OPS restoration: ਸਤੌਜ ਵਿੱਚ 23 ਨੂੰ ਆਵਾਜ਼ ਬੁਲੰਦ ਕਰਨਗੇ ਮੁਲਾਜ਼ਮ
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਤਿੰਨ ਜਥੇਬੰਦੀਆਂ ਨੇ ਫ਼ੈਸਲਾ ਕੀਤਾ
ਤਿੰਨ ਮੁੱਖ ਮੁਲਾਜ਼ਮ ਜਥੇਬੰਦੀਆਂ ਦੇ ਮੈਂਬਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 23 ਅਗਸਤ ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਪੁੱਜ ਕੇ ਆਵਾਜ਼ ਬੁਲੰਦ ਕਰਨਗੇ। ਇਹ ਜਾਣਕਾਰੀ ਸੀ ਪੀ ਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੂਨੀਅਨ ਦੀ ਮੀਟਿੰਗ ਦੌਰਾਨ ਦਿੱਤੀ। ਸੁਖਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ। ਇਸ ਦੇ ਰੋਸ ਵਜੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ ਕਰ ਰਹੀਆਂ ਸੂਬੇ ਦੀਆਂ ਤਿੰਨ ਮੁੱਖ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ ਪੀ ਐੱਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਸਤੌਜ ’ਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਦੁਹਰਾਈ ਜਾਵੇਗੀ। ਇਸ ਦੌਰਾਨ ਜ਼ਿਲ੍ਹਾਂ ਸੰਗਰੂਰ ਦੇ ਮੁਲਾਜ਼ਮਾਂ ਦੀ ਹਾਜ਼ਰੀ ਦੌਰਾਨ ਅੱਜ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਰਾਜਵੀਰ ਬਡਰੁੱਖਾਂ ਨੂੰ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ।

