ਬਿਜਲੀ ਮੁਲਾਜ਼ਮਾਂ ਵੱਲੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ
ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜਨੀਅਰਜ਼ ਦੇ ਸਾਂਝੇ ਫਰੰਟ ਵੱਲੋਂ ਸਮੁੱਚੇ ਪੰਜਾਬ ਅੰਦਰ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਤੋਂ ਆਪਣੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਮੰਗਾਂ ਸਬੰਧੀ ਸਰਕੂਲਰ ਜਾਰੀ ਕਰਵਾਉਣ ਬਾਰੇ ਸਮੂਹਿਕ ਛੁੱਟੀ ’ਤੇ ਜਾ ਕੇ ਸ਼ੂਰੂ ਕੀਤੀ ਤਿੰਨ ਰੋਜ਼ਾ ਹੜਤਾਲ ਦੇ ਪਹਿਲੇ ਦਿਨ ਬਿਜਲੀ ਮੁਲਾਜ਼ਮਾਂ ਵੱਲੋਂ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਜਿਸ ਵਿੱਚ ਸਮੁੱਚੇ ਫੀਲਡ ਅਤੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਕੰਮਕਾਜ ਠੱਪ ਕ ਰਕੇ ਹੜਤਾਲ ਵਿੱਚ ਸ਼ਮੂਲੀਅਤ ਕੀਤੀ।
ਧਰਨੇ ਨੂੰ ਸਰਕਲ ਪ੍ਰਧਾਨ ਬਿਕਰਮਜੀਤ ਸਿੰਘ, ਨਿਰਭੈ ਸਿੰਘ, ਜੀਵਨ ਸਿੰਘ, ਭੋਲਾ ਸਿੰਘ ਗੱਗੜਪੁਰ, ਕੁਲਵਿੰਦਰ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਮਿੱਠੂ ਸਿੰਘ, ਪਰਮਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਬਖਸ਼ੀਸ਼ ਸਿੰਘ, ਰਾਜਭਿੰਦਰ ਸਿੰਘ, ਗੌਰਵ ਜੋਸ਼ੀ, ਯਸ਼ਪਾਲ ਸ਼ਰਮਾ ਅਤੇ ਪੁਸ਼ਪਿੰਦਰ ਸਿੰਘ ਸੈਣੀ ਆਦਿ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸੂਬਾ ਕਮੇਟੀ ਦੀ ਮੀਟਿੰਗ 2 ਜੂਨ ਨੂੰ ਮੁਹਾਲੀ ਵਿੱਚ ਪਾਵਰਕੌਮ ਮੈਨੇਜਮੈਂਟ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ ਹੋਈ ਸੀ ਅਤੇ ਬਿਜਲੀ ਮੁਲਾਜ਼ਮਾਂ ਦੀਆਂ ਬਹੁਤ ਸਾਰੀਆਂ ਮੰਗਾਂ ਉੱਪਰ ਸਹਿਮਤੀ ਹੋਈ ਸੀ। ਤਕਰੀਬਨ ਮਹੀਨਾ ਬੀਤ ਜਾਣ ਤੋਂ ਬਾਅਦ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਸਮੂਹਿਕ ਛੁੱਟੀ ਨੂੰ ਹੋਰ ਅੱਗੇ ਵਧਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ 15 ਅਗਸਤ ਨੂੰ ਆਜ਼ਾਦੀ ਦਿਵਸ ਵਾਲੇ ਦਿਨ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਜੇਕਰ ਮੁਲਾਜ਼ਮਾਂ ਦੇ ਸਮੂਹਿਕ ਛੁੱਟੀ ’ਤੇ ਜਾਣ ਕਾਰਨ ਪੰਜਾਬ ਅੰਦਰ ਬਿਜਲੀ ਗੁੱਲ ਹੁੰਦੀ ਹੈ ਤੇ ਬਲੈਕਆਊਟ ਹੁੰਦਾ ਹੈ ਤਾਂ ਇਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਦੀ ਹੋਵੇਗੀ। ਸਟੇਜ ਦੀ ਕਾਰਵਾਈ ਨਿਰਭੈ ਸਿੰਘ ਭੱਠਲ ਨੇ ਨਿਭਾਈ ਜਦੋਂਕਿ ਪਰਮਿੰਦਰ ਸਿੰਘ ਨੇ ਸਾਥੀਆਂ ਦਾ ਧੰਨਵਾਦ ਕੀਤਾ।