ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਜਨਵਰੀ
ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਚੋਣ ਵਾਅਦੇ ਪੂਰੇ ਕਰਾਉਣ ਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਨਿੱਤ ਹਜ਼ਾਰਾਂ ਕਿਸਾਨ ਡੀ.ਸੀ. ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਵਿਚ ਸਰਕਾਰ ਖ਼ਿਲਾਫ਼ ਗਰਜ ਰਹੇ ਹਨ ਪਰ ਅੰਨਦਾਤੇ ਦੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਬੁਲੰਦ ਹੋ ਰਹੀ ਆਵਾਜ਼ ਨੂੰ ਸਮੇਂ ਦੀ ਸਰਕਾਰ ਅਣਗੌਲਿਆਂ ਕਰ ਰਹੀ ਹੈ ਜਿਸਦਾ ਪ੍ਰਤੱਖ ਸਬੂਤ ਮੁੱਖ ਮੰਤਰੀ ਪੰਜਾਬ ਸਮਾਂ ਦੇ ਕੇ ਵਾਰ ਵਾਰ ਮੀਟਿੰਗਾਂ ਮੁਲਤਵੀ ਕਰਨ ਤੋਂ ਨਜ਼ਰ ਆ ਰਿਹਾ ਹੈ। ਇਹ ਦੋਸ਼ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾਈ ਆਗੂਆਂ ਨੇ ਅੱਜ ਇਥੇ ਵਿਸ਼ਾਲ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਮੌਜੂਦਾ ਸਰਕਾਰ ਉਪਰ ਲਗਾਏ ਹਨ। ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਜਾਰੀ ਪੱਕੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਨੂੰ ਦੋ-ਦੋ ਸਰਕਾਰਾਂ ਦੇ ਖ਼ਿਲਾਫ਼ ਲੜਾਈ ਲੜਨੀ ਪੈ ਰਹੀ ਹੈ। ਖੇਤੀ ਕਾਨੂੰਨ ਰੱਦ ਕਰਾਉਣ ਦੀ ਲੜਾਈ ਜਿੱਤਣ ਮਗਰੋਂ ਹੁਣ ਕੇਂਦਰ ਸਰਕਾਰ ਤੋਂ ਐੱਮਐੱਸਪੀ ਦਾ ਗਾਰੰਟੀ ਕਾਨੂੰਨ ਬਣਾਉਣ ਸਣੇ ਅਨੇਕਾਂ ਮੰਗਾਂ ਅਜੇ ਬਾਕੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਮੌਕੇ ਸਮੁੱਚੇ ਕਿਸਾਨਾਂ ਦਾ ਕਰਜ਼ਾ ਮੂਆਫ਼ ਕਰਨ ਸਮੇਤ ਅਨੇਕਾਂ ਵਾਅਦੇ ਕੀਤੇ ਗਏ ਅਤੇ ਉਸ ਮਗਰੋਂ ਯੂਨੀਅਨ ਨਾਲ ਮੀਟਿੰਗਾਂ ਦੌਰਾਨ ਅਨੇਕਾਂ ਮੰਗਾਂ ਮੰਨੀਆਂ ਗਈਆਂ ਹਨ ਪਰ ਅਜੇ ਤੱਕ ਨਾ ਵਾਅਦੇ ਪੂਰੇ ਕੀਤੇ ਤੇ ਨਾ ਹੀ ਮੰਗਾਂ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਨਦਾਤਾ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਠੰਢ ਦੇ ਬਾਵਜੂਦ ਸੜਕਾਂ ’ਤੇ ਰੁਲਣ ਲਈ ਮਜ਼ਬੂਰ ਹੈ ਜਿਸਦੇ ਲਈ ਚੰਨੀ ਸਰਕਾਰ ਦੀ ਲਾਪ੍ਰਵਾਹੀ ਜਿੰਮੇਵਾਰ ਹੈ ਜੋ ਕਿ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੁਲਤਵੀ ਕਰ ਰਹੇ ਹਨ ਤੇ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਸਰਕਾਰ ਦੇ ਅਜਿਹੇ ਰਵੱਈਏ ਖ਼ਿਲਾਫ਼ ਕਿਸਾਨਾਂ ’ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜਿਥੇ ਚੰਨੀ ਸਰਕਾਰ ਦੇ ਨਾਂਹ-ਪੱਖੀ ਰਵੱਈਏ ਖ਼ਿਲਾਫ਼ ਡੀ.ਸੀ. ਦਫ਼ਤਰਾਂ ਅੱਗੇ ਬੇਮਿਆਦੀ ਰੋਸ ਧਰਨੇ ਤੇ ਘਿਰਾਓ ਜਾਰੀ ਰਹਿਣਗੇ ਉਥੇ ਮੋਦੀ ਸਰਕਾਰ ਖ਼ਿਲਾਫ਼ ਭਲਕੇ 3 ਤੇ 4 ਜਨਵਰੀ ਨੂੰ ਪੂਰੇ ਪੰਜਾਬ ’ਚ ਅਰਥੀਆਂ ਫ਼ੂਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਚੰਨੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਅਮਲੀ ਰੂਪ ’ਚ ਲਾਗੂ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਿਸਾਨ ਡੀ.ਸੀ. ਦਫ਼ਤਰਾਂ ਅੱਗੇ ਡਟੇ ਰਹਿਣਗੇ ਤੇ ਖਾਲੀ ਹੱਥ ਵਾਪਸ ਨਹੀਂ ਪਰਤਣਗੇ।