ਸੰਗਰੂਰ (ਨਿਜੀ ਪੱਤਰ ਪ੍ਰੇਰਕ) ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਦੇ ਵਿਰੋਧ ਵਿੱਚ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ ਤੇ ਕਿਸਾਨ ਬੀਬੀਆਂ ਵੱਲੋਂ ਡੀਸੀ ਦਫ਼ਤਰ ਦੇ ਮੁੱਖ ਗੇਟ ਅੱਗੇ ਆਵਾਜਾਈ ਠੱਪ ਕਰਦਿਆਂ ਵਿਸ਼ਾਲ ਰੋਸ ਧਰਨਾ ਦਿੱਤਾ ਜਦੋਂਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਦੇ ਪਿੱਛਲੇ ਗੇਟ ਅੱਗੇ ਚੱਕਾ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ। ਬੁਲਾਰਿਆਂ ਨੇ ਕੇਂਦਰ ਦੀ ਮੋਦੀ ਸਰਕਾਰ, ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਤੇ ਹਰਿਆਣਾ ਦੀ ਖੱਟਰ ਸਰਕਾਰ ਉਪਰ ਤਿੱਖੇ ਸ਼ਬਦੀ ਹਮਲੇ ਕੀਤੇ ਤੇ ਲਖੀਮਪੁਰ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਤੇ ਉਸਦੇ ਪੁੱਤਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਹਜ਼ਾਰਾਂ ਕਿਸਾਨ ਡੀਸੀ ਦਫ਼ਤਰ ਅੱਗੇ ਪੁੱਜੇ ਤੇ ਧਰਨੇ ਤੋਂ ਪਹਿਲਾਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਲਖੀਮਪੁਰ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਦਿੱਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ
ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ ਤੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਲਖੀਮਪੁਰ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਘਟਨਾ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਜੇ ਮਿਸ਼ਰਾ ਤੇ ਉਸਦਾ ਪੁੱਤਰ ਜ਼ਿੰਮੇਵਾਰ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਘਟਨਾ ਤੋਂ ਪਹਿਲਾਂ ਕਿਸਾਨਾਂ ਖ਼ਿਲਾਫ਼ ਜ਼ਹਿਰ ਉਗਲਿਆ ਜੋ ਇਸ ਘਟਨਾ ਦੇ ਰੂਪ ’ਚ ਸ਼ਾਹਮਣੇ ਆਇਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਕੇਂਦਰੀ ਮੰਤਰੀ ਮੰਡਲ ’ਚੋਂ ਤੁਰੰਤ ਬਰਖਾਸਤ ਕੀਤਾ ਜਾਵੇ ਤੇ ਉਸਦੇ ਅਤੇ ਉਸਦੇ ਪੁੱਤਰ ਅਸੀਸ਼ ਮਿਸ਼ਰਾ ਦੇ ਖਿਲਾਫ਼ ਕਤਲ ਤੇ ਹਿੰਸਾ ਫੈਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਜਾਵੇ। ਆਗੂਅ ਨੇ ਕਿਹਾ ਕਿ ਸ਼ਹੀਦ ਕਿਸਾਨਾਂ ਦਾ ਡੁੱਲ੍ਹਿਆ ਖੂਨ ਅਜਾਈਂ ਨਹੀਂ ਜਾਵੇਗਾ ਜੋ ਕਿਸਾਨੀ ਸੰਘਰਸ਼ ਨੂੰ ਤਾਕਤ ਬਖ਼ਸ਼ੇਗਾ। ਬੁਲਾਰਿਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਰਕਰਾਂ ਨੂੰ ਡਾਗਾਂ ਚੁੱਕਣ ਲਈ ਆਖ਼ ਕੇ ਹਿੰਸਾ ਲਈ ਉਕਸਾ ਰਿਹਾ ਹੈ ਜਿਸਤੋਂ ਸਪਸ਼ਟ ਹੋ ਗਿਆ ਹੈ ਕਿ ਸਰਕਾਰਾਂ ਚਲਾਉਣ ਵਾਲੇ ਸੰਵਿਧਾਨ ਦੀ ਕਿੰਨੀ ਕੁ ਪਾਲਣਾ ਕਰਦੇ ਹਨ। ਉਧਰ, ਡੀਸੀ ਦਫ਼ਤਰ ਦੇ ਪਿਛਲੇ ਗੇਟ ਅੱਗੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਧਰਨਾ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨਿਰਮਲ ਸਿੰਘ ਬਟੜਿਆਣਾ, ਇੰਦਰਪਾਲ ਸਿੰਘ ਪੁੰਨਾਂਵਾਲ, ਹਰਮੇਲ ਸਿੰਘ ਮਹਿਰੋਕ, ਹਰਜੀਤ ਸਿੰਘ ਮੰਗਵਾਲ, ਮੱਘਰ ਸਿੰਘ ਉਭਾਵਾਲ, ਸਵਰਨਜੀਤ ਸਿੰਘ, ਨਰੰਜਣ ਸਿੰਘ ਦੋਹਲਾ ਆਦਿ ਨੇ ਲਖੀਮਪੁਰ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਤੇ ਉਸਦੇ ਪੁੱਤਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ, ਪੀੜ੍ਹਤ ਪਰਿਵਾਰਾਂ ਨੂੰ ਮੂਆਵਜ਼ਾ ਤੇ ਨੌਕਰੀ ਦੇਣ ਦੀ ਮੰਗ ਕੀਤੀ।