ਮੁਕੰਦ ਸਿੰਘ ਚੀਮਾ
ਸੰਦੌੜ, 19 ਅਪਰੈਲ
ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਨਾਲ ਸਬੰਧਿਤ ਪਿੰਡਾਂ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਪਿੰਡ ਸੇਰਗੜ੍ਹ ਚੀਮਾ ਵਿੱਚ ਮੀਟਿੰਗ ਕੀਤੀ। ਮੀਟਿੰਗ ਵਿੱਚ ਹਲਕਾ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ ਨੇ ਵੀ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣੀ ਹੈ, ਉਦੋਂ ਹੀ ਪੰਜਾਬ ਦਾ ਹਰ ਪੱਖ ਤੋਂ ਸਰਬਪੱਖੀ ਵਿਕਾਸ ਹੋਇਆ ਹੈ ਅਤੇ ਲੋਕ ਅੱਜ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕੰਮਾਂ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਭਗਵੰਤ ਮਾਨ ਦੀ ਅਣਗਹਿਲੀ ਅਤੇ ਸਰਕਾਰ ਦੇ ਝੂਠੇ ਲਾਰਿਆਂ ਕਾਰਨ ਪੰਜਾਬ ਆਰਥਿਕ ਤੌਰ ’ਤੇ ਕੰਗਾਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਰਫ ਨਾਂਅ ਦੀ ਸਰਕਾਰ ਚੱਲ ਰਹੀ ਹੈ ਜਦਕਿ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਸਰਕਾਰ ਇਕ ਵੀ ਵਿਕਾਸ ਦਾ ਪ੍ਰਾਜੈਕਟ ਸ਼ੁਰੂ ਨਹੀਂ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਵਿੱਚ ਮਹਿਜ਼ ਇਸ਼ਤਿਹਾਰਾਂ ਰਾਹੀਂ ਹੀ ਵਿਕਾਸ ਹੋਇਆ ਹੈ। ਬੀਬਾ ਜਾਹਿਦਾ ਸੁਲੇਮਾਨ ਅਤੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਧਲੇਰ ਨੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਅਪੀਲ ਕੀਤੀ।