ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 8 ਨਵੰਬਰ
‘‘ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕੈਬਨਿਟ ਮੀਟਿੰਗ ਵਿੱਚ ਕਾਂਗਰਸ ਸਰਕਾਰ ਨੇ ਪੈਟਰੋਲ-ਡੀਜ਼ਲ ’ਤੇ ਵੈਟ ਘਟਾਉਣ ਦਾ ਫੈਸਲਾ ਲਿਆ ਹੈ ਜਿਸ ਨਾਲ ਪੈਟਰੋਲ 10/- ਰੁਪਏ ਤੇ ਡੀਜ਼ਲ 5/- ਰੁਪਏ ਸਸਤਾ ਹੋ ਜਾਣਾ ਹੈ। ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਨੇ ਹਰ ਵਰਗ ਦੀ ਹਿਤੈਸ਼ੀ ਸਰਕਾਰ ਹੋਣ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਹਰ ਵਰਗ ਨਾਲ ਖੜ੍ਹੀ ਹੈ ਅਤੇ ਹਮੇਸ਼ਾ ਲੋਕ ਹਿਤੈਸ਼ੀ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਹੁਣ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਘੱਟ ਕਰਨ ਨਾਲ ਸੂਬੇ ਦੇ ਆਮ ਨਾਗਰਿਕਾਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਮਹਿੰਗਾਈ ਨੂੰ ਵੀ ਠੱਲ੍ਹ ਪਵੇਗੀ ਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਆਵੇਗੀ। ਇਸ ਲਈ ਸੂਬੇ ਦੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਵੱਡਾ ਇਤਿਹਾਸਕ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਜਿੱਥੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਉਥੇ ਹੀ ਆਮ ਲੋਕਾਂ ਨੂੰ ਸਸਤੀਆਂ ਦਰਾਂ ਤੇ ਵੱਖ ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।