ਸਿਵਲ ਹਸਪਤਾਲ ਵਿੱਚ ਐਮਰਜੈਂਸੀ ਬਲਾਕ ਦਾ ਉਦਘਾਟਨ
ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਰਹਿਮਾਨ
Advertisement
ਵਿਧਾਇਕ ਮੁਹੰਮਦ ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ। ਉਹ ਅੱਜ ਸਿਵਲ ਹਸਪਤਾਲ ਮਾਲੇਰਕੋਟਲਾ ਵਿੱਚ ਨਵੀਨੀਕਰਨ ਮਗਰੋਂ ਐਮਰਜੈਂਸੀ ਬਲਾਕ ਦਾ ਉਦਘਾਟਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ 1.70 ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਮਾਲੇਰਕੋਟਲਾ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਸ ਨਾਲ ਜ਼ਿਲ੍ਹੇ ਦੇ ਹਜ਼ਾਰਾਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਐਮਰਜੈਂਸੀ ਬਲਾਕ ਅਤੇ ਹਸਪਤਾਲ ਦੀ ਅਗਲੀ ਪਾਰਕਿੰਗ ਦਾ ਨਵੀਨੀਕਰਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੀਂ ਤਕਨੀਕ ਤੇ ਆਧੁਨਿਕ ਸਾਮਾਨ ਨਾਲ ਲੈਸ ਐਮਰਜੈਂਸੀ ਬਲਾਕ ਹਾਦਸਿਆਂ, ਗੰਭੀਰ ਬਿਮਾਰੀਆਂ ਅਤੇ ਤੁਰੰਤ ਮਦਦ ਦੀ ਜ਼ਰੂਰਤ ਵਾਲੇ ਮਰੀਜ਼ਾਂ ਨੂੰ ਬਿਹਤਰ ਤੇ ਤੇਜ਼ ਇਲਾਜ ਦੇਣ ਯੋਗ ਹੋਵੇਗੀ। ਵਿਧਾਇਕ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਹਸਪਤਾਲ ਵਿੱਚ ਮੁਫ਼ਤ ਸਿਹਤ ਸੇਵਾਵਾਂ, ਮੁਫ਼ਤ ਦਵਾਈਆਂ ਅਤੇ ਮੁਫ਼ਤ ਜਾਂਚ ਦੀ ਸਹੂਲਤ ਉਪਲਬਧ ਹੈ। ਇਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਦੇ ਖੇਤਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖ਼ਾਨ, ਐੱਸਐੱਮਓ ਡਾ. ਸੁਖਵਿੰਦਰ ਸਿੰਘ, ਡੀਐੱਚਓ ਡਾ. ਪੁਨੀਤ ਸਿੱਧੂ ਤੇ ਐੱਸਡੀਓ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Advertisement
Advertisement