ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਫਰਵਰੀ
20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼ਾਮ ਛੇ ਵਜੇ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਹਲਕੇ ਅੰਦਰ ਕੋਈ ਵੀ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ ਅਤੇ ਹਲਕੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਉਸ ਹਲਕੇ ਵਿੱਚ ਨਹੀਂ ਹੋਣੀ ਚਾਹੀਦੀ।
ਹੁਕਮਾਂ ਅਨੁਸਾਰ ਚੋਣ ਪ੍ਰਚਾਰ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਉਨ੍ਹਾਂ ਦੀ ਮੌਜੂਦਗੀ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਮਾਹੌਲ ਨੂੰ ਖਰਾਬ ਕਰ ਸਕਦੀ ਹੈ। ਇਹ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਰਾਮਵੀਰ ਨੇ ਕ੍ਰਿਮੀਨਲ ਪ੍ਰੋਸੀਜ਼ਰ ਕੋਡ, 1973 (ਸੀਆਰਪੀਸੀ) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਸ ਹੁਕਮ ਰਾਹੀਂ ਹਲਕੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਉਹ ਹਲਕੇ ’ਚੋਂ ਚਲੇ ਜਾਣ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕ੍ਰਿਮੀਨਲ ਪ੍ਰੋਸੀਜ਼ਰ ਕੋਡ, 1973 (ਸੀਆਰਪੀਸੀ) ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 10 ਮਾਰਚ 2022 ਤੱਕ ਲਾਗੂ ਰਹਿਣਗੇ।