ਕਿਸਾਨਾਂ ’ਤੇ ਜਬਰ ਖ਼ਿਲਾਫ਼ ਮੁੱਖ ਮੰਤਰੀ ਦੇ ਪੁਤਲੇ ਫੂਕੇ
ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ; ਜਮਹੂਰੀਅਤ ਦਾ ਕਤਲ ਕਰਨ ਦਾ ਦੋਸ਼
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਜ ਜ਼ਿਲ੍ਹਾ ਭਰ ਦੇ ਵੱਖ-ਵੱਖ ਪਿੰਡਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕਦਿਆਂ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਪੰਜਾਬ ਸਰਕਾਰ ਨੂੰ ਕਿਸਾਨ ਵਿਰੋਧੀ ਗਰਦਾਨਦਿਆਂ ਨਾਅਰੇਬਾਜ਼ੀ ਕੀਤੀ ਗਈ। ਮੁਜ਼ਾਹਰਾਕਾਰੀ ਕਿਸਾਨ ਲੰਘੇ ਦਿਨ ਬਠਿੰਡਾ ਜਾਣ ਤੋਂ ਰੋਕਣ ਲਈ ਪੁਲੀਸ ਵੱਲੋਂ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ਉਪਰ ਲਾਠੀਚਾਰਜ ਕਰਨ, ਅੱਥਰੂ ਗੈਸ ਦੇ ਗੋਲ੍ਹੇ ਵਰਾਉਣ ਅਤੇ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਤਾਨਾਸ਼ਾਹੀ ਢੰਗ ਨਾਲ ਜਬਰ ਕਰਨ ਤੋਂ ਖਫ਼ਾ ਸਨ। ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਸੰਗਰੂਰ ਦੇ ਕਰੀਬ 85 ਪਿੰਡਾਂ ਵਿੱਚ ਕਿਸਾਨਾਂ ਵੱਲੋਂ ਯੂਨੀਅਨ ਦੇ ਝੰਡੇ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕਦਿਆਂ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਸਰਕਾਰੀ ਜਬਰ ਖਿਲਾਫ਼ ਕਿਸਾਨਾਂ ਨੇ ਆਵਾਜ਼ ਬੁਲੰਦ ਕੀਤੀ। ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ, ਜਸਵੀਰ ਸਿੰਘ ਗੱਗੜਪੁਰ ਅਤੇ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਨੇ ਦੋਸ਼ ਲਾਇਆ ਕਿ ਲੰਘੇ ਦਿਨ ਬਠਿੰਡਾ ਜਾਣ ਤੋਂ ਰੋਕਣ ਲਈ ਪੁਲੀਸ ਵੱਲੋਂ ਸਰਕਾਰ ਦੇ ਕਹਿਣ ’ਤੇ ਕਿਸਾਨਾਂ ’ਤੇ ਜਬਰ ਕੀਤਾ ਗਿਆ।
ਪਿੰਡਾਂ ਅਤੇ ਘਰਾਂ ਵਿੱਚ ਦਾਖਲ ਹੋ ਕੇ ਕਿਸਾਨਾਂ ਨਾਲ ਖਿੱਚ-ਧੂਹ ਕੀਤੀ ਗਈ ਅਤੇ ਜਬਰੀ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਉਪਰ ਪੁਲੀਸ ਰਾਹੀਂ ਜਬਰ ਕਰਕੇ ਪੰਜਾਬ ਸਰਕਾਰ ਨੇ ਜਮਹੂਰੀਅਤ ਦਾ ਗਲ੍ਹਾ ਘੁੱਟਿਆ ਹੈ ਜਿਸਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਜਿੱਥੇ ਪਿੰਡਾਂ ਵਿੱਚ ਮੁੱਖ ਮੰਤਰੀ ਦੇ ਪੁਤਲੇ ਫੂਕੇ ਗਏ, ਉੱਥੇ ਕਿਸਾਨ ਸ਼ਗਨਪ੍ਰੀਤ ਸਿੰਘ ਜਿਊਂਦ ਅਤੇ ਬਲਦੇਵ ਸਿੰਘ ਚਾਉਕੇ ਦੀ ਰਿਹਾਈ ਹੋਣ ਤੇ ਜੇਤੂ ਰੈਲੀਆਂ ਵੀ ਕੀਤੀਆਂ ਗਈਆਂ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਸ਼ਾਂਤਮਈ ਰੋਸ ਪ੍ਰਗਟਾ ਰਹੇ ਕਿਸਾਨਾਂ ਉੱਤੇ ਬੀਤੇ ਦਿਨ ਪੁਲੀਸ ਵੱਲੋਂ ਢਾਹੇ ਜਬਰ ਖ਼ਿਲਾਫ਼ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਇਲਾਕੇ ਦੇ 25 ਪਿੰਡਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।
ਸੂਬਾ ਸਰਕਾਰ ਸੰਘਰਸ਼ ਨੂੰ ਜ਼ੋਰ ਨਾਲ ਦਬਾਅ ਰਹੀ ਹੈ: ਤੋਲਾਵਾਲ
ਚੀਮਾ ਮੰਡੀ (ਸੁਖਜੀਤ ਸਿੰਘ): ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੀ ਸੁਨਾਮ ਬਲਾਕ ਇਕਾਈ ਵੱਲੋਂ ਜਥੇਬੰਦੀ ਦੇ ਸੂਬਾ ਪੱਧਰੀ ਸੱਦੇ ’ਤੇ ਪਿੰਡ ਕਣਕਵਾਲ ਭੰਗੂਆਂ ਅਤੇ ਚੀਮਾ ਮੰਡੀ ਨੇੜਲੇ ਪਿੰਡਾਂ ਵਿੱਚ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕਦਿਆਂ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੌਜੂਦਾ ਸਰਕਾਰ ਜਿੱਥੇ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਨਾਲ ਦੱਬਣਾ ਚਾਹੁੰਦੀ ਹੈ ਉੱਥੇ ਲੋਕਾਂ ਵੱਲੋਂ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ। ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਤਸ਼ੱਦਦ ਦਾ ਹਿਸਾਬ ਸਾਲ 2027 ਦੀਆਂ ਚੋਣਾਂ ਵਿੱਚ ਲਿਆ ਜਾਵੇਗਾ। ਇਸ ਮੌਕੇ ਰਾਮ ਸਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ, ਲਾਲੀ ਦੋਲੇਵਾਲ, ਜੀਤ ਸਿੰਘ ਗੰਢੂਆਂ ਗੁਰਤੇਜ ਸਿੰਘ ਮੈਦੇਵਾਸ, ਜਸਵੀਰ ਕੌਰ ਉਗਰਾਹਾਂ ਅਤੇ ਮਨਜੀਤ ਕੌਰ ਤੋਲਾਵਾਲ ਹਾਜ਼ਰ ਸਨ।

