਨਾਲਾ ਨੇ ਕਿਹਾ ਕਿ ਸਰਕਾਰ ਦੇ ਨਾਂਹ-ਪੱਖੀ ਰਵੱਈਏ ਖ਼ਿਲਾਫ਼ ਜਥੇਬੰਦੀ ਨੇ 28 ਸਤੰਬਰ ਤੋਂ ਤਿੰਨ ਰੋਜ਼ਾ ਅਰਥੀ ਫ਼ੂਕ ਮੁਜ਼ਾਹਰੇ ਕਰਨ ਦਾ ਫ਼ੈਸਲਾ ਲਿਆ ਹੈ। ਇਨ੍ਹਾਂ ਮੁਜ਼ਾਹਰਿਆਂ ਦੀ ਹਮਾਇਤ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਆਗੂਆਂ ਦਰਸ਼ਨ ਬੇਲੂਮਾਜਰਾ, ਗੁਰਵਿੰਦਰ ਖਮਾਣੋ, ਸੁਖਦੇਵ ਚਿੰਗਾਲੀ ਵਾਲਾ ਤੇ ਗੁਰਦੀਪ ਬਠਿੰਡਾ ਨੇ ਕਿਹਾ ਕਿ ਮੰਗਾਂ ਮੰਨਣ ਦੀ ਬਜਾਏ ਸਰਕਾਰ ਪਹਿਲਾਂ ਮਿਲਦੀਆਂ ਸਹੂਲਤਾਂ ਖੋਹ ਰਹੀ ਹੈ ਜਿਸ ਕਰਕੇ ਸੰਘਰਸ਼ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All