ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਦਸੰਬਰ
ਖਰਾਬ ਮੌਸਮ ਤੇ ਠੰਢ ਦੇ ਬਾਵਜੂਦ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ’ਚ ਕਿਸਾਨ ਸੰਘਰਸ਼ ਦਾ ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਖੇਤੀ ਕਾਨੂੰਨ ਰੱਦ ਨਾ ਕਰਨ ’ਤੇ ਅੜੀ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ’ਚ ਜੋਸ਼ ਤੇ ਹੋਸ਼ ਬਰਕਰਾਰ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਨੇੜੇ ਅਤੇ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਭਾਜਪਾ ਆਗੂ ਦੇੇ ਘਰ ਅਤੇ ਖੇੜੀ ਰਿਲਾਇੰਸ ਪੰਪ ਅੱਗੇ ਚੱਲ ਰਹੇ ਰੋਸ ਧਰਨਿਆਂ ਦੇ ਮੋਰਚੇ ਸੰਭਾਲ ਰੱਖੇ ਹਨ। ਇਨ੍ਹਾਂ ਤਿੰਨੋਂ ਥਾਵਾਂ ’ਤੇ ਅੱਜ ਬੁਲਾਰਿਆਂ ਜਿਥੇ ਕੇਂਦਰ ਸਰਕਾਰ ਨੂੰ ਕਿਸਾਨ ਤੇ ਪੰਜਾਬ ਵਿਰੋਧੀ ਕਰਾਰ ਦਿੱਤਾ ਉੱਥੇ ਕਿਸਾਨ ਜਥੇਬੰਦੀਆਂ ਵੱਲੋਂ 14 ਦਸੰਬਰ ਨੂੰ ਡੀਸੀ ਦਫ਼ਤਰਾਂ ਅੱਗੇ ਰੋਸ ਧਰਨਿਆਂ ਦੇ ਉਲੀਕੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਅਤੇ ਹਰ ਵਰਗ ਦੇ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।
ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਖੇੜੀ ਰਿਲਾਇੰਸ ਪੰਪ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਅਤੇ ਸਕੱਤਰ ਗੋਬਿੰਦਰ ਸਿੰਘ ਬਡਰੁੱਖਾਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਠੰਢ ਦੇ ਮੌਸਮ ਵਿੱਚ ਦਿੱਲੀ ਦੀਆਂ ਸੜਕਾਂ ’ਤੇ ਬੈਠੇ ਦੇਸ਼ ਦੇ ਅੰਨਦਾਤਾ ਨੂੰ ਨਜ਼ਰਅੰਦਾਜ਼ ਹੀ ਨਹੀਂ ਕਰ ਸਕੀ ਸਗੋਂ ਖਾਲਿਸਤਾਨੀ, ਨਕਸਲੀ, ਵੱਖਵਾਦੀ ਆਦਿ ਦੱਸ ਕੇ ਬਦਨਾਮ ਕਰ ਰਹੀ ਹੈ ਅਤੇ ਦੇਸ਼-ਵਿਦੇਸ਼ ਤੱਕ ਗੂੰਜ ਰਹੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਦੀਆਂ ਸਾਜਿਸ਼ਾਂ ਰਚ ਰਹੀ ਹੈ। ਇਸ ਤੋਂ ਸੁਚੇਤ ਹੋਣ ਦੀ ਲੋੜ ਹੈ।
ਉਧਰ ਰੇਲਵੇ ਸਟੇਸ਼ਨ ਨੇੜੇ ਰੋਸ ਧਰਨੇ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਬਲਵਿੰਦਰ ਸਿੰਘ ਬਡਰੁੱਖਾਂ, ਇੰਦਰਪਾਲ ਸਿੰਘ ਪੁੰਨਾਂਵਾਲਾ, ਇੰਦਰਜੀਤ ਸਿੰਘ ਛੰਨਾਂ, ਦਰਸ਼ਨ ਸਿੰਘ ਛਾਜਲੀ, ਪ੍ਰਗਟ ਸਿੰਘ, ਦਰਸ਼ਨ ਸਿੰਘ ਝਨੇੜੀ, ਨਿਰਮਲ ਸਿੰਘ ਬਟੜਿਆਣਾ, ਰਣ ਸਿੰਘ ਚੱਠਾ, ਜਸਵੰਤ ਸਿੰਘ ਬਿਗੜਵਾਲ, ਸਰਬਜੀਤ ਸਿੰਘ ਵੜੈਚ, ਭਜਨ ਸਿੰਘ ਢੱਡਰੀਆਂ ਆਦਿ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਡੀਸੀ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਪੈਟਰੋਲ ਪੰਪ ’ਤੇ ਬੀਤੀ ਰਾਤ ਪਈ ਬਾਰਸ਼ ਦੇ ਬਾਵਜੂਦ ਧਰਨਾਕਾਰੀਆਂ ਦਾ ਧਰਨਾ 73ਵੇਂ ਦਿਨ ਜਾਰੀ ਰਿਹਾ। ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸ਼ੋਰ ਨੇ ਕਿਹਾ ਕਿ ਭਾਜਪਾ ਸਰਕਾਰ ਕਾਰਪਰੇਟਰਾਂ ਨੂੰ ਖੁਸ਼ ਕਰਨ ਲਈ ਕਿਸਾਨੀ ਸੰਘਰਸ਼ ਨੂੰ ਨਕਸਲੀ, ਮਾਓਵਾਦੀ ਤੇ ਖਾਲਿਸਤਾਨੀ ਦੱਸ ਕੇ ਮੋਦੀ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ ਜਦਕਿ ਖੇਤੀ ਵਿਰੋਧੀ ਕਾਨੂੰਨ ’ਚ ਨਿਰੋਲ ਕਿਸਾਨੀ ਹੋਣ ਕਰਕੇ ਪੂਰੇ ਭਾਰਤ ਦੇ ਕਿਸਾਨ ਸ਼ਾਮਲ ਹਨ ਅਤੇ ਦੇਸ਼ ਦੇ ਹਰ ਵਰਗ ’ਚ ਹਮਾਇਤ ਮਿਲ ਰਹੀ ਹੈ।
ਬਲਾਕ ਆਗੂ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਰਾਮਚੰਦ ਸਿੰਘ, ਗੋਗੀ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ ਤੇ ਰਿੰਕੂ ਮੂਣਕ ਨੇ ਕਿਹਾ ਕਿ ਅੱਜ ਦਰਜਨਾਂ ਪਿੰਡਾਂ ’ਚੋਂ ਸੈਂਕੜੇ ਟਰਾਲੀਆਂ ਨੇ ਕਈ ਮਹੀਨਿਆਂ ਦਾ ਰਸਦ ਨਾਲ ਲੈ ਕੇ ਦਿੱਲੀ ਵੱਲ ਨੂੰ ਕੂਚ ਕੀਤਾ।