ਭਾਜਪਾ ਵਿੱਚ ਸ਼ਾਮਲ ਹੋਏ ਸੱਤ ਰਾਜ ਸਭਾ ਮੈਂਬਰਾਂ ਦੇ ਪੁਤਲੇ ਫੂਕਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਸ਼ਹਿਰ ਵਿੱਚ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਇਨ੍ਹਾਂ ਸੱਤ ਰਾਜ ਸਭਾ ਮੈਂਬਰਾਂ ਨੂੰ ਗੱਦਾਰ ਕਰਾਰ ਦਿੰਦਿਆਂ ਨਾਅਰੇਬਾਜ਼ੀ ਕੀਤੀ ਗਈ ਅਤੇ ਇਕਜੁੱਟ ਹੋ ਕੇ ਇਨ੍ਹਾਂ ਵਿਰੁੱਧ ਲੜਨ ਦਾ ਅਹਿਦ ਲਿਆ।
ਇਸ ਮੌਕੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਸੰਬੋਧਨ ਕੀਤਾ। ਡਾ. ਮਿੰਕੂ ਜਵੰਧਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜਿਹੜੇ ਆਗੂਆਂ ਨੂੰ ਰਾਜ ਸਭਾ ਦੇ ਮੈਂਬਰ ਬਣਾ ਕੇ ਮਾਣ ਸਨਮਾਨ ਦਿੱਤਾ ਸੀ, ਉਨ੍ਹਾਂ ਆਗੂਆਂ ਨੇ ਜਿਥੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਉਥੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਵੱਡਾ ਧਰੋਹ ਕਮਾਉਣ ਵਾਲੇ ਇਨ੍ਹਾਂ ਆਗੂਆਂ ਨੂੰ ਲੋਕ ਕਦੇ ਵੀ ਮੂਆਫ਼ ਨਹੀਂ ਕਰਨਗੇ ਅਤੇ ਹਰ ਮੋੜ ’ਤੇ ਲੋਕਾਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ। ਡਾ. ਜਵੰਧਾ ਨੇ ਕਿਹਾ ਕਿ ਪੰਜਾਬ ਹਮੇਸ਼ਾ ਯੋਧਿਆਂ, ਸੂਰਬੀਰਾਂ ਅਤੇ ਅਣਖੀਲੇ ਲੋਕਾਂ ਦੀ ਧਰਤੀ ਰਿਹਾ ਹੈ, ਜਿੱਥੇ ਗੱਦਾਰਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਇਨ੍ਹਾਂ ਦਾ ਅਸਲੀ ਚਿਹਰਾ ਜਨਤਾ ਦੇ ਸਾਹਮਣੇ ਨਹੀਂ ਆਉਂਦਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ, ਸਰਪੰਚ ਦਲਜੀਤ ਸਿੰਘ ਘਰਾਚੋਂ, ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਅਵਤਾਰ ਸਿੰਘ ਝਨੇੜੀ, ਮਹਿਲਾ ਆਗੂ ਹਰਮਨਦੀਪ ਕੌਰ ਆਦਿ ਮੌਜੂਦ ਸਨ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਭਾਜਪਾ ’ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਨੂੰ ਗੱਦਾਰ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪਾਰਟੀ ਦੇ ਪਟਿਆਲਾ ਦੇ ਲੋਕ ਸਭਾ ਹਲਕੇ ਦੇ ਇੰਚਾਰਜ ਤੇ ਪੰਜਾਬ ਐਗਰੋ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੇਨ ਬਲਜਿੰਦਰ ਸਿੰਘ ਢਿੱਲੋਂ ਅਤੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੇਨ ਹਰਪਾਲ ਸਿੰਘ ਵਿਰਕ ਦੀ ਅਗਵਾਈ ਹੇਠ ਇਥੇ ਖੰਡਾ ਚੌਕ ’ਤੇ ਪ੍ਰਦਰਸ਼ਨ ਕਰਦਿਆਂ ਪੁਤਲੇ ਸਾੜੇ ਗਏ। ਇਸ ਤੋਂ ਪਹਿਲਾਂ ਇਨ੍ਹਾਂ ਵਰਕਰਾਂ ਨੇ ਬਲਜਿੰਦਰ ਢਿੱਲੋਂ ਦੀ ਅਗਵਾਈ ਹੇਠਾਂ ਰੋਸ ਮਾਰਚ ਵੀ ਕੀਤਾ ਤੇ ਫੇਰ ਖੰਡ ਚੌਕ ’ਚ ਪੁਤਲੇ ਸਾੜੇ। ਇਸ ਮੌਕੇ ’ਤੇ ਬੋਲਦਿਆਂ ਬਲਜਿੰਦਰ ਢਿੱਲੋਂ ਦਾ ਕਹਿਣਾ ਸੀ ਕਿ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲੇ ਰਾਜ ਸਭਾ ਮੈਂਬਰਾਂ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਮਾਰਕੀਟ ਕਮੇਟੀ ਦੇ ਚੇਅਰਮੈਨ ਦੀਪਕ ਸੂਦ, ਮੀਡੀਆ ਸਲਾਹਕਾਰ ਗੱਜਣ ਸਿੰਘ, ਪ੍ਰਿੰਸ ਲਾਂਬਾ, ਐੱਸ ਕੇ ਚਰਨਜੀਤ ਆਦਿ ਹਾਜ਼ਰ ਸਨ। ਇਸ ਦੌਰਾਨ ‘ਆਪ’ ਦੀ ਸ਼ਹਿਰੀ ਇਕਾਈ ਪਟਿਆਲਾ ਵੱਲੋਂ ਵੀ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਸੰਘਣੇ ਬਾਜ਼ਾਰ ਅਨਾਰ ਦਾਣਾ ਚੌਕ ਵਿੱਚ ਰੋਸ ਪ੍ਰਰਦਰਸ਼ਨ ਕੀਤਾ ਗਿਆ। ਇਸ ਮੌਕੇ ਪਟਿਆਲਾ ਸ਼ਹਿਰੀ ਹਲਕੇ ਤੋਂ ‘ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਮਹਿਲਾ ਵਿੰਗ ਦੇ ਮਾਲਵਾ ਜ਼ੋਨ ਦੀ ਪ੍ਰਧਾਨ ਵੀਰਪਾਲ ਕੌਰ ਸਮੇਤ ਕਈ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਅਗਰਸੈਨ ਚੌਕ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਰਾਜ ਸਭਾ ਮੈਂਬਰਾਂ ਦੇ ਪੁਤਲੇ ਸਾੜੇ ਗਏ।
ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਭਾਜਪਾ ਹਮੇਸ਼ਾ ਤੋਂ ਹੀ ਪੰਜਾਬ ਅਤੇ ਕਿਸਾਨ ਵਿਰੋਧੀ ਰਹੀ ਹੈ, ਪਰ ਭਾਜਪਾ ਨੂੰ ਇਹ ਭੁਲੇਖਾ ਦੂਰ ਕਰ ਦੇਣਾ ਚਾਹੀਦਾ ਕਿ 7 ਰਾਜ ਸਭਾ ਮੈਂਬਰਾਂ ਨੂੰ ਤੋੜ ਕੇ ਉਹ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋ ਜਾਵੇਗੀ। ਇਸ ਮੌਕੇ ਸੀਮਾ ਗੋਇਲ, ਗੌਰਵ ਗੋਇਲ ,ਓ ਐੱਸ ਡੀ ਰਾਕੇਸ਼ ਕੁਮਾਰ ਗੁਪਤਾ, ‘ਆਪ’ ਆਗੂ ਅਜੈ ਕੁਮਾਰ ਹਾਜ਼ਰ ਸਨ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਇੱਥੇ ਅਮਨ ਅਰੋੜਾ ਦੀ ਟੀਮ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਵਰਕਰਾਂ ਨੇ ਭਾਜਪਾ ਵਿੱਚ ਗਏ ਰਾਜ ਸਭਾ ਮੈਂਬਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਾਹਿਲ ਗਿੱਲ, ਮਨੀ ਸਰਾਓ, ਭਾਨੂ ਪ੍ਰਤਾਪ, ਯਾਦਵਿੰਦਰ ਨਿਰਮਾਣ, ਹਰਵਿੰਦਰ ਨਾਮਧਾਰੀ, ਸੋਨੂੰ ਵਰਮਾ, ਨਿਰਮਲਾ ਦੇਵੀ, ਗੁਰਚਰਨ ਸਿੰਘ, ਬਲਾਕ ਪ੍ਰਧਾਨ ਜਗਵੀਰ ਅਕਬਰਪੁਰ ਆਦਿ ਹਾਜ਼ਰ ਸਨ।
ਪਟਿਆਲਾ ਵਿੱਚ ਮੁਜ਼ਾਹਰਾ ਕਰਦੇ ਹੋਏ ‘ਆਪ’ ਆਗੂ। ਅਮਰਗੜ੍ਹ (ਸੁਖਵਿੰਦਰ ਸਿੰਘ ਅਟਵਾਲ): ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਹੇਠ ਮੁਜ਼ਾਹਰਾ ਕਰਨ ਮਗਰੋਂ ਭਾਜਪਾ ’ਚ ਗਏ ਰਾਜ ਸਭਾ ਮੈਂਬਰਾਂ ਦੇ ਪੁਤਲੇ ਫੂਕੇ ਗਏ। ਦਾਣਾ ਮੰਡੀ ਵਿੱਚ ਰੋਸ ਪ੍ਰਦਰਸ਼ਨ ਮਗਰੋਂ ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਪਾਰਟੀ ਨੂੰ ਧੋਖਾ ਦੇਣ ਵਾਲੇ ਪੰਜਾਬ ਦੀ ਮਿੱਟੀ ਦੇ ਗੱਦਾਰ ਹਨ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕੇਵਲ ਸਿੰਘ ਜਾਗੋਵਾਲ, ਟਰੱਕ ਯੂਨੀਅਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ, ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ ਆਦਿ ਨੇ ਸੰਬੋਧਨ ਕੀਤਾ।

