ਸਾਬਕਾ ਫ਼ੌਜੀਆਂ ਤੇ ਕਿਸਾਨਾਂ ਵੱਲੋਂ ਸਟੇਟ ਹਾਈਵੇਅ ’ਤੇ ਅਰਥੀ ਫ਼ੂਕ ਮੁਜ਼ਾਹਰਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 27 ਜੂਨ
ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਵਲੋਂ ਭਾਕਿਯੂ ਏਕਤਾ ਉਗਰਾਹਾਂ ਦੇ ਸਹਿਯੋਗ ਸਦਕਾ ਇਥੇ ਪੰਜਾਬ ਗ੍ਰਾਮੀਣ ਬੈਂਕ ਦੇ ਰੀਜ਼ਨਲ ਦਫ਼ਤਰ ਅੱਗੇ ਰੋਸ ਧਰਨਾ ਦੇਣ ਉਪਰੰਤ ਦਿੱਲੀ-ਲੁਧਿਆਣਾ ਸਟੇਟ ਹਾਈਵੇਅ ਉਪਰ ਸਥਿਤ ਮੁੱਖ ਚੌਂਕ ਵਿਚ ਮੈਨੇਜਮੈਂਟ ਦਾ ਪੂਤਲਾ ਫ਼ੂਕਦਿਆਂ ਰੋਸ ਮੁਜ਼ਾਹਰਾ ਕੀਤਾ। ਮੁਜ਼ਾਹਰਾਕਾਰੀ ਬੈਂਕ ਵਿਚ ਗੰਨਮੈਨ ਵਜੋਂ ਡਿਊਟੀ ਕਰ ਰਹੇ ਸਾਬਕਾ ਸੈਨਿਕਾਂ ਨੂੰ ਡਿਊਟੀ ਤੋਂ ਫਾਰਗ ਕਰਨ ਤੋਂ ਖਫ਼ਾ ਹਨ ਅਤੇ ਮੁੜ ਬਹਾਲ ਕਰਨ ਦੀ ਮੰਗ ਕਰ ਰਹੇ ਹਨ।
ਅੱਜ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੀ ਅਗਵਾਈ ਹੇਠ ਵਰਕਰਾਂ ਵਲੋਂ ਗ੍ਰਾਮੀਣ ਬੈਂਕ ਦੇ ਰੀਜ਼ਨਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਬਾਅਦ ਦੁਪਹਿਰ ਰੋਸ ਮਾਰਚ ਕਰਦੇ ਹੋਏ ਦਿੱਲੀ-ਲੁਧਿਆਣਾ ਸਟੇਟ ਹਾਈਵੇ ’ਤੇ ਸਥਿਤ ਭਗਵਾਨ ਮਹਾਂਵੀਰ ਚੌਂਕ ਪੁੱਜੇ ਜਿਥੇ ਅਰਥੀ ਫ਼ੂਕ ਮੁਜਾਹਰਾ ਕੀਤਾ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਕਿਹਾ ਕਿ ਬੈਂਕ ਵਿਚ ਗੰਨਮੈਨ ਵਜੋਂ ਕੰਮ ਕਰਦੇ ਸਾਬਕਾ ਸੈਨਿਕਾਂ ਨੂੰ ਬਿਨ੍ਹਾਂ ਕਿਸੇ ਠੋਸ ਕਾਰਨ ਦੇ ਡਿਊਟੀ ਤੋਂ ਫਾਰਗ ਕੀਤਾ ਜਾ ਰਿਹਾ ਹੈ ਜਿਸ ਕਾਰਨ ਸਾਬਕਾ ਸੈਨਿਕਾਂ ’ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਾਬਕਾ ਸੈਨਿਕਾਂ ਵਲੋਂ ਬੈਂਕ ਅੱਗੇ ਰੋਸ ਧਰਨਾ ਦਿੱਤਾ ਗਿਆ ਸੀ ਅਤੇ ਇਸ ਮੰਗ ਦੇ ਹੱਲ ਲਈ ਬੈਂਕ ਵਲੋਂ ਲਿਖਤੀ ਵਾਅਦਾ ਕੀਤਾ ਗਿਆ ਸੀ ਪਰ ਕੋਈ ਕਾਰਵਾਈ ਨਾ ਕਰਨ ’ਤੇ ਮੁੜ ਸਾਬਕਾ ਸੈਨਿਕਾਂ ਨੂੰ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਡਿਊਟੀ ਤੋਂ ਫਾਰਗ ਕੀਤੇ ਗਏ ਸਾਬਕਾ ਸੈਨਿਕਾਂ ਦੇ ਹੱਕ ਵਿਚ ਡਟ ਕੇ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ ਅਤੇ ਇਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਕਿਸੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਡਿਊਟੀ ਤੋਂ ਫਾਰਗ ਕੀਤੇ ਗਏ ਸਾਬਕਾ ਸੈਨਿਕਾਂ ਨੂੰ ਬਹਾਲ ਨਾ ਕੀਤਾ ਗਿਆ ਤਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਲੀਅਨ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਹਰਜੀਤ ਸਿੰਘ ਮਹਿਲਾਂ ਚੌਂਕ, ਅਮਨਦੀਪ ਸਿੰਘ ਮਹਿਲਾਂ ਚੌਂਕ, ਚਮਕੌਰ ਸਿੰਘ ਮਹਿਲਾਂ, ਭਰਪੂਰ ਸਿੰਘ ਬਲਾਕ ਪ੍ਰਧਾਨ ਬੀਕੇਯੂ ਏਕਤਾ ਉਗਰਾਹਾਂ ਦਿੜਬਾ ਨੇ ਮੰਗ ਕੀਤੀ ਕਿ ਡਿਊਟੀ ਤੋਂ ਫਾਰਮ ਕੀਤੇ ਸਾਬਕਾ ਸੈਨਿਕਾਂ ਨੂੰ ਮੁੜ ਨੌਕਰੀ ’ਤੇ ਬਹਾਲ ਕੀਤਾ ਜਾਵੇ।