ਨਿੱਜੀ ਪੱਤਰ ਪ੍ਰੇਰਕ
ਧੂਰੀ, 22 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ। ਧੂਰੀ ਹਲਕੇ ਦੇ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਦੌਰਾਨ ਖਹਿਰਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਚੋਣਾਂ ਸਮੇਂ ਕੀਤੇ ਵਾਅਦਿਆਂ ’ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਪੰਜਾਬ ਦੇ ਨੌਜਵਾਨ ਰੁਜ਼ਗਾਰ ਨਾ ਮਿਲਣ ਕਾਰਨ ਵਿਦੇਸ਼ਾ ਵੱਲ ਨੂੰ ਜਾ ਰਹੇ ਹਨ, ਜਿਸ ਦੀ ਮੁੱਖ ਜ਼ਿੰਮੇਵਾਰ ਪੰਜਾਬ ਦੀ ‘ਆਪ’ ਸਰਕਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਸਭਾ ਚੋਣਾਂ ’ਚ ਲੋਕ ਸਭਾ ਹਲਕਾ ਸੰਗਰੂਰ ਦੇ ਲੋਕ ਆਮ ਆਦਮੀ ਪਾਰਟੀ ਅਤੇ ਹੋਰਨਾਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਕਾਰਦੇ ਹੋਏ ਕਾਂਗਰਸ ਦੇ ਹੱਕ ਵਿੱਚ ਰਿਕਾਰਡ ਤੋੜ ਵੋਟਾਂ ਪਾਉਣਗੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਬਲਾਕ ਸਮਿਤੀ ਚੇਅਰਪਰਸਨ ਦੇ ਪਤੀ ਜਗਤਾਰ ਸਿੰਘ ਤਾਰਾ ਬੇਨੜਾ, ਜ਼ਿਲ੍ਹਾ ਪਰਿਸ਼ਦ ਮੈਂਬਰ ਇੰਦਰਪਾਲ ਸਿੰਘ ਗੋਲਡੀ ਕਹੇਰੂ, ਚਮਕੌਰ ਸਿੰਘ ਕੁੰਭੜਵਾਲ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਸ਼ੇਰਪੁਰ ਤੇ ਕੌਂਸਲਰ ਸਾਧੂ ਰਾਮ ਆਦਿ ਹਾਜ਼ਰ ਸਨ।
ਭੱਠਲ ਦੇ ਪੁੱਤਰ ਵੱਲੋਂ ਖਹਿਰਾ ਲਈ ਪ੍ਰਚਾਰ
ਲਹਿਰਾਗਾਗਾ (ਪੱਤਰ ਪ੍ਰੇਰਕ): ਪਿੰਡ ਰਾਮਗੜ੍ਹ ਸੰਧੂਆਂ, ਜਲੂਰ, ਰਾਏ ਧੜਾਣਾ, ਭੁਟਾਲ ਕਲਾਂ ਆਦਿ ਵਿੱਚ ਸੁਖਪਾਲ ਸਿੰਘ ਖਹਿਰਾ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਪੁੱਤਰ ਰਾਹੁਲ ਇੰਦਰ ਸਿੰਘ ਸਿੱਧੂ ਵੱਲੋਂ ਖਹਿਰਾ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ। ਰਾਹੁਲ ਇੰਦਰ ਸਿੰਘ ਸਿੱਧੂ ਨੇ ਕਿਹਾ ਸੁਖਪਾਲ ਸਿੰਘ ਖਹਿਰਾ ਹੱਕ ਸੱਚ ’ਤੇ ਲੜਨ ਵਾਲੇ ਇਨਸਾਨ ਹਨ। ਪੰਜਾਬ ਦੇ ਲੋਕ ਉਨ੍ਹਾਂ ਦੀ ਆਵਾਜ਼ ਨੂੰ ਬੁਲੰਦ ਕਰ ਰਹੇ ਹਨ। ਇਸ ਮੌਕੇ ਬੀਬੀ ਰਜਿੰਦਰ ਕੌਰ ਭੱਠਲ ਦੇ ਓਐੱਸਡੀ ਰਵਿੰਦਰ ਸਿੰਘ ਟੂਰਨਾ ਤੇ ਦਲਜੀਤ ਸਿੰਘ ਵਿਰਕ ਆਦਿ ਹਾਜ਼ਰ ਸਨ।