ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਲਈ ਵਿਉਂਤਬੰਦੀ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 28 ਮਾਰਚ ਨੂੰ ਪੰਜਾਬ ਸਰਕਾਰ ਖ਼ਿਲਾਫ਼ ਹੋਣ ਵਾਲੇ ਜਬਰ ਵਿਰੋਧੀ ਵਿਸ਼ਾਲ ਪ੍ਰਦਰਸ਼ਨ ਦੀ ਵਿਉਂਤਬੰਦੀ ਉਲੀਕਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸਥਾਨਕ ਤੇਜਾ ਸਿੰਘ ਸਤੰਤਰ ਭਵਨ ਵਿੱਚ ਹੋਈ ਜਿਸਦੀ ਪ੍ਰਧਾਨਗੀ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਸੂਬਾ ਆਗੂ ਐਡਵੋਕੇਟ ਕਿਰਨਜੀਤ ਸਿੰਘ ਸੇਖੋਂ ਅਤੇ ਬੀ.ਕੇ.ਯੂ ਡਕੌਦਾ ਬੁਰਜ ਗਿੱਲ ਦੇ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਨੇ ਕੀਤੀ।
ਮੀਟਿੰਗ ਵਿੱਚ ਪੰਜਾਬ ਸਰਕਾਰ ਵਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਉਪਰ ਕਿਸਾਨਾਂ ਉਪਰ ਤਸ਼ੱਦਦ ਕਰਨ, ਮੋਰਚਿਆਂ ਨੂੰ ਉਖਾੜਨ ਅਤੇ ਸਾਮਾਨ ਦੀ ਭੰਨ-ਤੋੜ ਅਤੇ ਜਬਤ ਕਰਨ ਦੀ ਨਿਖੇਧੀ ਕੀਤੀ ਗਈ। ਮੀਟਿੰਗ ਉਪਰੰਤ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਬੀਕੇਯੂ ਡਕੌਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਦਰਬਾਰਾ ਸਿੰਘ ਛਾਜਲਾ, ਬੀਕੇਯੂ ਰਾਜੇਵਾਲ ਦੇ ਜ਼ਿਲਾ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ, ਬੀਕੇਯੂ ਡਕੌਂਦਾ ਬੁਰਜਗਿੱਲ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਵਾਲ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਜ਼ਿਲ੍ਹਾ ਆਗੂ ਸਤਵੰਤ ਸਿੰਘ ਖੰਡੇਬਾਦ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਨੇ ਦੱਸਿਆ ਕਿ 28 ਮਾਰਚ ਨੂੰ ਅਨਾਜ ਮੰਡੀ ਸੰਗਰੂਰ ਵਿੱਚ ਇਕੱਠੇ ਹੋ ਕੇ ਡੀ.ਸੀ ਦਫ਼ਤਰ ਤੱਕ ਰੋਸ ਮੁਜ਼ਾਹਰਾ ਕਰਦਿਆਂ 11 ਵਜੇ ਤੋਂ 3 ਵਜੇ ਤੱਕ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਹਰ ਹੀਲੇ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਦੱਸਿਆ ਕਿ 28 ਮਾਰਚ ਦੇ ਜਬਰ ਵਿਰੋਧੀ ਪ੍ਰਦਰਸ਼ਨਾਂ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਪਿੰਡਾਂ ਵਿੱਚ ਪ੍ਰਚਾਰ ਕਰਕੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ।
ਡੀਸੀ ਦਫ਼ਤਰ ਅੱਗੇ ਧਰਨੇ ਦਾ ਐਲਾਨ
ਪਟਿਆਲਾ (ਸਰਬਜੀਤ ਸਿੰਘ ਭੰਗੂ): ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਪਟਿਆਲਾ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਅਤੇ ਜਨਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਈ ਜਿਸ ਦੀ ਅਗਵਾਈ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਬਲਰਾਜ ਜੋਸ਼ੀ ਨੇ ਕੀਤੀ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸੂਬਾ ਕਮੇਟੀ ਦੇ ਫੈਸਲੇ ਤਹਿਤ 28 ਮਾਰਚ ਨੂੰ ਡੀਸੀ ਦਫ਼ਤਰ ਪਟਿਆਲਾ ਦੇ ਅੱਗੇ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਸ਼ੰਭੂ ਅਤੇ ਢਾਬੀਗੁੱਜਰਾਂ ਤੇ ਸ਼ੰਭੂ ਬਾਰਡਰਾਂ ’ਤੇ ਪੁਲੀਸ ਵੱਲੋਂ ਕਿਸਾਨਾਂ ਨਾਲ ਕੀਤੀ ਗਈ ਜ਼ਿਆਦਤੀ ਅਤੇ ਧੱਕੇਸ਼ਾਹੀ ਬਰਦਾਸ਼ਤਯੋਗ ਨਹੀਂ ਹੈ। ਇਸ ਮੀਟਿੰਗ ਵਿੱਚ ਧਰਮਪਾਲ ਸੀਲ, ਰਾਮਿੰਦਰ ਪਟਿਆਲਾ, ਇਕਬਾਲ ਮੰਡੌਲੀ, ਅਵਤਾਰ ਕੌਰਜੀਵਾਲਾ, ਹਰਦੀਪ ਘਨੁੜਕੀ, ਗੁਲਜ਼ਾਰ ਸਿੰਘ, ਹਰਭਗਵਾਨ ਸਿੰਘ, ਬ੍ਰਿਜ ਲਾਲ, ਦਰਸ਼ਨ ਬੇਲੂਮਾਜਰਾ, ਹਰਬੰਸ ਦਦਹੇੜਾ, ਦਵਿੰਦਰ ਬੈਨੀਪਾਲ, ਜਗਪਾਲ ਊਧਾ, ਸੁਖਵਿੰਦਰ ਤੁੱਲੇਵਾਲ, ਦਲਜਿੰਦਰ ਸਿੰਘ, ਹਰਵਿੰਦਰ ਗਿੱਲ, ਸੰਦੀਪ ਖੱਤਰੀ, ਗੁਰਦੀਪ ਸਿੰਘ ਅਤੇ ਜੈ ਦੇਵ ਆਦਿ ਆਗੂ ਵੀ ਸ਼ਾਮਲ ਹੋਏ।