ਰਮੇਸ਼ ਭਾਰਦਵਾਜ
ਲਹਿਰਾਗਾਗਾ, 25 ਮਾਰਚ
ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਾਰਚ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਬਲਾਕ ਲਹਿਰਾਗਾਗਾ ਵੱਲੋਂ ਖਨੌਰੀ ’ਚ ਹਾਈਵੇ ਜਾਮ ਕਰਨ ਦਾ ਫੈੈਸਲਾ ਕੀਤਾ ਹੈ। ਇਥੇ ਰਿਲਾਇੰਸ ਪੰਪ ’ਤੇ ਧਰਨੇ ਦੇ 176ਵੇਂ ਦਿਨ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਲੱਗੇ ਪੱਕੇ ਮੋਰਚਿਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਮੋਦੀ ਹਕੂਮਤ ਦੇ ਕੰਨਾਂ ਤੱਕ ਅਵਾਜ਼ ਪਹੁਚਾਉਣ ਲਈ 26 ਮਾਰਚ ਨੂੰ ਲੋਕਾਂ ਦੇ ਸਹਿਯੋਗ ਨਾਲ ਵੱਡਾ ਇਕੱਠ ਕਰਕੇ ਖਨੌਰੀ ਹਾਈਵੇਅ 12 ਘੰਟਿਆਂ ਲਈ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਸਿਰਫ ਕੈਮਿਸਟਾਂ ਅਤੇ ਐਂਬੂਲੈਂਸ ਨੂੰ ਛੋਟ ਰਹੇਗੀ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਰਾਮਚੰਦ ਸਿੰਘ ਚੋਟੀਆਂ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਰਾਮ ਸਿੰਘ ਨੰਗਲਾ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਜਸ਼ਨਦੀਪ ਕੌਰ ਪਿਸ਼ੌਰ, ਕਰਮਜੀਤ ਕੌਰ ਭੁਟਾਲ ਕਲਾਂ ਨੇ ਕਿਹਾ ਕਿ ਸਰਕਾਰ ਜਨ ਅੰਦੋਲਨ ਨੂੰ ਨਜ਼ਰਅੰਦਾਜ਼ ਕਰਕੇ ਕਿਸੇ ਨਾ ਕਿਸੇ ਬਹਾਨੇ ਦੱਬਣਾ ਚਾਹੁੰਦੀ ਹੈ।