ਵਿੱਤ ਮੰਤਰੀ ਦੀ ਕੋਠੀ ਅੱਗੇ ਗਰਜੇ ਮੁਲਾਜ਼ਮ ਤੇ ਪੈਨਸ਼ਨਰ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਪੈਨਸ਼ਨਰਾਂ ਵੱਲੋਂ ਇੱਥੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਅੱਗੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਪੱਤਰ ਸੌਂਪਿਆ। ਪੰਜਾਬ ਐੱਸ ਸੀ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਮੰਗ ਪੱਤਰ ਲਿਆ ਅਤੇ ਵਿੱਤ ਮੰਤਰੀ ਤੱਕ ਪਹੰਚਾਉਣ ਦਾ ਭਰੋਸਾ ਦਿੱਤਾ। ਪੈਨਸ਼ਨਰ ਐਸੋਸੀਏਸ਼ਨ ਪੀ ਐੱਸ ਪੀ ਸੀ ਐੱਲ ਅਤੇ ਪੀ ਐੱਸ ਟੀ ਸੀ ਐੱਲ ਦੇ ਸਕੱਤਰ ਯਸਪਾਲ ਸ਼ਰਮਾ ਨੇ ਦੱਸਿਆ ਕਿ ਅੱਜ ਪੰਜਾਬ ਵਿਚ ਵੱਖ-ਵੱਖ ਮੰਤਰੀਆਂ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਮੰਗ ਪੱਤਰ ਸੌਂਪੇ ਗਏ ਹਨ ਕਿਉਂਕਿ ਸਰਕਾਰ ਨੇ ਹਾਲੇ ਤੱਕ ਮੰਗਾਂ ਨਹੀਂ ਮੰਨੀਆਂ ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਰੋਸ ਹੈ। ਪੈਨਸ਼ਨਰ ਜਦੋਂ ਵਿੱਤ ਮੰਤਰੀ ਦੀ ਕੋਠੀ ਅੱਗੇ ਮੰਗ ਪੱਤਰ ਦੇਣ ਪੁੱਜੇ ਤਾਂ ਨਾ ਤਾਂ ਵਿੱਤ ਮੰਤਰੀ ਅਤੇ ਨਾ ਹੀ ਉਨ੍ਹਾਂ ਦਾ ਕੋਈ ਨੁਮਾਇੰਦਾ ਮੌਕੇ ’ਤੇ ਮੌਜੂਦ ਸੀ ਜਿਸ ਕਾਰਨ ਰੋਹ ਵਿਚ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪੰਜਾਬ ਐਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਮੰਗ ਪੱਤਰ ਲਿਆ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਭਜਨ ਸਿੰਘ ਗਿੱਲ, ਸੁਰਿੰਦਰ ਰਾਮ, ਕਸਤੂਰੀ ਲਾਲ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸਮੁੱਚੇ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ 16 ਨਵੰਬਰ ਨੂੰ ਸੰਗਰੂਰ ਵਿਚ ਵਿਸ਼ਾਲ ਮਹਾਂ ਰੈਲੀ ਕੀਤੀ ਜਾਵੇਗੀ ਜਿਸ ਵਿਚ ਵੱਡੀ ਤਾਦਾਦ ’ਚ ਮੁਲਾਜ਼ਮ ਤੇ ਪੈਨਸ਼ਨਰ ਸ਼ਾਮਲ ਹੋਣਗੇ। ਉਨ੍ਹਾਂ ਸਮੂਹ ਸਾਥੀਆਂ ਨੂੰ ਸੱਦਾ ਦਿੱਤਾ ਕਿ ਸੰਗਰੂਰ ਮਹਾਂਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਤਾਂ ਜੋ ਪੰਜਾਬ ਸਰਕਾਰ ਤੋਂ ਮੰਗਾਂ ਦਾ ਹੱਲ ਕਰਵਾਇਆ ਜਾ ਸਕੇ।