ਗੁਰਦੀਪ ਸਿੰਘ ਲਾਲੀ
ਸੰਗਰੂਰ, 29 ਅਕਤੂਬਰ
ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਚੱਲ ਰਹੇ ਰੇਲ ਰੋਕੇ ਅੰਦੋਲਨ ਤਹਿਤ ਇਥੇ ਰੇਲਵੇ ਸਟੇਸ਼ਨ ’ਤੇ ਰੋਸ ਧਰਨੇ ਦੌਰਾਨ ਜਿਥੇ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਬੁਲਾਰਿਆਂ ਦੀ ਸੁਰ ਤਿੱਖੀ ਰਹੀ ਉਥੇ ਪਰਾਲੀ ਦੀ ਸਮੱਸਿਆ ਦਾ ਮੁੱਦਾ ਵੀ ਗਰਮਾਇਆ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਸੰਘਰਸ਼ ਨੂੰ ਦਬਾ ਨਹੀਂ ਸਕੇਗੀ ਸਗੋਂ ਸੰਘਰਸ਼ ਹੋਰ ਤਿੱਖਾ ਰੂਪ ਲਏਗਾ। ਕੇਂਦਰ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਹੱਲ ਕਰਨ ਦੀ ਬਜਾਏ ਕਮਿਸ਼ਨ ਬਣਾਉਣ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨਾ ਤੇ ਸਜ਼ਾ ਕਰਾਉਣ ਦੇ ਫੈਸਲੇ ਦਾ ਗੰਭੀਰ ਨੋਟਿਸ ਲਿਆ ਤੇ ਪੰਜਾਬ ਨੂੰ ਉਜਾੜਨ ਦੇ ਰਾਹ ਪਈ ਮੋਦੀ ਸਰਕਾਰ ਖ਼ਿਲਾਫ਼ ਵਿੱਢੇ ਸੰਘਰਸ਼ ਵਿੱਚ ਹਰ ਵਰਗ ਦੇ ਲੋਕਾਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਰੋਸ ਧਰਨੇ ਨੂੰ ਭਾਕਿਯੂ ਰਾਜੇਵਾਲ ਦੇ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ, ਭਾਕਿਯੂ ਡਕੌਦਾ ਦੇ ਸੰਤ ਰਾਮ ਛਾਜਲੀ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਭਜਨ ਸਿੰਘ ਢੱਡਰੀਆਂ, ਭਾਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਕਿਸਾਨ ਆਗੂ ਜਰਨੈਲ ਸਿੰਘ ਜਹਾਂਗੀਰ, ਕੁਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਨਿਰਮਲ ਸਿੰਘ ਬਟਰਿਆਣਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਮੰਗਤ ਰਾਮ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਮੀਤ ਸਕੱਤਰ ਜਰਨੈਲ ਸਿੰਘ ਜਨਾਲ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਜਿੱਥੇ ਕਿਸਾਨ ਨੂੰ ਡੋਬਿਆ ਹੈ, ਉਥੇ ਸਮੁੱਚਾ ਵਪਾਰੀ ਵਰਗ ਵੀ ਇਸ ਤੋਂ ਦੁਖੀ ਹੈ। ਇਸ ਗੁੱਸੇ ਦਾ ਪ੍ਰਗਟਾਵਾ ਬਿਹਾਰ ਵਿੱਚ ਚੋਣ ਪ੍ਰਚਾਰ ਦੌਰਾਨ ਲੋਕਾਂ ਨੇ ਇਨ੍ਹਾਂ ਨੂੰ ਪਿੰਡਾਂ ਵਿੱਚ ਵਿਰੋਧ ਦਰਜ ਕਰਾ ਕੇ ਕੀਤਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਘੋਲ ਦੌਰਾਨ ਸ਼ਹੀਦ ਹੋਏ ਸਮੁੱਚੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਸ ਦਸ ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਅਤੇ ਸਮੁੱਚਾ ਕਰਜ਼ਾ ਤੁਰੰਤ ਮੁਆਫ ਕੀਤਾ ਜਾਵੇ।ਰੋਸ ਧਰਨੇ ਨੂੰ ਕਿਸਾਨ ਆਗੂ ਮਾਸਟਰ ਸਰਬਜੀਤ ਸਿੰਘ, ਜਸਦੀਪ ਸਿੰਘ ਬਹਾਦਰਪੁਰ, ਗੁਰਮੀਤ ਸਿੰਘ ਕਪਿਆਲ, ਨਰੰਜਣ ਸਿੰਘ ਸੰਗਰੂਰ ਅੰਮ੍ਰਿਤਪਾਲ ਸਿੰਘ ਡਸਕਾ ਨੇ ਸੰਬੋਧਨ ਕੀਤਾ।
ਮੋਦੀ ਸਰਕਾਰ ’ਤੇ ਪੰਜਾਬ ਨਾਲ ਹਰ ਪੱਧਰ ਉੱਤੇ ਵਿਤਕਰਾ ਕਰਨ ਦਾ ਦੋਸ਼
ਰਾਜਪੁਰਾ (ਪੱਤਰ ਪ੍ਰੇਰਕ) ਇਸ ਖੇਤਰ ਵਿੱਚੋਂ ਗੁਜਰਦੇ ਕੌਂਮੀਸ਼ਾਹ ਮਾਰਗ ’ਤੇ ਸ਼ੰਭੂ ਬੈਰੀਅਰ ’ਚ ਖੇਤੀ ਕਾਨੂੰਨਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਅ) ਦੇ ਕਿਸਾਨ ਵਿੰਗ ਤੇ ਪੰਜਾਬੀ ਗਾਇਕ ਦੀਪ ਸਿੱਧੂ ਦੀ ਅਗਵਾਈ ਵਿੱਚ ਮੋਰਚਾ ਅੱਜ ਵੀ ਜਾਰੀ ਰਿਹਾ। ਇਨ੍ਹਾਂ ਦੋਵੇਂ ਮੋਰਚਿਆਂ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਤੇ ਨੌਜਵਾਨਾਂ ਨੇ ਸ਼ਿਰਕਤ ਕੀਤੀ ਤੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ। ਮੋਜਰਚਿਆਂ ਵਿੱਚ ਪੁੱਜੇ ਆਗੂਆਂ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਦੇਸ਼ ਦੇ ਹੋਰ ਰਾਜਾਂ ਦੀ ਤਰਜ਼ ’ਤੇ ਪੰਜਾਬ ’ਚ ਖੇਤੀ ਕਾਨੂੰਨ ਲਾਗੂ ਕਰਕੇ ਪੰਜਾਬ ਵਿੱਚ ਕਿਸਾਨੀ ਤੇ ਅਰਥਚਾਰੇ ਨੂੰ ਤਬਾਹ ਕਰਨਾ ਚਾਹੁੰਦੀ ਹੈ। ਜਿਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਆਖਿਆ ਕਿ ਜਦੋਂ ਤੱਕ ਮੋਦੀ ਸਰਕਾਰ ਖੇਤੀ ਵਿਰੋਧੀ ਕਾਨੂੰਨ ਰੱਦ ਨਹੀਂ ਕਰਦੀ, ਮੋਰਚਾ ਜਾਰੀ ਰਹੇਗਾ। ਅਕਾਲੀ ਦਲ (ਅ) ਦੇ ਕਿਸਾਨ ਵਿੰਗ ਆਗੂਆਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਲਖਵੀਰ ਸਿੰਘ ਸੌਂਟੀ, ਬਲਕਾਰ ਸਿੰਘ ਭੁੱਲਰ, ਬੀਬੀ ਬਲਜੀਤ ਕੌਰ ਖੋਸਾ ਬਰਨਾਲਾ ਨੇ ਆਖਿਆ ਕਿ ਪਾਰਟੀ ਦੇ ਕਿਸਾਨ ਵਿੰਗ ਵੱਲੋਂ 2 ਨਵੰਬਰ ਨੂੰ ਪੰਜਾਬ ਦੀ ਹਰਿਆਣਾ ਸਰਹੱਦੀ ਖੇਤਰਾਂ ’ਚ ਰੋਸ ਧਰਨੇ ਦਿੱਤੇ ਜਾਣਗੇ ਤੇ 5 ਨਵੰਬਰ ਨੂੰ ਚਾਰ ਘੰਟੇ ਲਈ ਸੜਕੀ ਆਵਾਜਾਈ ਠੱਪ ਕੀਤੀ ਜਾਵੇਗੀ।