ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਸੁਨਾਮ ਵਿੱਚ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਅਤੇ ਜ਼ਿਲ੍ਹਾ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਮੀਟਿੰਗ ਦੌਰਾਨ ਜਥੇਬੰਦੀ ਦੇ ਫੰਡਾਂ ਦਾ ਹਿਸਾਬ-ਕਿਤਾਬ ਪੇਸ਼ ਕੀਤਾ ਗਿਆ ਅਤੇ ਹਰ ਬਲਾਕ, ਜ਼ਿਲ੍ਹਾ, ਸੂਬਾ ਅਤੇ ਪਿੰਡ ਇਕਾਈ ਦੇ ਨਾਂ ’ਤੇ ਬੈਂਕ ਖਾਤੇ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਲੋਕਾਂ ਤੋਂ ਇਕੱਠਾ ਕੀਤਾ ਫੰਡ ਪੂਰੀ ਪਾਰਦਰਸ਼ਤਾ ਨਾਲ ਵਰਤਿਆ ਜਾਵੇ ਅਤੇ ਹਰ ਪਿੰਡ ਵਿੱਚ ਫੰਡਾਂ ਦਾ ਲੇਖਾ-ਜੋਖਾ ਜਨਤਕ ਤੌਰ ’ਤੇ ਪ੍ਰਦਰਸ਼ਿਤ ਕੀਤਾ ਜਾਵੇ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਡੀ ਏ ਪੀ, ਯੂਰੀਆ, ਪੋਟਾਸ਼ ਅਤੇ ਸੁਪਰ ਫਾਸਫੇਟ ਖਾਦ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ ਹਨ ਅਤੇ ਕਈ ਥਾਵਾਂ ’ਤੇ ਦੁਕਾਨਦਾਰ ਖਾਦ ਨਾਲ ਹੋਰ ਸਾਮਾਨ ਖ਼ਰੀਦਣ ਦੀ ਸ਼ਰਤ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ੀ ਮੁਕਤ ਵਪਾਰ ਸਮਝੌਤੇ ਅਤੇ ਕਾਰਪੋਰੇਟ ਪੱਖੀ ਨੀਤੀਆਂ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚੇਗਾ।
ਆਗੂਆਂ ਨੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ’ਤੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਜਨਤਕ ਅਦਾਰਿਆਂ ਦੀ ਨਿੱਜੀਕਰਨ ਨੀਤੀ ਕਾਰਨ ਰੁਜ਼ਗਾਰ ਦੇ ਮੌਕੇ ਘਟ ਰਹੇ ਹਨ ਅਤੇ ਕਿਸਾਨਾਂ ਦੀ ਜ਼ਮੀਨ ’ਤੇ ਵੀ ਖ਼ਤਰਾ ਮੰਡਰਾ ਰਿਹਾ ਹੈ।
ਮੀਟਿੰਗ ਵਿੱਚ 10 ਜੁਲਾਈ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਕਈ ਆਗੂ ਵੀ ਹਾਜ਼ਰ ਸਨ।
