ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 22 ਅਕਤੂਬਰ
ਈਜੀਐੱਸ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਵਿੰਦਰ ਸਿੰਘ ਨੇ ਦੱਸਿਆ ਕਿ ਈਜੀਐੱਸ ਤੇ ਏਆਈਈ ਅਧਿਆਪਕਾਂ ਦੀ ਮਿਹਨਤ ਸਦਕਾ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਇਨਰੌਲਮੈਂਟ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਹੀ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਘੱਟ ਰਹੀ ਗਿਣਤੀ ਨੂੰ ਰੋਕਣ ਵਿੱਚ ਵੱਡਾ ਯੋਗਦਾਨ ਪਾਇਆ ਹੈ, ਪਰ ਅੱਜ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਜਾ ਰਹੀ ਹੈ ਤਾਂ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕੱਚੇ ਅਧਿਆਪਕਾਂ ਲਈ ਬਣੀ ਪਾਲਸੀ ਵਿਚ ਲਗਾਤਾਰ ਦਸ ਸਾਲ ਵਾਲੀ ਸ਼ਰਤ ਲਗਾ ਕੇ ਇਕ ਵਾਰ ਫਿਰ ਨਿਰਾਸ਼ ਕੀਤਾ ਹੈ।
ਈਜੀਐੱਸ ਅਧਿਆਪਕ ਕਰਮਜੀਤ ਕੌਰ, ਗੁਰਵਿੰਦਰ ਕੌਰ ਤੇ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੇਵਾਵਾਂ ਨਿਭਾਉਂਦੇ ਹੋਏ 18-18 ਸਾਲ ਹੋ ਚੁੱਕੇ ਹਨ ਪਰ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਅਣਗੌਲਿਆਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇ ਸਰਕਾਰ ਹੁਣ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਹੀ ਲੱਗੀ ਹੈ ਤਾਂ ਈਜੀਐੱਸ ਅਧਿਆਪਕਾਂ ਨਾਲ ਕਾਣੀ ਵੰਡ ਕਿਉਂ ਕੀਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ।