ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ , ਫੱਗੂਵਾਲਾ ਵਿਖੇ ਹੋਈ। ਮੀਟਿੰਗ ਵਿੱਚ ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਨੇ ਹਿੱਸਾ ਲਿਆ। ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਰੰਧਾਵਾ ਦੇ ਆਗੂ ਹੁਸ਼ਿਆਰ ਸਿੰਘ ਸਲੇਮਗੜ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਖਮੀਰਪੁਰ ਖੀਰੀ ਕਾਂਡ ਦੇ ਦੋਸ਼ੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਕੇ ਜੇਲ੍ਹ ਭੇਜਣ, ਕਿਸਾਨਾਂ ’ਤੇ ਪਾਏ ਝੂਠੇ ਕੇਸ ਵਾਪਸ ਲੈਣ, ਅੰਦੋਲਨ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਆਦਿ ਮੰਗਾਂ ਮੰਨੀਆਂ ਸਨ, ਪਰ ਲਾਗੂ ਨਹੀਂ ਕੀਤੀਆਂ ਗਈਆਂ। ਇਸ ਦੇ ਰੋਸ ਵਜੋਂ 21 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਡੀਸੀ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਜੇਕਰ ਕੇਂਦਰ ਸਰਕਾਰ ਨੇ ਇਹ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਪੰਜਾਬ ਭਰ ਦੇ ਸੱਦੇ ’ਤੇ 23 ਮਾਰਚ ਨੂੰ ਸੁਨਾਮ ਦੀ ਨਵੀਂ ਅਨਾਜ ਮੰਡੀ ਵਿੱਚ ਜ਼ਿਲ੍ਹਾ ਪੱਧਰ ’ਤੇ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਮੌਕੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਅਮਨਦੀਪ ਸਿੰਘ ਮਹਿਲਾਂ ਤੇ ਬਲਵਿੰਦਰ ਸਿੰਘ ਘਟੌੜਾ ਜੱਟਾਂ ਆਦਿ ਹਾਜ਼ਰ ਸਨ।