ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 27 ਅਗਸਤ
ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿੱਚ ਪਿਛਲੇ 9 ਮਹੀਨਿਆਂ ਤੋਂ ਚੱਲ ਰਹੇ ਲਗਾਤਾਰ ਕਿਸਾਨ ਧਰਨੇ ਵਿੱਚ ਪਹਿਲੇ ਦਿਨ ਤੋਂ ਸ਼ਾਮਲ ਹੋ ਕੇ ਆਪਣੇ ਇਨਕਲਾਬੀ ਗੀਤਾਂ ਰਾਹੀਂ ਲੋਕਾਂ ਨੂੰ ਲਾਮਬੰਦ ਕਰਨ ਵਾਲੇ ਮਜ਼ਦੂਰ ਮੇਵਾ ਸਿੰਘ ਕਾਲਾਝਾੜ ਦਾ ਲੰਘੇ ਦਿਨ ਧਰਨੇ ਵਿਚ ਹੀ ਸਿਹਤ ਖ਼ਰਾਬ ਹੋਣ ਕਾਰਨ ਦੇਹਾਂਤ ਹੋ ਗਿਆ ਸੀ। ਅੱਜ ਉਸ ਦੇ ਜੱਦੀ ਪਿੰਡ ਕਾਲਾਝਾੜ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਅਜੈਬ ਸਿੰਘ ਲੱਖੇਵਾਲ, ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਡਕੌਂਦਾ ਗਰੁੱਪ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ ਤੇ ਰਣਧੀਰ ਸਿੰਘ ਭੱਟੀਵਾਲ ਨੇ ਮੇਵਾ ਸਿੰਘ ਕਾਲਾਝਾੜ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਹ ਆਮ ਮੌਤਾਂ ਨਹੀਂ ਹਨ, ਸਗੋਂ ਮੋਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਕਿਸਾਨ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕੁਰਬਾਨੀਆਂ ਅਜਾਈਂ ਨਹੀਂ ਜਾਣਗੀਆਂ, ਸਗੋਂ ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਪ੍ਰੇਰਣਾ ਸਰੋਤ ਬਣਨਗੀਆਂ। ਇਸ ਮੌਕੇ ਵੱਡੀ ਗਿਣਤੀ ਔਰਤਾਂ ਸਣੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ।