ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਜੂਨ
ਸੰਗਰੂਰ ਸੰਸਦੀ ਹਲਕੇ ਦੀ ਉਪ ਚੋਣ ਜਿੱਤਣ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਚੋਣ ਨਤੀਜੇ ਨਾਲ ਪੰਜਾਬ ਦੀ ਸਿਆਸਤ ਵਿੱਚ ਤਬਦੀਲੀ ਆਵੇਗੀ। ਉਨ੍ਹਾਂ ਕਿਹਾ ਕਿ ਪੰਥ ਦਾ ਭਵਿੱਖ ਸੁਨਹਿਰੀ ਹੈ ਅਤੇ ਚੰਗੇ ਦਿਨ ਆਉਣਗੇ।
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਮਰਹੂਮ ਅਦਾਕਾਰ ਦੀਪ ਸਿੱਧੂ ਅਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਹੈ। ਸੰਗਰੂਰ ਦੇ ਲੋਕਾਂ ਨੇ ਬਹਾਦਰੀ ਨਾਲ ਉਨ੍ਹਾਂ ਦੇ ਹੱਕ ਵਿੱਚ ਫ਼ਤਵਾ ਦੇ ਕੇ ਕਾਂਗਰਸ, ਭਾਜਪਾ, ‘ਆਪ’ ਅਤੇ ਆਰਐੱਸਐੱਸ ਨੂੰ ਖੂੰਜੇ ਲਗਾ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ, ‘‘ਮਾਲਵੇ ਦੇ ਲੋਕਾਂ ਨੇ ਮੇਰੇ ਉੱਪਰ ਕਿਰਪਾ ਕੀਤੀ ਹੈ ਅਤੇ ਮੈਨੂੰ ਆਪਣਾ ਨੁਮਾਇੰਦਾ ਚੁਣਿਆ ਹੈ। ਹੁਣ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਮੇਰੀ ਡਿਊਟੀ ਹੈ।’’ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਨੇ ਸਿੱਧੂ ਮੂਸੇਵਾਲਾ ਦੇ ਗੀਤ ਐੱਸਵਾਈਐੱਲ ਨੂੰ ਯੂ-ਟਿਊਬ ਤੋਂ ਹਟਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਵਿਚਾਰਾਂ ਦੇ ਪ੍ਰਗਟਾਵੇ ਦੀ ਉਲੰਘਣਾ ਹੈ, ਜਦੋਂ ਕਿ ਵਿਚਾਰਾਂ ਦਾ ਪ੍ਰਗਟਾਵਾ ਇਕ ਸੰਵਿਧਾਨਕ ਹੱਕ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਈ ਜਾਵੇਗੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।
ਉਨ੍ਹਾਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਚਾਰ ਸਾਲਾਂ ਦੀ ਨੌਕਰੀ ਦੌਰਾਨ ਨੌਜਵਾਨ ਕੀ ਸਿੱਖਣਗੇ? ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਨੂੰ ਜਬਰਨ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ। ਕੇਂਦਰ ਸਰਕਾਰ ਜਾਣਬੁੱਝ ਕੇ ਅਜਿਹੇ ਕਾਨੂੰਨ ਪਾਸ ਕਰ ਰਹੀ ਹੈ, ਜਿਸ ਨਾਲ ਸਿੱਖਾਂ ਅਤੇ ਮੁਸਲਮਾਨਾਂ ਦਾ ਭਾਰਤ ਵਿੱਚ ਰਹਿਣਾ ਮੁਸ਼ਕਿਲ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਨੇ ਕਿਹਾ ਕਿ ਮੁਸਲਮਾਨਾਂ ਦੇ ਘਰ ਢਾਹੇ ਜਾ ਰਹੇ ਹਨ ਤੇ ਦੇਸ਼ ਵਿੱਚ ਮੁਸਲਮਾਨ ਸੁਰੱਖਿਅਤ ਨਹੀਂ ਹਨ। ਕਸ਼ਮੀਰ ਵਿੱਚ ਮੁਸਲਮਾਨਾਂ ਉੱਪਰ ਜਬਰ ਹੋ ਰਿਹਾ ਹੈ ਪ੍ਰੰਤੂ ਸੰਵਿਧਾਨ ਕਿਸੇ ਦੀ ਆਜ਼ਾਦੀ ਜਾਂ ਜਾਨ ਲੈਣ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਉਹ ਘੱਟ ਗਿਣਤੀਆਂ ਉੱਪਰ ਹੋ ਰਹੇ ਜਬਰ ਖ਼ਿਲਾਫ਼ ਅਤੇ ਹੋਰ ਅਹਿਮ ਮੁੱਦਿਆਂ ’ਤੇ ਦੇਸ਼ ਦੀ ਸੰਸਦ ਵਿੱਚ ਆਵਾਜ਼ ਉਠਾਉਣਗੇ।
‘