DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

drug awareness campaign: ਸੰਗਰੂਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ’ਤੇ ਜ਼ੋਰ

ਡੀ ਸੀ ਤੇ ਐੱਸ ਐੱਸ ਪੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਜ਼ਰਸਾਨੀ

  • fb
  • twitter
  • whatsapp
  • whatsapp
featured-img featured-img
ਸੰਗਰੂਰ ਚ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ। -ਫੋਟੋ: ਲਾਲੀ
Advertisement

ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੇ ਪੰਜਾਬ ਸਰਕਾਰ ਵੱਲੋਂ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਘਰ-ਘਰ ਤੱਕ ਪਹੁੰਚਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਮਿਲਜੁਲ ਕੇ ਹੰਭਲਾ ਮਾਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ’ਚ ਮੁਹਿੰਮ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ’ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲੀਸ ਵੱਲੋਂ ਜਿੱਥੇ ਪ੍ਰਸ਼ਾਸਨ ਦੀ ਨਸ਼ਿਆਂ ਦੇ ਤਸਕਰਾਂ ਵੱਲੋਂ ਨਾਜਾਇਜ਼ ਕਬਜ਼ੇ ਕਰਕੇ ਕੀਤੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੇ ਗੈਰਕਾਨੂੰਨੀ ਕਾਰੋਬਾਰ ‘ਤੇ ਪੂਰੀ ਤਰ੍ਹਾਂ ਨਕੇਲ ਪਾਉਣ ਲਈ ਪੁਲੀਸ ਵੱਲੋਂ ਖਾਸ ਮੁਹਿੰਮ ਚਲਾਈ ਜਾ ਰਹੀ ਹੈ। ਡੀ ਸੀ ਤੇ ਐੱਸ ਐੱਸ ਪੀ ਨੇ ਵੀ ਡੀ ਸੀਜ਼ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਮ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ, ਜੋ ਮੁਹਿੰਮ ਦੀ ਸਫਲਤਾ ਲਈ ਜ਼ਰੂਰੀ ਹੈ। ਉਨ੍ਹਾਂ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਹਰ ਨਾਗਰਿਕ ਆਪਣਾ ਯੋਗਦਾਨ ਪਾਵੇ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅੱਗੇ ਆਵੇ।

Advertisement
Advertisement
×