ਹਰਦੀਪ ਸਿੰਘ ਸੋਢੀ
ਧੂਰੀ, 19 ਮਈ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮੰਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਿਆ ਧਰਨਾ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ ਦੀ ਅਗਵਾਈ ਵਿੱਚ 230ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਧਰਨੇ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਕਈ ਸੂਬਿਆਂ ਦੀਆਂ ਸਰਕਾਰਾਂ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਕਰੋਨਾ ਤੋਂ ਬਚਾਉਣ ਵਿੱਚ ਨਾਕਾਮ ਰਹੀਆਂ ਹਨ ਤੇ ਇਕ ਦੂਜੇ ਉੱਪਰ ਰਾਜਨੀਤੀ ਕਰਨ ’ਤੇ ਉਤਰ ਆਈਆਂ ਹਨ।
ਉਨ੍ਹਾਂ ਕਿਹਾ ਕਰੋਨਾ ਕਾਰਨ ਦੇਸ਼ ਦੇ ਹਾਲਾਤ ਨਾਜ਼ੁਕ ਬਣੇ ਹੋਏ ਹਨ। ਇਸ ਸਥਿਤੀ ਵਿੱਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੀ ਜ਼ਰੂਰਤ ਹੈ। ਕੇਂਦਰ ਸਰਕਾਰ ਤੇ ਨਾ ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵੱਲ ਕੋਈ ਧਿਆਨ ਦਿੱਤਾ, ਜਿਸ ਕਾਰਨ ਅੱਜ ਕਰੋਨਾ ਕਾਰਨ ਕੀਮਤੀ ਜਾਨਾਂ ਜਾ ਰਹੀਆਂ ਹਨ। ਇਸ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ’ਤੇ ਹੀ ਧਰਨੇ ਚੁੱਕੇ ਜਾਣਗੇ।