ਮੁਲਾਜ਼ਮਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਵੱਲੋਂ ਐਲਾਨੇ ਦੇਸ਼ ਵਿਆਪੀ ਅੰਦੋਲਨ ਤਹਿਤ ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਦਫਤਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਭੇਜਿਆ। ਸਥਾਨਕ ਹਾਊਸਿੰਗ ਬੋਰਡ ਕਲੋਨੀ ਨਜ਼ਦੀਕ ਇਕੱਤਰ ਹੋਏ ਵੱਖ ਵੱਖ ਵਿਭਾਗ ਵਿਭਾਗਾਂ ਦੇ ਮੁਲਾਜ਼ਮਾਂ ਨੇ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੰਗਾਲੀਵਾਲਾ, ਮਾਲਵਿੰਦਰ ਸਿੰਘ ਸੰਧੂ ਅਤੇ ਫਕੀਰ ਸਿੰਘ ਟਿੱਬਾ ਦੀ ਅਗਵਾਈ ਵਿੱਚ ਰੈਲੀ ਕਰਦਿਆਂ ਮੰਗ ਕੀਤੀ ਕਿ ਚਾਰ ਕਿਰਤ ਕੋਡ ਰੱਦ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਵੱਖ-ਵੱਖ ਵਿਭਾਗਾਂ ਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮ ਰੈਗੂਲਰ ਕੀਤੇ ਜਾਣ, ਠੇਕਾ ਪ੍ਰਣਾਲੀ ਬੰਦ ਕੀਤੀ ਜਾਵੇ, ਵੱਖ ਵੱਖ ਸਰਕਾਰੀ ਵਿਭਾਗਾਂ ਅੰਦਰ ਖਾਲੀ ਪਈਆਂ ਪੋਸਟਾਂ ਰੈਗੂਲਰ ਭਰਤੀ ਰਾਹੀਂ ਭਰੀਆਂ ਜਾਣ, ਕੌਮੀ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ, ਬਕਾਇਆ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ। ਇਸ ਦੇ ਨਾਲ ਮੁਲਾਜ਼ਮ ਬੁਲਾਰਿਆਂ ਨੇ ਮੰਗ ਕੀਤੀ ਕਿ ਦੇਸ਼ ਦੇ ਸੰਵਿਧਾਨ ਅੰਦਰ ਦਰਜ ਧਰਮ ਨਿਰਪੱਖਤਾ ਦੇ ਸਿਧਾਂਤ ਨੂੰ ਮੂਲ ਰੂਪ ਵਿੱਚ ਲਾਗੂ ਕੀਤਾ ਜਾਵੇ। ਰੈਲੀ ਨੂੰ ਮੁਲਾਜ਼ਮ ਆਗੂ ਸਤਨਾਮ ਸਿੰਘ ਸੰਗਤੀਵਾਲਾ, ਬਲਦੇਵ ਸਿੰਘ ਬਡਰੁੱਖਾਂ, ਜਸਵਿੰਦਰ ਸਿੰਘ ਗਾਗਾ, ਜਗਜੀਤ ਸਿੰਘ ਭੱਠਲ, ਮੇਜਰ ਸਿੰਘ ਭਟਾਲ, ਮਿੰਟੂ ਗੁਰਨੇ, ਸਰਵਣ ਸਿੰਘ ਸੰਗਰੂਰ, ਸੰਮੀ ਮਲੇਰਕੋਟਲਾ, ਸੋਮ ਦੱਤ ਅਨਦਾਣਾ ਅਤੇ ਕਰਨ ਪ੍ਰਤਾਪ ਸੰਗਰੂਰ ਨੇ ਸੰਬੋਧਨ ਕੀਤਾ।