ਅਧਿਆਪਕ ਦਿਵਸ ਮੌਕੇ ਭੁੱਖ ਹੜਤਾਲ ’ਤੇ ਬੈਠਣਗੇ ਮੁਲਾਜ਼ਮ
ਇਸ ਸਬੰਧੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸਰਬਜੀਤ ਸਿੰਘ ਪੁੰਨਾਂਵਾਲ, ਸਤਵੰਤ ਸਿੰਘ ਆਲਮਪੁਰ, ਗੁਰਪ੍ਰੀਤ ਕੌਰ, ਮਨਪ੍ਰੀਤ ਸਿੰਘ ਟਿੱਬਾ, ਹੁਸ਼ਿਆਰ ਸਿੰਘ ਅਤੇ ਕਰਨ ਨੇ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਅਧਿਆਪਕ ਦਿਵਸ ’ਤੇ ਅਧਿਆਪਕਾਂ ਦੇ ਮਾਣ ਸਨਮਾਨ ਦੇ ਫੋਕੇ ਦਾਅਵੇ ਕਰਦੀਆਂ ਹਨ ਪਰ ਅਧਿਆਪਕਾਂ ਦਾ ਮਾਣ ਸਨਮਾਨ ਸਮਾਜਿਕ ਸੁਰੱਖਿਆ ਵਿੱਚ ਹੈ ਜੋ ਰਾਜ ਅਤੇ ਕੇਂਦਰ ਸਰਕਾਰ ਦੋਵੇਂ ਦੇਣ ਤੋਂ ਮੁਨਕਰ ਹਨ। ਆਗੂਆਂ ਨੇ ਜਾਗਰੂਕਤਾ ਮੁਹਿੰਮ ਤਹਿਤ ਮੁਲਾਜ਼ਮਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਅਧਿਆਪਕ ਦਿਵਸ ’ਤੇ ਪੂਰੇ ਦੇਸ਼ ਵਿੱਚ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਅਧਿਆਪਕ ਅਤੇ ਕਰਮਚਾਰੀ ਭੁੱਖ ਹੜਤਾਲ ਤੇ ਬੈਠ ਕੇ ਰਾਜ ਅਤੇ ਕੇਂਦਰ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦੇਣਗੇ ਕਿ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਤੋਂ ਬਿਨਾਂ ਸਮਾਜਿਕ ਸੁਰੱਖਿਆ ਸੰਭਵ ਨਹੀਂ। ਇਸ ਲਈ ਕਰਮਚਾਰੀ ਦਾ ਸਹੀ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੋਵੇਗਾ, ਨਾ ਕਿ ਅਧਿਆਪਕ ਦਿਵਸ ਮਨਾ ਕੇ ਸਮੇਂ ਦੀਆਂ ਸਰਕਾਰਾਂ ਸਿਰਫ਼ ਖਾਨਾਪੂਰਤੀ ਹੀ ਕਰ ਰਹੀਆਂ ਹਨ। ਇਸ ਹੜਤਾਲ ਵਿੱਚ ਪੰਜਾਬ ਦੇ ਸਮੂਹ ਐਨਪੀਐਸ ਕਰਮਚਾਰੀ ਭਾਗ ਲੈਣਗੇ ਤੇ 25 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਦਿੱਲੀ ਕੂਚ ਕੀਤਾ ਜਾਵੇਗਾ। ਇਸ ਮੌਕੇ ਮਾਲਵਿੰਦਰ ਸਿੰਘ ਸੰਧੂ, ਸੁਖਦੇਵ ਸਿੰਘ ਚੰਗਾਲੀਵਾਲਾ, ਬੱਗਾ ਸਿੰਘ, ਬਾਰਾ ਸਿੰਘ, ਰਾਮ ਸਿੰਘ, ਸੁਰੇਸ ਕਾਂਸਲ, ਬੂਟਾ ਖਾਨ, ਹਰਦੀਪ ਸਿੰਘ, ਲਖਵੀਰ ਸੋਹੀ, ਹਰੀਸ਼ ਕੁਮਾਰ ਤੇ ਪ੍ਰਿੰਸ ਸਿੰਗਲਾ ਆਦਿ ਮੌਜੂਦ ਸਨ।