ਨਿਜੀ ਪੱਤਰ ਪ੍ਰੇਰਕ
ਸੰਗਰੂਰ, 5 ਜੁਲਾਈ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਪੱਕੇ ਰੋਸ ਧਰਨਿਆਂ ’ਚ ਅੰਤਾਂ ਦੀ ਪੈ ਰਹੀ ਗਰਮੀ ਦੇ ਬਾਵਜੂਦ ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਜੋਸ਼ ਵੀ ਪੂਰੇ ਸਿਖ਼ਰ ’ਤੇ ਹੈ। ਧਰਨਿਆਂ ’ਚ ਨਿੱਤ ਦਿਨ ਮੋਦੀ ਸਰਕਾਰ ਖ਼ਿਲਾਫ਼ ਨਾਅਰੇ ਗੂੰਜਦੇ ਹਨ। ਖੇਤੀ ਮਾਰੂ ਕਾਲੇ ਕਾਨੂੰਨਾਂ ਤੋਂ ਇਲਾਵਾ ਹੁਣ ਕਿਸਾਨਾਂ ਵੱਲੋਂ ਦੇਸ਼ ਵਿਚ ਆਸਮਾਨ ਛੋਹ ਰਹੀ ਮਹਿੰਗਾਈ ਖ਼ਿਲਾਫ਼ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਜੁਲਾਈ ਨੂੰ ਪੂਰੇ ਦੇਸ਼ ਵਿਚ ਸਵੇਰੇ 10 ਤੋਂ 12 ਵਜੇ ਤੱਕ ਆਵਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਸਾਨ ਪੂਰੇ ਤਤਪਰ ਹਨ। ਕਿਸਾਨ ਜਥੇਬੰਦੀਆਂ ਨੇ ਹਰ ਵਰਗ ਦੇ ਲੋਕਾਂ ਨੂੰ ਮਹਿੰਗਾਈ ਵਿਰੁੱਧ 8 ਜੁਲਾਈ ਦੇ ਰੋਸ ਪ੍ਰਦਰਸ਼ਨਾਂ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
31 ਕਿਸਾਨ ਜਥੇਬੰਦੀਆਂ ਵੱਲੋਂ ਇਥੇ ਰੇਲਵੇ ਸਟੇਸ਼ਨ ਨੇੜੇ ਜਦੋਂਕਿ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਭਾਜਪਾ ਆਗੂ ਦੇ ਘਰ ਅੱਗੇ ਪੱਕੇ ਰੋਸ ਧਰਨੇ ਜਾਰੀ ਹਨ। ਕਿਸਾਨ ਜਥੇਬੰਦੀਆਂ ਦੇ ਰੋਸ ਧਰਨੇ ਨੂੰ ਨਿਰਮਲ ਸਿੰਘ ਬਟੜਿਆਣਾ, ਹਰਮੇਲ ਸਿੰਘ ਮਹਿਰੋਕ, ਮੋਹਨ ਲਾਲ, ਮੱਘਰ ਸਿੰਘ ਉਭਾਵਾਲ, ਰੋਹੀ ਸਿੰਘ ਮੰਗਵਾਲ, ਡਾ. ਹਰਪ੍ਰੀਤ ਕੌਰ ਖਾਲਸਾ, ਡਾ. ਅਮਨਦੀਪ ਕੌਰ ਗੋਸਲ, ਲੱਖਮੀ ਚੰਦ, ਰਘਵੀਰ ਸਿੰਘ ਛਾਜਲੀ, ਮਹਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ ਜਦੋਂਕਿ ਭਾਕਿਯੂ ਏਕਤਾ ਉਗਰਾਹਾਂ ਦੇ ਧਰਨੇ ਨੂੰ ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਸਰੂਪ ਚੰਦ ਕਿਲਾਭਰੀਆਂ, ਕਰਮਜੀਤ ਮੰਗਵਾਲ, ਲਾਭ ਸਿੰਘ ਖੁਰਾਣਾ ਆਦਿ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਲਿਆ ਕੇ ਅਤੇ ਲੋਕ ਵਿਰੋਧੀ ਨੀਤੀਆਂ ਬਣਾ ਕੇ ਦੇਸ਼ ਦੇ ਲੋਕਾਂ ਨੂੰ ਮਾੜੇ ਹਾਲਾਤਾਂ ’ਚ ਧੱਕ ਦਿੱਤਾ ਹੈ। ਪੈਟਰੌਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਸਭ ਹੱਦਾਂ ਟੱਪ ਚੁੱਕੀਆਂ ਹਨ ਤੇ ਲਗਾਤਾਰ ਤੇਲ ਕੀਮਤਾਂ ’ਚ ਵਾਧਾ ਹੋ ਰਿਹਾ ਹੈ। ਮਹਿੰਗਾਈ ਪੂਰੇ ਸਿਖ਼ਰ ’ਤੇ ਹੈ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕ ਹਿੱਤਾਂ ਨੂੰ ਛਿੱਕੇ ਟੰਗ ਕੇ ਕਾਰਪੋਰੇਟ ਘਰਾਣਿਆਂ ਤੇ ਵੱਡੀਆਂ ਕੰਪਨੀਆਂ ਨੂੰ ਪੂਰੀ ਖੁੱਲ੍ਹ ਦੇ ਰੱਖੀ ਹੈ। ਪੰਜਾਬ ਵਿਚ ਬਿਜਲੀ ਸੰਕਟ ਗਹਿਰਾ ਚੁੱਕਿਆ ਹੈ ਤੇ ਕਿਸਾਨਾਂ ਨੂੰ ਝੋਨੇ ਦੀ ਸਫਲ ਲਗਾਉਣ ਤੇ ਬਚਾਉਣ ਲਈ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇਸ਼ ਦੇ ਲੋਕਾਂ ਦਾ ਕਿਸਾਨ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਹੀ ਮਹਿੰਗਾਈ ਕਰ ਰਹੀ ਹੈ।
ਲਹਿਰਾਗਾਗਾ (ਪੱਤਰ ਪ੍ਰੇਰਕ) ਇਥੇ ਰਿਲਾਇੰਸ ਦੇ ਪੈਟਰੋਲ ਪੰਪ ਅੱਗੇ ਕਾਲੇ ਕਾਨੂੰਨਾਂ ਨੂੰ ਖਤਮ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਤੇ ਮਹਿਲਾ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਦੀ ਅਗਵਾਈ ’ਚ ਲਾਇਆ ਧਰਨਾ 276ਵੇਂ ਦਿਨ ’ਚ ਦਾਖਲ ਹੋ ਗਿਆ। ਇਸ ਮੌਕੇ ਗੁਰਮੇਲ ਸਿੰਘ ਕੋਟੜਾ ਤੇ ਕਰਮਜੀਤ ਕੌਰ ਸੰਗਤੀਵਾਲਾ ਨੇ ਮੋਦੀ ਸਰਕਾਰ ਵੱਲੋਂ ਬਣਾਏ ਗਏ ਬੇਲੋੜੇ ਕਾਲੇ ਕਾਨੂੰਨਾਂ ਦਾ ਗੀਤਾਂ ਰਾਹੀਂ ਪਰਦਾਫਾਸ਼ ਕੀਤਾ ਗਿਆ।
ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਕਰਨੈਲ ਗਨੋਟਾ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਰਾਮਚੰਦ ਸਿੰਘ ਚੋਟੀਆਂ, ਕਾਲਾ ਸਿੰਘ ਰਾਮਗੜ੍ਹ ਸੰਧੂਆਂ, ਜਸਵਿੰਦਰ ਕੌਰ ਸੰਗਤਪੁਰਾ ਆਦਿ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਰਤੀ ਲੋਕਾਂ ਨੂੰ ਸਿਆਸੀ ਪਾਰਟੀਆਂ ਸਿਰਫ਼ ਵੋਟ ਬੈਂਕ ਦੀ ਤਰ੍ਹਾਂ ਵਰਤਦੀਆਂ ਹਨ। ਬਾਅਦ ’ਚ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾਂਦੀ। ਇਸੇ ਤਰ੍ਹਾਂ ਅੱਜ ਦਾ ਮਾਹੋਲ ਲੀਡਰਾਂ ਦੀ ਹੀ ਦੇਣ ਹੈ। ਕੰਗਾਲੀ ਕਾਰਨ ਕਰਜ਼ੇ, ਬੇਰੁਜ਼ਗਾਰੀ, ਮਹਿੰਗਾਈ ਦੀ ਪੰਡ ਚੁੱਕੀ ਖੜ੍ਹਾ ਆਮ ਕਿਰਤੀ ਅੱਛੇ ਦਿਨਾਂ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨੀ ਘੋਲ ਨੇ ਸਾਮਰਾਜੀਆਂ ਦੀ ਸਰਕਾਰ ਨੂੰ ਬਿਪਤਾ ਵਿੱਚ ਪਾਇਆ ਹੋਇਆ ਹੈ। ਪੰਜਾਬ ਵਿੱਚ ਲੱਗੇ ਪੱਕੇ ਮੋਰਚਿਆਂ ਨੇ ਦਹਾਕਿਆਂ ਬੱਧੀ ਸੁੱਤੀ ਲੋਕਾਈ ਨੂੰ ਜਾਗ੍ਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਕਿਸੇ ਸਿਆਸੀ ਪਾਰਟੀ ਦੇ ਆਗੂ ਨੂੰ ਪਿੰਡਾਂ ’ਚ ਦਾਖਲ ਨਹੀਂ ਹੋਣ ਦੇਵੇਗੀ।
ਧੂਰੀ (ਖੇਤਰੀ ਪ੍ਰਤੀਨਿਧ) ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਤੇ ਫਸਲਾਂ ਦੇ ਢੁੱਕਵੇਂ ਭਾਅ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਜਤਿੰਦਰ ਸਿੰਘ ਕਹੈਰੂ, ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ 277ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਬਾਰਡਰਾਂ ਉੱਪਰ ਲੱਗੇ ਕਿਸਾਨੀ ਧਰਨਿਆਂ ਨੂੰ ਕਾਮਯਾਬ ਕਰਨ ਤੇ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਨਵੀਂ ਨੀਤੀ ਅਪਣਾਈ ਜਾ ਰਹੀ ਹੈ ਜਿਸ ਤਹਿਤ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮਜਬੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਘਰਾਂ ਨੂੰ 24 ਘੰਟੇ ਤੇ ਕਿਸਾਨਾਂ ਨੂੰ 8 ਘੰਟੇ ਬਿਜਲੀ ਬਿਜਲੀ ਦੇਣ ਵਿੱਚ ਅਸਫ਼ਲ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ।
ਧਰਨੇ ਦੇ ਪੰਜਵੇਂ ਦਿਨ ਸ਼ਹੀਦ ਕਿਸਾਨ ਦੀ ਮਾਂ ਨੂੰ ਮੁਆਵਜ਼ੇ ਦਾ ਚੈੱਕ ਮਿਲਿਆ
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ) ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ _ਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਟਿੱਕਰੀ ਸਰਹੱਦ ’ਤੇ ਸ਼ਹੀਦ ਹੋਏ ਸੰਦੀਪ ਕੁਮਾਰ ਰਾਮਪੁਰ ਛੰਨਾਂ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਇੱਕ ਜੁਲਾਈ ਤੋਂ ਤਹਿਸੀਲਦਾਰ ਮਾਲੇਰਕੋਟਲਾ ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਮਾਲੇਰਕੋਟਲਾ ਇਕਾਈ ਵੱਲੋਂ ਨਿਰਮਲ ਸਿੰਘ ਅਲੀਪੁਰ ਦੀ ਅਗਵਾਈ ’ਚ ਦਿੱਤੇ ਜਾ ਰਹੇ ਧਰਨੇ ਦੇ ਪੰਜਵੇਂ ਦਿਨ ਨਾਇਬ ਤਹਿਸੀਲਦਾਰ ਤਹਿਸੀਲਦਾਰ ਪਰਮਿੰਦਰ ਕੁਮਾਰ ਨੇ ਧਰਨੇ ’ਚ ਪੁੱਜ ਕੇ ਸ਼ਹੀਦ ਕਿਸਾਨ ਸੰਦੀਪ ਕੁਮਾਰ ਨੇ ਰਾਮਪੁਰ ਛੰਨਾ ਦੀ ਮਾਤਾ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ ਚੈੱਕ ਸੌਂਪਿਆ। ਇਸ ਮੌਕੇ ਕਿਸਾਨ ਆਗੂ ਨਿਰਮਲ ਸਿੰਘ ਅਲੀਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਨੂੰ ਛੇ ਮਹੀਨੇ ਤੋਂ ਉਪਰ ਸਮਾਂ ਹੋ ਗਿਆ ਹੈ। ਇਸ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਪਰਤਣਗੇ।