ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਅਗਸਤ
ਜ਼ਿਲ੍ਹਾ ਸੰਗਰੂਰ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 8 ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਆਮ ਆਦਮੀ ਕਲੀਨਿਕਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਅਧਿਕਾਰੀਆਂ ਨੂੰ 8 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਨੂੰ ਸਥਾਪਤ ਕਰਨ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਆਦੇਸ਼ ਦਿੱਤੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸਫ਼ਲਤਾ ਨਾਲ ਚੱਲ ਰਹੇ 29 ਆਮ ਆਦਮੀ ਕਲੀਨਿਕਾਂ ਰਾਹੀਂ ਵੱਡੀ ਗਿਣਤੀ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਮਿਲਣ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਖੁਦ ਵੀ ਸਮੇਂ ਸਮੇਂ ’ਤੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਦੀ ਜਾਂਚ ਕਰਕੇ ਲੋਕਾਂ ਤੋਂ ਫੀਡਬੈਕ ਲੈਂਦੇ ਰਹਿੰਦੇ ਹਨ ਅਤੇ ਜ਼ਿਲ੍ਹੇ ਦੇ ਵਸਨੀਕ ਸਰਕਾਰ ਦੇ ਇਸ ਉਪਰਾਲੇ ਤੋਂ ਸੰਤੁਸ਼ਟ ਨਜ਼ਰ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜ਼ਿਲ੍ਹੇ ਦੇ 2 ਸਬਸਿਡਰੀ ਸਿਹਤ ਕੇਂਦਰਾਂ ਨੂੰ ਅਪਗਰੇਡ ਕੀਤਾ ਜਾਣਾ ਹੈ ਜਦ ਕਿ 6 ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣੇ ਹਨ, ਜਿਸ ਲਈ ਸਬੰਧਤ ਕਾਰਜਕਾਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਲੋੜੀਂਦੇ ਕਦਮ ਪੁੱਟੇ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਦੇ ਸ਼ਹਿਰੀ ਖੇਤਰ ਵਿੱਚ 2, ਸਿਹਤ ਬਲਾਕ ਸ਼ੇਰਪੁਰ ਵਿੱਚ 1 (ਦਿਹਾਤੀ), ਲੌਂਗੋਵਾਲ ਵਿੱਚ 1 (ਦਿਹਾਤੀ), ਖਨੌਰੀ, ਮੂਨਕ, ਦਿੜ੍ਹਬਾ ਤੇ ਚੀਮਾ ਦੇ ਸ਼ਹਿਰੀ ਖੇਤਰਾਂ ਵਿੱਚ 1-1 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ।