ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਡਟੇ ਮੁਲਾਜ਼ਮ
ਇੱਥੋਂ ਦੇ ਵੱਖ-ਵੱਖ ਵਿਭਾਗਾਂ ਦੇ ਐਨ.ਪੀ.ਐਸ. ਕਰਮਚਾਰੀਆਂ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਦਿਆਂ ਡੀ.ਸੀ. ਦਫ਼ਤਰ ਅੱਗੇ ਪੁੱਜ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸੰਘਰਸ਼ ਦੇ ਅਗਲੇ ਪੜਾਅ ਤਹਿਤ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਦੇਸ਼ ਦੇ ਹਰ ਜ਼ਿਲ੍ਹਾ ਹੈਡਕੁਆਟਰਾਂ ’ਤੇ ਇੱਕ ਦਿਨਾ ਭੁੱਖ ਹੜਤਾਲ ਰੱਖਣ ਦਾ ਐਲਾਨ ਕੀਤਾ।
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਈ.ਐਫ. ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਐਨ.ਪੀ.ਐਸ ਕਰਮਚਾਰੀ ਹਾਊਸਿੰਗ ਬੋਰਡ ਕਲੋਨੀ ਨਜ਼ਦੀਕ ਵਾਟਰ ਵਰਕਸ ’ਤੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਡੀ.ਸੀ. ਦਫ਼ਤਰ ਅੱਗੇ ਪੁੱਜੇ ਅਤੇ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਬੋਧਨ ਕਰਦਆਂ ਮੁਲਾਜ਼ਮ ਆਗੂਆਂ ਸਰਬਜੀਤ ਸਿੰਘ ਪੁੰਨਾਂਵਾਲ, ਸਤਵੰਤ ਸਿੰਘ ਆਲਮਪੁਰ, ਰਾਜਵੀਰ ਬਡਰੁੱਖਾਂ, ਦਾਤਾ ਸਿੰਘ ਅਤੇ ਬਿਕਰਮਜੀਤ ਸਿੰਘ ਨੇ ਕਿਹਾ ਕਿ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ਤਹਿਤ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਐਨਪੀਐਸ ਅਤੇ ਯੂਪੀਐਸ ਦੀ ਵਿਰੋਧਤਾ ਅਤੇ ਨਿਜੀਕਰਨ ਦੇ ਵਿਰੁੱਧ ਇੱਕ ਦਿਨਾਂ ਰੋਸ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਦੇਸ਼ ਦੇ ਹਰ ਜ਼ਿਲ੍ਹਾ ਹੈਡ ਕੁਆਰਟਰ ’ਤੇ ਇੱਕ ਦਿਨਾਂ ਭੁੱਖ ਹੜਤਾਲ ਰੱਖੀ ਜਾਵੇਗੀ ਅਤੇ ਪਹਿਲੀ ਅਕਤੂਬਰ ਨੂੰ ਸੋਸ਼ਲ ਮੀਡੀਆ ’ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁਹਿੰਮ ਚਲਾਈ ਜਾਵੇਗੀ। 25 ਨਵੰਬਰ ਨੂੰ ਦਿੱਲੀ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਐਨਪੀਐਸ ਅਤੇ ਯੂਪੀਐਸ ਵਿਰੋਧਤਾ ਅਤੇ ਨਿੱਜੀਕਰਨ ਦੇ ਵਿਰੁੱਧ ਕੌਮੀ ਪੱਧਰੀ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਦੇਸ਼ ਭਰ ਦੇ ਐਨਪੀਐਸ ਮੁਲਾਜ਼ਮ ਭਾਗ ਲੈਣਗੇ। ਆਗੂਆਂ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨੋਟੀਫਿਕੇਸ਼ਨ ਕਰਨ ਦੇ ਬਾਵਜੂਦ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਭੱਜ ਰਹੀ ਹੈ ਉਥੇ ਹੀ ਕੇਂਦਰ ਸਰਕਾਰ ਤੇ ਛੱਤੀਸਗੜ੍ਹ ਦੀ ਬੀਜੇਪੀ ਸਰਕਾਰ ਨੇ ਰਾਜ ਵਿੱਚ ਮੁੜ ਯੂਪੀਐਸ ਲਾਗੂ ਕਰ ਕੇ ਐਨਪੀਐਸ ਕਰਮਚਾਰੀਆਂ ਦੇ ਜ਼ਖ਼ਮਾਂ ਤੇ ਲੂਣ ਛਿੜਕਿਆ ਹੈ। ਇਸ ਮੌਕੇ ਸਜੋਲੀ ਭਾਟੀਆ, ਹਰਕੀਰਤ ਕੌਰ, ਬਾਰਾ ਸਿੰਘ, ਹਰੀਸ਼ ਕੁਮਾਰ, ਸੁਖਜਿੰਦਰ ਸਿੰਘ, ਬੱਗਾ ਸਿੰਘ, ਫੈਡਰੇਸ਼ਨ ਆਗੂ ਸੁਖਦੇਵ ਸਿੰਘ ਚੰਗਾਲੀਵਾਲਾ, ਮਾਲਵਿੰਦਰ ਸਿੰਘ ਸੰਧੂ, ਜੀਟੀਯੂ ਆਗੂ ਦੇਵੀ ਦਿਆਲ, ਫਕੀਰ ਸਿੰਘ ਟਿੱਬਾ, ਮੁਲਾਜ਼ਮ ਆਗੂ ਰਾਜ ਕੁਮਾਰ ਅਰੋੜਾ, ਸੋਨੀ, ਕਰਨ ਪ੍ਰਤਾਪ, ਜਗਦੀਪ ਸਿੰਘ, ਲਖਵਿੰਦਰ ਜੀਤ ਸਿੰਘ ਜੋਸ਼ੀ, ਅਵਤਾਰ ਸਿੰਘ ਭਲਵਾਨ, ਜਗਜੀਤ ਸਿੰਘ, ਹਰਬੰਸ ਸਿੰਘ, ਗੁਰਲਾਲ ਸਿੰਘ, ਗਮਦੂਰ ਸਿੰਘ ਅਤੇ ਹੋਰ ਮੌਜੂਦ ਸਨ।