ਨਿਜੀ ਪੱਤਰ ਪ੍ਰੇਰਕ
ਸੰਗਰੂਰ, 24 ਸਤੰਬਰ
ਚੀਨ ਦੇ ਹਾਂਗਜੂ ਵਿੱਚ ਆਰੰਭ ਹੋਈਆਂ ਏਸ਼ਿਆਈ ਖੇਡਾਂ ਤਹਿਤ ਹੋਏ ਰੋਇੰਗ ਮੁਕਾਬਲਿਆਂ ਵਿੱਚ ਭਾਰਤੀ ਪੁਰਸ਼ਾਂ ਦੀ ਟੀਮ ਨੇ ਕੌਕਸਡ 8 ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਟੀਮ ਵਿਚ ਪੰਜਾਬ ਦੇ ਦੋ ਖਿਡਾਰੀ ਜਸਵਿੰਦਰ ਸਿੰਘ (ਸੰਗਰੂਰ) ਅਤੇ ਚਰਨਜੀਤ ਸਿੰਘ (ਬਠਿੰਡਾ) ਸ਼ਾਮਲ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਟੀਮ ਵਿੱਚ ਸ਼ਾਮਿਲ ਧੂਰੀ ਦੇ ਪਿੰਡ ਕਲੇਰਾਂ ਦੇ ਵਸਨੀਕ ਜਸਵਿੰਦਰ ਸਿੰਘ ਨਾਲ ਹਾਂਗਜੂ ਵਿਖੇ ਉਚੇਚੇ ਤੌਰ ’ਤੇ ਫੋਨ ’ਤੇ ਗੱਲਬਾਤ ਕਰਕੇ ਕੌਮਾਂਤਰੀ ਪੱਧਰ ਉਤੇ ਦੇਸ਼, ਸੂਬੇ ਅਤੇ ਜ਼ਿਲ੍ਹਾ ਸੰਗਰੂਰ ਦਾ ਨਾਮ ਰੌਸ਼ਨ ਕਰਨ ਲਈ ਮੁਬਾਰਕਬਾਦ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਨਵੀਂ ਖੇਡ ਨੀਤੀ ਨੂੰ ਲਾਗੂ ਕਰਦਿਆਂ 58 ਖ਼ਿਡਾਰੀਆਂ ਨੂੰ ਤਿਆਰੀ ਲਈ 4.64 ਕਰੋੜ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰੋਇੰਗ ਟੀਮ ਦੇ ਖਿਡਾਰੀ ਜਸਵਿੰਦਰ ਸਿੰਘ ਨੂੰ ਵੀ ਸਰਕਾਰ ਵੱਲੋਂ 8 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਏਸ਼ਿਆਈ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਇਨਾਮ ਰਾਸ਼ੀ ਵਜੋਂ ਕ੍ਰਮਵਾਰ ਇਕ ਕਰੋੜ ਰੁਪਏ, 75 ਲੱਖ ਤੇ 50 ਲੱਖ ਰੁਪਏ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੀਬ 26 ਸਾਲਾਂ ਦੇ ਜਸਵਿੰਦਰ ਸਿੰਘ ਭਾਰਤੀ ਫ਼ੌਜ ਦੀ 19 ਸਿੱਖ ਰੈਜ਼ੀਮੈਂਟ ਵਿੱਚ ਹਵਲਦਾਰ ਵਜੋਂ ਪੂਣੇ ’ਚ ਸੇਵਾ ਨਿਭਾਅ ਰਹੇ ਹਨ ਅਤੇ ਖੇਡਾਂ ਦੇ ਖੇਤਰ ਵਿੱਚ ਹਾਂਗਜੂ ਵਿੱਚ ਦਰਜ ਇਸ ਬਿਹਤਰੀਨ ਉਪਲਬਧੀ ਨਾਲ ਵੀ ਉਨ੍ਹਾਂ ਨੇ ਦੇਸ਼ ਦਾ ਮਾਣ ਵਧਾਇਆ ਹੈ।