ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੰਗਰੂਰ, 3 ਨਵੰਬਰ
ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਲਾਲ ਬੱਤੀ ਚੌਕ ਤੋਂ ਡਿਪਟੀ ਕਮਿਸ਼ਨ ਦਫ਼ਤਰ ਕੰਪਲੈਕਸ ਤੱਕ ਰੋਸ ਮਾਰਚ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਮੁਜ਼ਾਹਰੇ ’ਚ ਸ਼ਾਮਲ ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਐਲਾਨ ਕੀਤਾ ਗਿਆ ਕਿ ਮੰਗਾਂ ਦੀ ਪ੍ਰਾਪਤੀ ਤੱਕ ਕਲਮਛੋੜ ਹੜਤਾਲ ਵਾਪਸ ਨਹੀਂ ਲਈ ਜਾਵੇਗੀ ਅਤੇ ਸੰਘਰਸ਼ ਜਾਰੀ ਰਹੇਗਾ।
ਸਾਂਝਾ ਫ਼ਰੰਟ ਦੇ ਕਨਵੀਨਰਾਂ ਵਾਸਵੀਰ ਸਿੰਘ ਭੁੱਲਰ, ਸੀਤਾ ਰਾਮ ਸ਼ਰਮਾ, ਜਗਦੀਸ਼ ਸ਼ਰਮਾ, ਮੇਲਾ ਸਿੰਘ ਪੁੰਨਾਵਾਲ ਅਤੇ ਪ੍ਰੀਤਮ ਸਿੰਘ ਧੂਰਾ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਮੁਜ਼ਾਹਰੇ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਸ਼ ਯੂਨੀਅਨ ਸੰਗਰੂਰ ਦੇ ਪ੍ਰਧਾਨ ਰਾਕੇਸ਼ ਸ਼ਰਮਾ, ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਅਤੇ ਪ੍ਰੈੱਸ ਸਕੱਤਰ ਅਨੁਜ ਸ਼ਰਮਾ ਨੇ ਸੂਬਾ ਸਰਕਾਰ ’ਤੇ ਦੋਸ਼ ਲਗਾਇਆ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ 11 ਫ਼ੀਸਦ ਮਹਿੰਗਾਈ ਭੱਤੇ ਦੀ ਕਿਸ਼ਤ ਜੁਲਾਈ ਮਹੀਨੇ ਤੋਂ ਲਾਗੂ ਕਰਨ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਵਿੱਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਡੀਏ ਦੀ ਕਿਸ਼ਤ ਨਵੰਬਰ ਮਹੀਨੇ ਦੀ ਤਨਖਾਹ ਨਾਲ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਤੋਂ ਇਹ ਸਾਫ਼ ਹੁੰਦਾ ਹੈ ਕਿ ਸਰਕਾਰ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ ਅਤੇ ਪਿਛਲੀਆਂ ਡੀਏ ਦੀਆਂ ਕਿਸ਼ਤਾਂ ਦੇਣ ਤੋਂ ਕਿਨਾਰਾ ਕਰਨ ਦੇ ਨਾਲ ਇਨ੍ਹਾਂ ਚਾਰ ਮਹੀਨਿਆਂ ਦਾ ਬਕਾਇਆ ਦੇਣ ਤੋਂ ਵੀ ਪਾਸਾ ਵੱਟ ਰਹੀ ਹੈ ਪਰ ਮੁਲਾਜ਼ਮ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ ਅਤੇ ਸਾਰੀਆਂ ਮੰਗਾਂ ਮਨਵਾਉਣ ਤੋਂ ਬਾਅਦ ਹੀ ਹੁਣ ਹੜਤਾਲ ਵਾਪਸ ਲਈ ਜਾਵੇਗੀ।
ਇਸ ਦੌਰਾਨ ਖ਼ਜ਼ਾਨਾ ਦਫ਼ਤਰ ਵੱਲੋਂ ਕਿਸੇ ਵੀ ਕਿਸਮ ਦੇ ਬਿੱਲਾਂ ਦੀ ਅਦਾਇਗੀ ਬਿਲਕੁਲ ਬੰਦ ਹੋਣ ਕਾਰਨ ਸਰਕਾਰ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਅਤੇ ਮਨਿਸਟੀਰੀਅਲ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਕਾਰਨ ਇਸ ਵਾਰ ਸੂਬੇ ਦੇ ਮੁਲਾਜ਼ਮਾਂ ਦੀ ਦੀਵਾਲੀ ਬਿਲਕੁਲ ਫਿੱਕੀ ਰਹਿਣ ਦੀ ਸੰਭਾਵਨਾ ਹੈ। ਮੁਲਾਜ਼ਮਾਂ ਨੇ ਇਸ ਵਾਰ ਦੀਵਾਲੀ ਦੇ ਤਿਉਹਾਰ ’ਤੇ ਤਨਖਾਹਾਂ ਰਿਲੀਜ਼ ਨਾ ਕਰਵਾ ਕੇ ਸਰਕਾਰ ਵੱਲੋਂ ਮੁਲਾਜ਼ਮਾਂ ’ਤੇ ਤਨਖਾਹਾਂ ਵਾਲੇ ਦਿਨਾਂ ਵਿਚ ਹੜਤਾਲ ’ਤੇ ਵਾਪਸ ਪਰਤਣ ਦੇ ਅਕਸਰ ਲਗਾਏ ਜਾਂਦੇ ਦੋਸ਼ਾਂ ਨੂੰ ਗਲਤ ਸਾਬਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ਬਲਵਿੰਦਰ ਸੋਹੀ, ਸਤੀਸ਼ ਮੂਣਕ, ਆਸ਼ੀਸ਼ ਫੁੱਲ, ਸਰਬਜੀਤ ਕੌਰ ਤੇ ਪੈਨਸ਼ਨਰ ਆਗੂ ਜੀਤ ਸਿੰਘ ਢੀਂਡਸਾ ਆਦਿ ਮੌਜੂਦ ਸਨ।