ਪੰਜਾਬ ਰਾਜ ਡੀ ਸੀ ਦਫ਼ਤਰ ਐਂਪਲਾਈਜ਼ ਯੂਨੀਅਨ ਦੇ ਸੱਦੇ ’ਤੇ ਅੱਜ ਮਾਲੇਰਕੋਟਲਾ ਵਿੱਚ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼ਰਨਵੀਰ ਸਿੰਘ ਅਤੇ ਜਨਰਲ ਸਕੱਤਰ ਦਿਲਜਾਨ ਅਲੀ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ। ਹਾਜ਼ਰੀ ਲਾਉਣ ਤੋਂ ਬਾਅਦ ਡੀ ਸੀ ਦਫ਼ਤਰ, ਐੱਸ ਡੀ ਐੱਮ ਦਫ਼ਤਰਾਂ ਅਤੇ ਤਹਿਸੀਲਾਂ ਦੇ ਸਮੂਹ ਕਰਮਚਾਰੀ ਇਕੱਠੇ ਹੋਏ ਅਤੇ ਡੀ ਸੀ ਮਾਲੇਰਕੋਟਲਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਸ਼ਰਨਵੀਰ ਸਿੰਘ ਨੇ ਦੋਸ਼ ਲਾਇਆ ਕਿ ਡੀ ਸੀ ਮਾਲੇਰਕੋਟਲਾ ਵੱਲੋਂ ਕਥਿਤ ਨਿੱਜੀ ਰੰਜਿਸ਼ ਤਹਿਤ ਉਨ੍ਹਾਂ ਅਤੇ ਹੋਰ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਕੋਈ ਕਾਨੂੰਨੀ ਗ਼ਲਤੀ ਹੈ ਤਾਂ ਉਹ ਸਜ਼ਾ ਭੁਗਤਣ ਲਈ ਤਿਆਰ ਹਨ, ਪਰ ਧੱਕੇਸ਼ਾਹੀ ਸਹਿਣਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਨੂੰ ਖੱਜਲ-ਖੁਆਰ ਨਹੀਂ ਕਰਨਾ ਚਾਹੁੰਦੇ, ਪਰ ਮਜਬੂਰੀਵੱਸ ਉਨ੍ਹਾਂ ਨੂੰ ਇਹ ਸੰਘਰਸ਼ ਵਿੱਢਣਾ ਪਿਆ ਹੈ।
ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਜਲਦੀ ਹੱਲ ਨਾ ਹੋਇਆ ਤਾਂ ਸੋਮਵਾਰ ਤੋਂ ਇਹ ਸੰਘਰਸ਼ ਪਟਿਆਲਾ ਡਿਵੀਜ਼ਨ ਦੇ ਸਾਰੇ ਜ਼ਿਲ੍ਹਿਆਂ ਵਿੱਚ ਫੈਲਾਇਆ ਜਾਵੇਗਾ ਅਤੇ ਲੋੜ ਪੈਣ ’ਤੇ ਇਸ ਨੂੰ ਪੰਜਾਬ ਪੱਧਰ ’ਤੇ ਲਿਜਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਰੋਸ ਰੈਲੀ ਵਿੱਚ ਅਮਿਤ ਗਰਗ, ਹਰਜੀਤ ਸਿੰਘ, ਅੰਮ੍ਰਿਤਪਾਲ ਸਿੰਘ ਸੁਪਰਡੰਟ, ਹਰਪ੍ਰੀਤ ਸ਼ਰਮਾ, ਸੰਦੀਪ ਸਿੰਘ, ਹੇਮੰਤ ਬਾਂਸਲ ਅਤੇ ਸੁਖਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

