ਗੌਰਮਿੰਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਨੇ ਡੀ ਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।
ਐਸੋਸੀਏਸ਼ਨ ਦੇ ਸੰਗਰੂਰ ਯੂਨਿਟ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਨੇ ਕਿਹਾ ਕਿ ਸਰਕਾਰ ਨੂੰ ਹੋਂਦ ਵਿੱਚ ਆਇਆ ਸਾਢੇ ਤਿੰਨ ਸਾਲ ਦਾ ਸਮਾਂ ਬੀਤ ਚੁੱਕਿਆ ਹੈ ਪਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਪੈਨਸ਼ਨਰਾਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪੰਜਾਬ ਸਟੇਟ ਪੈਨਸ਼ਨਰਜ਼ ਕੰਨਫਡੈਰੇਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਮੰਗ ਕੀਤੀ ਕਿ ਮੁਲਾਜਮਾਂ ਅਤੇ ਪੈਨਸ਼ਨਰਾਂ ਦਾ 16 ਫੀਸਦੀ ਮਹਿੰਗਾਈ ਭੱਤੇ ਅਤੇ ਭੱਤੇ ਦੀਆਂ ਪੰਜ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਛੇਵੇਂ ਤਨਖਾਹ ਕਮਿਸ਼ਨ ਨੂੰ ਪੂਰਨ ਰੂਪ ’ਚ ਲਾਗੂ ਕੀਤਾ ਜਾਵੇ, ਮੈਡੀਕਲ ਭੱਤਾ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਕੈਸਲੈਸ਼ ਮੈਡੀਕਲ ਹੈਲਥ ਸਕੀਮ ਲਾਗੂ ਕੀਤੀ ਜਾਵੇ ਅਤੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।
ਬੁਲਾਰਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦੀਵਾਲੀ ਤੋਂ ਪਹਿਲਾਂ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਇਆ ਨਕਦ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੂਬਾ ਪੱਧਰ ਤੇ ਵਿਸ਼ਾਲ ਸੰਘਰਸ਼ ਕੀਤੇ ਜਾਣਗੇ। ਇਸ ਮੌਕੇ ਹਰਵਿੰਦਰ ਭੱਠਲ, ਸਤਪਾਲ ਸਿੰਗਲਾ, ਗੁਰਜੰਟ ਸਿੰਘ ਸੋਹੀਆਂ, ਨੰਦ ਲਾਲ ਮਲਹੋਤਰਾ, ਲਾਭ ਸਿੰਘ, ਕਰਨੈਲ ਸਿੰਘ ਸੇਖੋਂ, ਹਰਪਾਲ ਸਿੰਘ ਸੰਗਰੂਰੀਆ, ਨਰਾਤਾ ਰਾਮ ਸਿੰਗਲਾ, ਕਿਸ਼ੋਰੀ ਲਾਲ, ਗੁਰਦੇਵ ਸਿੰਘ ਲੂੰਬਾ, ਸੁਰਿੰਦਰ ਪਾਲ ਗਰਗ, ਕੰਵਲਜੀਤ ਸਿੰਘ, ਬਲਦੇਵ ਰਾਜ ਮਦਾਨ, ਜਨਕ ਰਾਜ ਜੋਸ਼ੀ ਹਾਜ਼ਰ ਸਨ।