ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੋਦੀ ਤੇ ਟਰੰਪ ਦੇ ਪੁਤਲੇ ਫੂਕੇ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਜਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਵਲੋਂ ਅੱਜ ਰੋਹ ਭਰਪੂਰ ਮੁਜ਼ਾਹਰਾ ਕਰਦਿਆਂ ਡੀਸੀ ਦਫ਼ਤਰ ਅੱਗੇ ਅਮਰੀਕਾ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ’ਚ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਜੋਗਿੰਦਰ ਸਿੰਘ ਉਗਰਾਹਾਂ, ਊਧਮ ਸਿੰਘ ਸੰਤੋਖਪੁਰਾ ਅਤੇ ਰੋਹੀ ਸਿੰਘ ਮੰਗਵਾਲ ਦੀ ਅਗਵਾਈ ਹੇਠ ਅਨਾਜ ਮੰਡੀ ਵਿੱਚ ਵਿਸ਼ਾਲ ਰੈਲੀ ਕੀਤੀ ਗਈ ਜਿਸ ਤੋਂ ਬਾਅਦ ਪੁਤਲੇ ਚੁੱਕ ਕੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਡੀਸੀ ਦਫ਼ਤਰ ਦੇ ਪਿਛਲੇ ਗੇਟ ਸਾਹਮਣੇ ਰੈਸਟ ਹਾਊਸ ਵਾਲੇ ਚੌਕ ਵਿਚ ਪਿੱਟ ਸਿਆਪਾ ਕੀਤਾ ਗਿਆ। ਰੋਸ ਰੈਲੀ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਅਮਰੀਕਾ ਵਲੋਂ ਵਿਕਾਸਸ਼ੀਲ ਦੇਸ਼ਾਂ ਨਾਲ ਕੀਤੇ ਜਾ ਰਹੇ ਸਮਝੌਤਿਆਂ ਦਾ ਅਸਰ ਪੂਰੀ ਦੁਨੀਆਂ ਦੇ ਲੋਕਾਂ ਉਪਰ ਪਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਦਾ ਰਾਸ਼ਟਰਪਤੀ ਟਰੰਪ ਭਾਰਤ ’ਤੇ ਸਾਮਾਨ ਖਰੀਦਣ ਲਈ ਆਪਣਾ ਦਬਾਅ ਪਾ ਰਿਹਾ ਹੈ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸਰਬਜੀਤ ਸਿੰਘ ਵੜੈਚ, ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ , ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲਾਵਾਲ, ਮਨਜੀਤ ਸਿੰਘ ਘਰਾਚੋਂ, ਰਣਜੀਤ ਸਿੰਘ ਲੌਂਗੋਵਾਲ, ਹਰਬੰਸ ਸਿੰਘ ਲੱਡਾ, ਮਿਸਰਾ ਸਿੰਘ ਨਿਹਾਲਗੜ, ਔਰਤ ਆਗੂ ਜਸਵਿੰਦਰ ਕੌਰ ਮਹਿਲਾਂ ਚੌਕ ਨੇ ਵੀ ਸੰਬੋਧਨ ਕੀਤਾ।
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ ਕੌਮੀ ਪੱਧਰ ਦੇ ਸੱਦੇ ’ਤੇ ਅਮਰੀਕਾ ਵੱਲੋਂ ਕਰ ਮੁਕਤ ਵਪਾਰ ਦੇ ਵਿਰੋਧ ਵਿਚ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਟਰੰਪ ਤੇ ਮੋਦੀ ਸਰਕਾਰ ਦਾ ਪੁਤਲਾ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਸਾੜਿਆ ਗਿਆ। ਇਸ ਦੇ ਨਾਲ ਹੀ ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਦੀ ਵਾਪਸ ਲਈ ਗਈ ਲੈਂਡ ਪੂਲਿੰਗ ਪਾਲਿਸੀ ਦਾ ਨੋਟੀਫ਼ਿਕੇਸ਼ਨ ਰੱਦ ਕਰਨ ਦੀ ਮੰਗ ’ਤੇ ਜ਼ੋਰ ਦਿੱਤਾ ਗਿਆ। ਅੱਜ ਦੇ ਐਕਸ਼ਨ ਦੌਰਾਨ ਇਲਾਵਾ ਬਲਰਾਜ ਜੋਸ਼ੀ, ਬੂਟਾ ਸਿੰਘ ਸ਼ਾਦੀਪੁਰ, ਦਵਿੰਦਰ ਸਿੰਘ ਪੂਨੀਆ, ਜਗਮੇਲ ਸਿੰਘ ਸੁਧੇਵਾਲ, ਸੁਖਮਿੰਦਰ ਸਿੰਘ ਬਾਰਨ, ਹਰਬੰਸ ਸਿੰਘ ਦਦਹੇੜਾ, ਹਰਭਗਵਾਨ ਸਿੰਘ ਤੇ ਸੁਰਿੰਦਰ ਸਿੰਘ ਖ਼ਾਲਸਾ ਆਦਿ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਰਾਜੇਵਾਲ ਜਥੇਬੰਦੀ ਵੱਲੋਂ ਅੱਜ ਇੱਥੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਪੁਰਾਣੇ ਬੱਸ ਅੱਡੇ ਨੇੜੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਬੀਕੇਯੂ ਰਾਜੇਵਾਲ ਦੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਤੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਨੇ ਕਿਹਾ ਅਮਰੀਕਾ ਆਪਣੇ ਸੰਸਾਰ ਪੱਧਰੀ ਕਾਰਪੋਰੇਟ ਘਰਾਣਿਆਂ ਪੱਖੀ ਵਪਾਰਕ ਸਮਝੌਤੇ ਭਾਰਤ ਸਮੇਤ ਏਸ਼ਿਆਈ ਮੁਲਕਾਂ ’ਤੇ ਧੱਕੇ ਨਾਲ ਥੋਪ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਜੇ ਮੁਕਤ ਵਪਾਰਕ ਸਮਝੌਤੇ ਰੱਦ ਨਾ ਕੀਤੇ ਗਏ ਤਾਂ ਇਸ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਵੱਲੋਂ ਵਾਪਸ ਲੈਣ ਦੇ ਫੈਸਲੇ ਨੂੰ ਕਿਸਾਨ ਸੰਘਰਸ਼ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਨੋਟੀਫਿਕੇਸ਼ਨ ਰੱਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਸੁਖਦੇਵ ਸਿੰਘ ਭਵਾਨੀਗੜ੍ਹ, ਕਿਸਾਨ ਆਗੂ ਕਸ਼ਮੀਰ ਸਿੰਘ ਘਰਾਚੋਂ, ਚਮਕੌਰ ਸਿੰਘ ਭੱਟੀਵਾਲ, ਸੁਖਵਿੰਦਰ ਸਿੰਘ ਕਪਿਆਲ ਤੇ ਜਗਤਾਰ ਸਿੰਘ ਤੂਰ ਆਦਿ ਹਾਜ਼ਰ ਸਨ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕਾਰਕੁਨਾਂ ਨੇ ਪ੍ਰਧਾਨ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦਾ ਪੁਤਲਾ ਸਾੜਿਆ ਗਿਆ। ਸਥਾਨਕ ਐੱਸਡੀਐੱਮ ਦਫ਼ਤਰ ਅੱਗੇ ਰੋਹ ਭਰਪੂਰ ਧਰਨਾ ਦਿੰਦਿਆਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਬਿੰਦਰਪਾਲ ਛਾਜਲੀ, ਕੁੱਲ ਹਿੰਦ ਕਿਸਾਨ ਸਭਾ ਦੇ ਕਾਮਰੇਡ ਵਰਿੰਦਰ ਕੌਸ਼ਿਕ, ਐਡਵੋਕੇਟ ਮਿੱਤ ਸਿੰਘ ਜਨਾਲ ਤੇ ਭਰਭੂਰ ਸਿੰਘ ਦੁੱਗਾਂ ਹੋਰਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ, ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਚਾਹੁੰਦੀ ਹੈ, ਇਹ ਵਪਾਰ ਸਮਝੌਤਾ ਖੇਤੀ ਖੇਤਰ ਨੂੰ ਤਬਾਹ ਕਰਕੇ ਰੱਖ ਦੇਣਗੇ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ ਨੇ ਸਬ ਡਿਵੀਜ਼ਨ ਕੰਪਲੈਕਸ ਪਾਤੜਾਂ ’ਚ ਭਾਰਤ ਅਮਰੀਕਾ ਵਿਚਾਲੇ ਮੁਕਤ ਵਪਾਰ ਸਮਝੌਤਿਆਂ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕੁਲ ਹਿੰਦ ਕਿਸਾਨ ਸਭਾ 1936 ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੈਂਕੜਿਆਂ ਦੀ ਗਿਣਤੀ ਵਿੱਚ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਪੁਤਲਾ ਫੂਕਿਆ।
ਕਿਸਾਨ ਆਗੂ ਹਰਭਜਨ ਸਿੰਘ ਬੁੱਟਰ, ਕੁਲਵੰਤ ਸਿੰਘ ਮੌਲਵੀਵਾਲਾ, ਅਮਰੀਕ ਸਿੰਘ ਘੱਗਾ ਅਤੇ ਗੁਰਵਿੰਦਰ ਸਿੰਘ ਦੇਧਨਾ ਨੇ ਕਿਹਾ ਕਿ ਸਾਮਰਾਜੀ ਦੇਸ਼ਾਂ ’ਚ ਅਮਰੀਕਾ ਦੀਆਂ ਲੋਕ ਮਾਰੂ ਗਲਤ ਆਰਥਿਕ ਨੀਤੀਆਂ ਨੂੰ ਕਰਕੇ ਮਹਿੰਗਾਈ ਵਧ ਰਹੀ ਹੈ।
ਧੂਰੀ (ਬੀਰਬਲ ਰਿਸ਼ੀ): ਐੱਸਡੀਐੱਮ ਦਫ਼ਤਰ ਧੂਰੀ ਅੱਗੇ ਸੰਯੁਕਤ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਨੇ ਹਾਲ ਹੀ ਦੌਰਾਨ ਭਾਰਤ ’ਤੇ ਲਗਾਏ ਟੈਰਿਫ਼ ਵਿਰੁੱਧ ਮੋਦੀ-ਟਰੰਪ ਦੇ ਪੁਤਲੇ ਫੂਕੇ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ੁਮਾਰ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਮੇਜਰ ਸਿੰਘ ਪੁੰਨਾਵਾਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਭਾਕਿਯੂ ਰਾਜੇਵਾਲ ਦੇ ਸਹਾਇਕ ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਜੱਖਲਾਂ ਤੇ ਗੁਰਜੀਤ ਸਿੰਘ ਭੜੀਮਾਨਸਾ ਆਦਿ ਨੇ ਸੰਬੋਧਨ ਕੀਤਾ।
ਨਾਭਾ (ਮੋਹਿਤ ਸਿੰਗਲਾ): ਐੱਸਡੀਐੱਮ ਦਫਤਰ ਦੇ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪੁਤਲੇ ਫੂਕੇ ਗਏ। ਇਸ ਰੋਸ ਪ੍ਰਦਰਸ਼ਨ ਵਿਚ ਹਰਦੀਪ ਸਿੰਘ ਘਨੂੰੜਕੀ ਆਦਿ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ।
ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਨੇ ਸਾਂਝੇ ਤੌਰ ’ਤੇ ਰਾਜਪੁਰਾ ਐੱਸਡੀਐੱਮ ਦਫਤਰ ਦੇ ਸਾਹਮਣੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪੁਤਲੇ ਫੂਕੇ। ਇਸ ਮੌਕੇ ਕਿਸਾਨ ਆਗੂ ਹਰਿੰਦਰ ਸਿੰਘ ਲਾਖਾ, ਗੁਰਵਿੰਦਰ ਸਿੰਘ ਧੂੰਮਾ, ਦਵਿੰਦਰ ਸਿੰਘ ਸੀਲ਼, ਲਸ਼ਕਰ ਸਿੰਘ ਤੇ ਸਰਦਾਰਾ ਸਿੰਘ ਘੁੰਗਰਾ ਆਦਿ ਨੇ ਸੰਬੋਧਨ ਕੀਤਾ।