ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 23 ਜਨਵਰੀ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਮਿਤੀਆਂ ਦੇ ਐਲਾਨ ਤੋਂ ਬਾਅਦ ਨਗਰ ਕੌਂਸਲ ਸੁਨਾਮ ਦੀ ਹਦੂਦ ਅੰਦਰ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਇਸ ਸਬੰਧੀ ਮਨਜੀਤ ਕੌਰ ਰਿਟਰਨਿੰਗ ਅਫਸਰ ਨਗਰ ਕੌਂਸਲ ਚੋਣਾਂ 2021 ਕਮ ਉਪ ਮੰਡਲ ਮੈਜਿਸਟਰੇਟ ਸੁਨਾਮ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਦਾ ਕਾਰਜ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸੁਨਾਮ ਦੇ 23 ਵਾਰਡਾਂ ਲਈ ਚੋਣ ਹੋਵੇਗੀ। ਇਨ੍ਹਾਂ ਚੋਣਾਂ ਲਈ ਸਬੰਧਤ ਵਿਭਾਗਾਂ ਦੇ ਅਫ਼ਸਰਾਂ ਨੂੰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ ਤੋਂ 3 ਫਰਵਰੀ ਨੂੰ ਸਵੇਰੇ 11.00 ਵਜੇ ਤੋਂ 3.00 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਵੇਗੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ ਹੈ ਅਤੇ ਇਸੇ ਤਰੀਕ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ 12 ਫਰਵਰੀ ਨੂੰ ਸ਼ਾਮ 5 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ 14 ਫਰਵਰੀ ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 2021 ਨੂੰ ਕੀਤੀ ਜਾਵੇਗੀ।