ਇੱਥੋਂ ਨੇੜਲੇ ਪਿੰਡ ਘਰਾਚੋਂ ਵਿੱਚ ਬੀਤੀ ਸ਼ਾਮ ਸ਼ਹੀਦ ਭਗਤ ਸਿੰਘ ਅਵੇਰਨੈੱਸ ਕਲੱਬ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਵਿੱਚ ‘ਇੱਕ ਸ਼ਾਮ ਸ਼ਹੀਦਾਂ ਦੇ ਨਾਮ’ ਸਮਾਗਮ ਕਰਵਾਇਆ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਪਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਦੀਆਂ ਸ਼ਹਾਦਤਾਂ ਸਦਕਾ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਅ ਰਹੀ ਹੈ। ਸਮਾਗਮ ਦੌਰਾਨ ਪੰਜਾਬੀ ਲੋਕ ਗਾਇਕ ਰਵਿੰਦਰ ਗਰੇਵਾਲ ਅਤੇ ਰਣਜੀਤ ਬਾਵਾ ਨੇ ਆਪਣੇ ਗੀਤਾਂ ਨਾਲ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਨੂੰ ਬਾਖੂਬੀ ਢੰਗ ਨਾਲ ਪੇਸ਼ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਮੁੱਖ ਮੰਤਰੀ ਦੇ ਓਐਸਡੀ ਰਾਜਵੀਰ ਸਿੰਘ ਘਰਾਚੋਂ, ਸੁਖਵੀਰ ਸਿੰਘ ਘਰਾਚੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਦਲਜੀਤ ਸਿੰਘ ਸਰਪੰਚ ਸਣੇ ਕਲੱਬ ਦੇ ਮੈਂਬਰ ਅਤੇ ਲੋਕ ਹਾਜ਼ਰ ਸਨ।

