ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਨਿੱਤਰੇ ਇੰਜਨੀਅਰ
ਮੁੱਖ ਇੰਜਨੀਅਰ ਦੀ ਮੁਅੱਤਲੀ ਤੇ ਡਾਇਰੈਕਟਰ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ
ਪੰਜਾਬ ਰਾਜ ਬਿਜਲੀ ਬੋਰਡ ਇੰਜਨੀਅਰ ਐਸੋਸੀਏਸ਼ਨ ਸੰਗਰੂਰ ਰੀਜਨ ਦੇ ਇੰਜਨੀਅਰਾਂ ਨੇ ਪਾਵਰਕੌਮ ਮੈਨੇਜਮੈਂਟ ਵੱਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਮੁੱਖ ਇੰਜਨੀਅਰ ਹਰੀਸ਼ ਸ਼ਰਮਾ ਅਤੇ ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੇ ਡਾਇਰੈਕਟਰ ਜਨਰੇਸ਼ਨ ਇੰਜਨੀਅਰ ਹਰਜੀਤ ਸਿੰਘ ਨੂੰ ਹਟਾਉਣ ਦੇ ਢੰਗ-ਤਰੀਕੇ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਰੋਸ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਬਿਜਲੀ ਸੋਧ ਬਿੱਲ 2025 ਅਤੇ ਬਿਜਲੀ ਖੇਤਰ ਦੀਆਂ ਜਾਇਦਾਦਾਂ ਨੂੰ ਵੇਚਣ ਦੀ ਕੋਸ਼ਿਸ਼ ਦਾ ਵੀ ਵਿਰੋਧ ਕੀਤਾ ਗਿਆ। ਮੀਟਿੰਗ ਤੋਂ ਬਾਅਦ ਪੰਜਾਬ ਰਾਜ ਬਿਜਲੀ ਬੋਰਡ ਇੰਜਨੀਅਰਜ਼ ਐਸੋਸੀਏਸ਼ਨ ਦੇ ਰੀਜਨਲ ਸਕੱਤਰ ਇੰਜਨੀਅਰ ਪੰਕਜ ਗਰਗ ਐੱਸ ਡੀ ਓ ਸੰਗਰੂਰ ਨੇ ਦੋਸ਼ ਲਾਇਆ ਕਿ ਉਪਰੋਕਤ ਦੋਵੇਂ ਇੰਜਨੀਅਰਾਂ ਉਪਰ ਲਗਾਏ ਦੋਸ਼ਾਂ ਤੋਂ ਜਾਪਦਾ ਹੈ ਕਿ ਮੈਨੇਜਮੈਂਟ ਅਤੇ ਸਰਕਾਰ ਇੰਜਨੀਅਰਾਂ ਵਿੱਚ ਸਿਰਫ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰਕੇ ਪਾਵਰਕੌਮ ਅਤੇ ਟਰਾਂਸਕੋ ਦੀਆਂ ਜ਼ਮੀਨਾਂ ਨੂੰ ਲੁਕਵੇਂ ਏਜੰਡੇ ਰਾਹੀਂ ਕਾਰਪੋਰੇਟਾਂ ਨੂੰ ਵੇਚਣਾ ਚਾਹੁੰਦੀ ਹੈ। ਪਾਵਰਕੌਮ ਦੀ ਖੁਦਮੁਖਤਿਆਰੀ ਨੂੰ ਢਾਹ ਲਾਉਂਦੇ ਹੋਏ ਮਹਿਕਮੇ ਦੇ ਕੰਮਾਂ ਸਬੰਧੀ ਫੈਸਲੇ ਲੈਣ ਲਈ ਅਧਿਕਾਰਤ ਬੋਰਡ ਆਫ ਡਾਇਰੈਕਟਰਜ਼ ਦੇ ਅਖਤਿਆਰਾਂ ਤੇ ਕੰਟਰੋਲ ਕਰਦੇ ਹੋਏ ਤਕਨੀਕੀ ਕੰਮਾਂ ਅਤੇ ਖਰੀਦ ਪ੍ਰਕਿਰਿਆਵਾਂ ਆਦਿ ਵਿੱਚ ਬੇਲੋੜੀ ਰਾਜਨੀਤਿਕ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਸਮੂਹ ਇੰਜਨੀਅਰਾਂ ਨੇ ਪ੍ਰਣ ਕੀਤਾ ਹੈ ਕਿ ਮੈਨੇਜਮੈਂਟ ਅਤੇ ਸਰਕਾਰ ਵੱਲੋ ਇੰਜਨੀਅਰਾਂ ਵਿੱਚ ਡਰ ਅਤੇ ਸਹਿਮ ਪੈਦਾ ਕਰਨ ਲਈ ਅਪਣਾਏ ਜਾ ਰਹੇ ਹੱਥਕੰਡਿਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

