ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਸਤੰਬਰ
ਹਲਕੇ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਐੱਸਡੀਐੱਮ ਨਵਰੀਤ ਕੌਰ ਸੇਖੋਂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਜ਼ਿਲ੍ਹਾ ਲਾਇਬ੍ਰੇਰੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨੌਜਵਾਨ ਪੀੜ੍ਹੀ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਦੇ ਕੀਤੇ ਜਾ ਰਹੇ ਸਾਰਥਕ ਉਪਰਾਲਿਆਂ ਦੀ ਲੜੀ ਤਹਿਤ ਸ਼ਹਿਰ ਵਿਚਲੀ ਜ਼ਿਲ੍ਹਾ ਲਾਇਬ੍ਰੇਰੀ ਨੂੰ ਡਿਜੀਟਲ ਲਾਇਬ੍ਰੇਰੀ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕੰਮ ਇੱਕ ਮਹੀਨੇ ਦੇ ਅੰਦਰ ਸ਼ੁਰੂ ਹੋ ਜਾਣਗੇ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਲਾਇਬ੍ਰੇਰੀ ਦੀ ਕਾਇਆਕਲਪ ਕਰਨ ਲਈ 75 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੁਝ ਹੀ ਮਹੀਨਿਆਂ ਅੰਦਰ ਇਸ ਲਾਇਬ੍ਰੇਰੀ ਨੂੰ ਡਿਜੀਟਲ ਲਾਇਬ੍ਰੇਰੀ ਵਿੱਚ ਤਬਦੀਲ ਕਰਨ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਬੀਬੀ ਭਰਾਜ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਵੱਲੋਂ ਇਸ ਲਾਇਬ੍ਰੇਰੀ ਦਾ ਦੌਰਾ ਕਰਦਿਆਂ ਇੱਥੇ ਪੜ੍ਹ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਵਿਦਿਆਰਥੀਆਂ ਦੀ ਮੰਗ ’ਤੇ ਉਨ੍ਹਾਂ ਭਰੋਸਾ ਦਿਵਾਇਆ ਸੀ ਕਿ ਜਲਦੀ ਹੀ ਇਸ ਲਾਇਬ੍ਰੇਰੀ ਦੇ ਨਵੀਨੀਕਰਨ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ। ਵਿਧਾਇਕ ਨੇ ਕਿਹਾ ਕਿ ਡਿਜੀਟਲ ਲਾਇਬ੍ਰੇਰੀ ਬਣਨ ਨਾਲ ਵਿਦਿਆਰਥੀ ਆਧੁਨਿਕ ਸੁਵਿਧਾਵਾਂ ਪ੍ਰਾਪਤ ਕਰਦੇ ਹੋਏ ਹੋਰ ਵੀ ਵਧੀਆ ਅਤੇ ਉਸਾਰੂ ਮਾਹੌਲ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਵਿੱਚ ਪਈਆਂ ਪੁਰਾਤਨ, ਦੁਰਲੱਭ ਪੁਸਤਕਾਂ, ਰੈਫਰੈਂਸ ਮੈਗਜ਼ੀਨ ਅਤੇ ਰਸਾਲਿਆਂ ਨੂੰ ਵੀ ਸੁਰੱਖਿਅਤ ਢੰਗ ਨਾਲ ਸੰਭਾਲਿਆ ਜਾ ਸਕੇਗਾ। ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਬੱਚਿਆਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਰੋਸ਼ਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਦੇ ਨਵੀਨੀਕਰਨ ਦੇ ਕੰਮ ਦੌਰਾਨ ਬਦਲਵੇਂ ਪ੍ਰਬੰਧ ਵਜੋਂ ਲਾਇਬ੍ਰੇਰੀ ਨੂੰ ਸੁਨਾਮ ਰੋਡ ਉੱਤੇ ਸਥਿਤ ਇੰਪਰੂਵਮੈਂਟ ਟਰੱਸਟ ਸੰਗਰੂਰ ਦੇ ਹਾਲ ਵਿੱਚ ਤਬਦੀਲ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਅੜਿੱਕਾ ਨਾ ਪੈਦਾ ਹੋ ਸਕੇ।