ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਨਵੰਬਰ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਦੇ ਸੱਦੇ ‘ਤੇ ਆਊਟ ਸੋਰਸ ਮੁਲਾਜ਼ਮਾਂ ਅਤੇ ਵੱਖ-ਵੱਖ ਸਕੀਮਾਂ ‘ਚ ਕੰਮ ਕਰਦੇ ਵਰਕਰਾਂ ਵੱਲੋਂ ਇਥੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਮੰਗਾਂ ਪ੍ਰਤੀ ਸਰਕਾਰ ਦੇ ਨਾਂਹ-ਪੱਖੀ ਵਤੀਰੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸੌਂਪਿਆ ਗਿਆ। ਇਸ ਤੋਂ ਪਹਿਲਾਂ ਆਊਟ ਸੋਰਸ ਮੁਲਾਜ਼ਮ ਅਤੇ ਵੱਖ-ਵੱਖ ਸਕੀਮਾਂ ਦੇ ਵਰਕਰ ਰੋਸ ਮਾਰਚ ਕਰਦੇ ਹੋਏ ਇਥੇ ਵਿੱਤ ਮੰਤਰੀ ਦੀ ਕੋਠੀ ਨੇੜੇ ਪੁੱਜੇ ਤਾਂ ਪੁਲੀਸ ਵੱਲੋਂ ਸਖਤ ਨਾਕੇਬੰਦੀ ਕਰਕੇ ਮੁੱਖ ਸੜਕ ‘ਤੇ ਹੀ ਰੋਕ ਲਿਆ।
ਵਰਕਰਾਂ ਨੇ ਸੜਕ ਉਪਰ ਹੀ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਨੂੰ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ,ਜਿਲਾ ਪ੍ਰਧਾਨ ਸੀਤਾ ਰਾਮ ਸਰਮਾ, ਪੈਨਸ਼ਨਰ ਆਗੂ ਜਗਦੀਸ਼ ਸ਼ਰਮਾ, ਮੇਲਾ ਸਿੰਘ ਪੁੰਨਾਂਵਾਲ ਨੇ ਸੰਬੋਧਨ ਕੀਤਾ। ਇਸ ਮੌਕੇ ਬੁਲਾਰਿਆਂ ਨੇ ਮੰਗਾਂ ਮੰਨਣ ਦੀ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ 29 ਨਵੰਬਰ ਨੂੰ ਡਾਇਰੈਕਟਰ ਸਿਹਤ ਵਿਭਾਗ ਦੇ ਚੰਡੀਗੜ੍ਹ ਸਥਿਤ ਦਫਤਰ ਅੱਗੇ ਕਾਲੇ ਚੋਲੇ ਪਾ ਕੇ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ 7 ਜਨਵਰੀ ਨੂੰ ਸੰਗਰੂਰ ਵਿੱਚ ਰਾਜ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਨੇ ਮੰਗ ਪੱਤਰ ਲਿਆ।