ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 16 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਯੂਨੀਅਨ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਦੀ ਅਗਵਾਈ ਹੇਠ ਭਾਜਪਾ ਦੇ ਸੂਬਾ ਸਟੇਟ ਕਮੇਟੀ ਮੈਂਬਰ ਜਗਪਾਲ ਮਿੱਤਲ ਦੀ ਕੋਠੀ ਦਾ ਕਈ ਘੰਟੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਤੇ ਬੀਬੀਆਂ ਨੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸ਼ਾਇਰੋ ਸ਼ਾਇਰੀ ਰਾਹੀਂ ਮੋਦੀ ਨੂੰ ਭੰਡਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਆਗੂ ਦਰਸ਼ਨ ਸਿੰਘ ਸ਼ਾਦੀਹਰੀ, ਜਥੇਦਾਰ ਹਰਬੰਸ ਸਿੰਘ ਦਿੜ੍ਹਰਾ, ਦਰਬਾਰਾ ਸਿੰਘ ਖੇਤਲਾ, ਪਰਮਜੀਤ ਕੌਰ ਆਦਿ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਅੰਬਾਨੀ, ਅਡਾਨੀ ਵਰਗੇ ਵੱਡੇ ਘਰਾਣਿਆਂ ਦੀ ਕਠਪੁਤਲੀ ਬਣ ਕੇ ਖੇਤੀ ਕਾਨੂੰਨਾਂ ਨੂੰ ਪਾਸ ਕਰਕੇ ਕਰਜ਼ੇ ਦੇ ਭਾਰ ਹੇਠ ਦਬੇ ਕਿਸਾਨਾਂ ਦੇ ਗਲ ’ਚ ਫਾਂਸੀ ਦਾ ਫੰਦਾ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਇਸ ਉਜਾੜੇ ਨੂੰ ਰੋਕਣ ਲਈ ਮੋਦੀ ਖ਼ਿਲਾਫ ਪੂਰੇ ਦੇਸ਼ ਵਿੱਚ ਸ਼ੰਘਰਸ਼ ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ ਤੇ ਇਨ੍ਹਾਂ ਰੋਸ ਪ੍ਰਰਦਸ਼ਨਾਂ ਦੀ ਗੂੰਜ ਪੂਰੀ ਦੁਨੀਆਂ ਨੂੰ ਸੁਣਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਸਾਂਝੇ ਰੋਸ ਪ੍ਰਦਰਸ਼ਨਾਂ ਨੇ ਮੋਦੀ ਸਰਕਾਰ ਦੀਆਂ ਜੜਾਂ ਹਿਲਾ ਦਿੱਤੀਆਂ ਹਨ ਕਿਉਂਕਿ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਪੰਪਾਂ ਤੇ ਟੌਲ ਪਲਾਜ਼ਿਆਂ ਦਾ ਘਿਰਾਓ ਕਰਨ ਤੋਂ ਇਲਾਵਾ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੀਆਂ ਕੋਠੀਆਂ ਦਾ ਘਿਰਾਓ ਕਰਕੇ ਮੋਦੀ ਸਰਕਾਰ ਦੀ ਸੰਘੀ ਨੱਪੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਮੋਦੀ ਸਰਕਾਰ ਨੇ ਇਹ ਕਾਲੇ ਕਾਨੂੰਨ ਵਾਪਿਸ ਨਾ ਲਏ ਤਾਂ ਸੰਘਰਸ਼ ਹੋਰ ਤਿੱਖੇ ਹੋਣਗੇ। ਭਾਜਪਾ ਆਗੂ ਜਗਪਾਲ ਮਿੱਤਲ ਨੇ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ਕਿ ਭਾਜਪਾ ਹਮੇਸ਼ਾ ਕਿਸਾਨ ਹਿਤੈਸ਼ੀ ਰਹੀ ਹੈ ਤੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।