ਬਿਜਲੀ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਦਿੜ੍ਹਬਾ ਮੰਡੀ (ਰਣਜੀਤ ਸਿੰੰਘ ਸ਼ੀਤਲ): ਬਿਜਲੀ ਮੁਲਾਜ਼ਮਾਂ ਦੇ ਚੱਲ ਰਿਹਾ ਸੰਘਰਸ਼ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਮੁਲਾਜ਼ਮਾਂ ਵੱਲੋਂ ਆਪਣਾ ਦਫ਼ਤਰੀ ਕੰਮ ਕਾਜ ਠੱਪ ਕਰਕੇ ਅੱਜ ਦਿੜ੍ਹਬਾ ਦੇ ਬਿਜਲੀ ਗਰਿੱਡ ਅੱਗੇ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਗੁਰਧੀਰ ਸਿੰਘ ਬਿਜਲਪੁਰ ਅਤੇ ਹੋਰ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਵਾਰ ਵਾਰ ਮੀਟਿੰਗਾਂ ਬੇਸਿੱਟਾ ਰਹਿਣ ਤੋਂ ਬਾਅਦ ਹੀ 11 ਅਗਸਤ ਤੋਂ 13 ਅਗਸਤ ਤੱਕ ਸਮੁੱਚੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਦਫਤਰਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਹ ਮਾਰਚ ਸਮੂਹਿਕ ਛੁੱਟੀ ਨੂੰ ਵਧਾ ਕੇ 14 ਅਗਸਤ 15 ਅਗਸਤ ਨੂੰ ਵੀ ਜਾਰੀ ਰੱਖਿਆ ਜਾਵੇਗਾ ਅਤੇ 15 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਕਾਲੇ ਝੰਡਿਆਂ ਨਾਲ ਰੋਸ ਮਾਰਚ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀ ਖਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਬਿਜਲੀ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਦੇ ਤੀਜੇ ਦਿਨ ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਦਵਿੰਦਰ ਸਿੰਘ ਪਸ਼ੌਰ, ਪੂਰਨ ਸਿੰਘ ਖਾਈ, ਜੰਗੀਰ ਸਿੰਘ ਤੇ ਰਾਮ ਚੰਦਰ ਸਿੰਘ ਖਾਈ ਨੇ ਦੱਸਿਆ ਕਿ ਸਰਕਾਰ ਇੱਕ ਪਾਸੇ ਤਾਂ ਬਿਆਨ ਦੇ ਰਹੀ ਹੈ ਕਿ ਬਿਜਲੀ ਮੁਲਾਜ਼ਮਾਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਹਨ ਪਰ ਹਰ ਵਾਰ ਦੀ ਤਰ੍ਹਾਂ 6 ਜੂਨ ਦੀ ਮੀਟਿੰਗ ਨੂੰ ਮੰਗਾਂ ਮੰਨਣ ਤੋਂ ਦੋ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਮੁਲਾਜ਼ਮਾਂ ਨੂੰ ਕੋਈ ਲਿਖਤੀ ਪੱਤਰ ਜਾਰੀ ਨਹੀਂ ਕਰ ਸਕੀ। ਹੁਣ ਸੰਘਰਸ਼ ਨੂੰ ਅੱਗੇ ਵਾਧਾ ਕਰਦੇ ਹੋਏ 14 ਤੇ 15 ਅਗਸਤ ਨੂੰ ਨੂੰ ਸਮੁੱਚੇ ਪੰਜਾਬ ਵਿੱਚ ਬਿਜਲੀ ਮੁਲਾਜ਼ਮ ਛੁੱਟੀ ’ਤੇ ਰਹਿਣਗੇ।