ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਮਈ
ਵੱਖ-ਵੱਖ ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਨੇ ਕੌਮਾਂਤਰੀ ਮਈ ਦਿਹਾੜੇ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਵੱਖ-ਵੱਖ ਥਾਵਾਂ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਲੋਕ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਇਕਜੁੱਟ ਹੋ ਕੇ ਫਾਸ਼ੀਵਾਦੀ ਤਾਕਤਾਂ ਖ਼ਿਲਾਫ਼ ਸੰਘਰਸ਼ਾਂ ਦੌਰਾਨ ਆਵਾਜ਼ ਬੁਲੰਦ ਕਰਨ ਦਾ ਪ੍ਰਣ ਕੀਤਾ।
ਪਿੰਡ ਉਪਲੀ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ ਕਿਹਾ ਕਿ ਮਈ ਦਿਵਸ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਅਤੇ ਜਬਰੀ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਕਰੀਏ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਰੋਨਾ ਤੋਂ ਵੱਧ ਖ਼ਤਰਨਾਕ ਬਿਮਾਰੀ ਭੁੱਖਮਰੀ ਹੈ। ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਪ੍ਰਧਾਨ ਅਵਿਨਾਸ਼ ਸ਼ਰਮਾ ਦੀ ਅਗਵਾਈ ਹੇਠ ਦਫ਼ਤਰ ਦੇ ਗੇਟ ’ਤੇ ਜਥੇਬੰਦੀ ਦਾ ਝੰਡਾ ਲਹਿਰਾਇਆ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਇੰਟਕ ਵੱਲੋਂ ਦਵਿੰਦਰ ਧਾਲੀਵਾਲ ਪ੍ਰਧਾਨ ਯੂਥ ਇੰਟਕ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੇ ਗੇਟ ’ਤੇ ਜਥੇਬੰਦੀ ਦਾ ਝੰਡਾ ਲਹਿਰਾਇਆ ਗਿਆ। ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਸੁਤੰਤਰ ਭਵਨ ਜ਼ਿਲ੍ਹਾ ਦਫ਼ਤਰ ਵਿੱਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਲੋਕ ਸੰਘਰਸ਼ ਕਮੇਟੀ ਪਟਿਆਲਾ ਦੇ ਸੱਦੇ ’ਤੇ ਵੱਖ ਵੱਖ ਸੰਗਠਨਾਂ ਨੇ ਮਜ਼ਦੂਰ ਦਿਵਸ ਮੌਕੇ ਇੱਥੇ ਨਹਿਰੂ ਪਾਰਕ ਵਿੱਚ ਵਿਚਾਰ ਗੋਸ਼ਟੀ ਕੀਤੀ। ਇਸ ਦੌਰਾਨ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ, ਹਕੂਮਤਾਂ ਵੱਲੋਂ ਕਿਰਤੀਆਂ ਦਾ ਘਾਣ ਕਰਨ ਵਾਲੇ ਕਾਰਪੋਰੇਟ ਪੱਖੀ ਫ਼ੈਸਲਿਆਂ ਖ਼ਿਲਾਫ਼ ਜੱਦੋ-ਜਹਿਦ ਨੂੰ ਹੋਰ ਤਿੱਖਾ ਕਰਨ ਦਾ ਅਹਿਦ ਲਿਆ ਗਿਆ। ਕਰੋਨਾ ਕਾਰਨ ਲਾਗੂ ਕੀਤੇ ਲੌਕਡਾਊਨ ਦੀ ਨਿਖੇਧੀ ਕੀਤੀ ਗਈ। ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਅਮਨਦੀਪ ਕੌਰ ਦਿਓਲ ਨੇ ਦੱਸਿਆ ਕਿ ਇਸਤਰੀ ਜਾਗ੍ਰਿਤੀ ਮੰਚ, ਨੌਜਵਾਨ ਭਾਰਤ ਸਭਾ, ਡੈਮੋਕ੍ਰੈਟਿਕ ਮੁਲਾਜ਼ਮ ਫੈੱਡਰੇਸ਼ਨ, ਕਿਰਤੀ ਕਿਸਾਨ ਯੂਨੀਅਨ, ਗੈਸ ਏਜੰਸੀ ਵਰਕਰ ਯੂਨੀਅਨ, ਡੈਮੋਕ੍ਰੈਟਿਕ ਟੀਚਰਜ਼ ਫਰੰਟ, ਪੀਐੱਸਯੂ ਅਤੇ ਟੀਐੱਸਯੂ (ਹਰਿਆਵਲ ਦਸਤਾ) ਆਦਿ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਫ਼ੈਸਲਿਆਂ ਦੀ ਨਿੰਦਾ ਕੀਤੀ।
ਸ਼ਹੀਦਾਂ ਦੀ ਯਾਦ ਵਿੱਚ ਮਾਰਚ
ਸੰਗਰੂਰ: ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਪਿਛਲੇ ਚਾਰ ਮਹੀਨਿਆਂ ਤੋਂ ਇੱਥੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਰੁਜ਼ਗਾਰ ਦੀ ਮੰਗ ਸਬੰਧੀ ਪੱਕੇ ਮੋਰਚੇ ’ਤੇ ਡਟੇ ਬੇਰੁਜ਼ਗਾਰਾਂ ਨੇ ਅੱਜ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿੱਚ ਮਾਰਚ ਕੀਤਾ ਤੇ ਕਿਰਤੀਆਂ ਦਾ ਲਾਲ ਝੰਡਾ ਲਹਿਰਾਉਣ ਮਗਰੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਡੀਟੀਐੱਫ਼ ਦੇ ਸੂਬਾ ਮੀਤ ਪ੍ਰਧਾਨ ਰਾਜੀਵ ਬਰਨਾਲਾ ਤੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਅਧਿਆਪਕ ਕਿਰਤੀ ਵਰਗ ਹੈ, ਜਿਹੜਾ ਵਿਦਿਆਰਥੀਆਂ ਨੂੰ ਚੰਗੀ ਵਿੱਦਿਆ ਦੇ ਕੇ ਸਮਾਜ ਦੇ ਚੰਗੇ ਨਾਗਰਿਕ ਬਣਾਉਂਦਾ ਹੈ ਪਰ ਭਾਰਤੀ ਸਿਸਟਮ ਤੇ ਸੂਬਾ ਸਰਕਾਰ ਦੀ ਨਾਕਾਮੀ ਕਾਰਨ ਅੱਜ ਇਹ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੈ।