ਗੁਰਦੀਪ ਸਿੰਘ ਲਾਲੀ
ਸੰਗਰੂਰ, 21 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਸੈਂਕੜੇ ਕਿਸਾਨਾਂ ਵੱਲੋਂ ਪੰਜ ਰੋਜ਼ਾ ਪੱਕੇ ਰੋਸ ਧਰਨਿਆਂ ਦੇ ਦੂਜੇ ਦਿਨ ਅੱਜ ਡੀ.ਸੀ. ਦਫ਼ਤਰ ਦੇ ਤਿੰਨੋਂ ਮੁੱਖ ਗੇਟਾਂ ਦਾ ਘਿਰਾਓ ਕੀਤਾ ਗਿਆ। ਰੋਸ ਧਰਨੇ ਦੇ ਮੁੱਖ ਪੰਡਾਲ ਵਿੱਚ ਅੱਜ ਵੱਡੀ ਤਾਦਾਦ ’ਚ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕਰਕੇ ਚੰਨੀ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਆਵਾਜ਼ ਬੁਲੰਦ ਕੀਤੀ। ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ ਅਤੇ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਹਿਲਾਂ ਕੈਪਟਨ ਸਰਕਾਰ ਅਤੇ ਹੁਣ ਚੰਨੀ ਸਰਕਾਰ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਅਤੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਚੋਣਾਂ ਮੌਕੇ ਹਰ ਵਰਗ ਦੇ ਲੋਕਾਂ ਨਾਲ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਕਾਂਗਰਸ ਸਰਕਾਰ ਵਾਅਦਿਆਂ ਤੋਂ ਭੱਜ ਚੁੱਕੀ ਹੈ ਪਰੰਤੂ ਪੰਜਾਬ ਦੇ ਅਣਖੀ ਲੋਕਾਂ ਨੂੰ ਹੁਣ ਗੁੰਮਰਾਹ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਗੁਲਾਬੀ ਸੁੰਡੀ ਨਾਲ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਬਦਲੇ ਐਲਾਨਿਆ 17 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਅਜੇ ਤੱਕ ਕਿਸਾਨਾਂ ਨੂੰ ਨਹੀਂ ਦਿੱਤਾ। ਖੁਦਕੁਸ਼ੀ ਪੀੜਤ ਪਰਿਵਾਰ ਤਿੰਨ ਲੱਖ ਰੁਪਏ ਦੇ ਮੁਆਵਜ਼ੇ ਅਤੇ ਸਰਕਾਰੀ ਨੌਕਰੀ ਤੋਂ ਅਜੇ ਵੀ ਵਾਂਝੇ ਹਨ। ਗੰਨੇ ਦਾ ਭਾਅ 360 ਰੁਪਏ ਲਾਗੂ ਨਹੀਂ ਕੀਤਾ ਗਿਆ। ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਵੀ ਮੁਆਫ਼ ਨਹੀਂ ਹੋਇਆ। ਧਰਨਿਆਂ ਨੂੰ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ, ਮਨਜੀਤ ਸਿੰਘ ਘਰਾਚੋਂ, ਗੋਬਿੰਦਰ ਸਿੰਘ ਮੰਗਵਾਲ, ਬਹਾਦਰ ਸਿੰਘ ਭੂਟਾਲ ਅਤੇ ਮਹਿਲਾ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਦੀ ਪੂਰਤੀ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ਼ ਦੀ ਅਗਵਾਈ ਹੇਠ ਇੱਥੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਇਨ੍ਹਾਂ ਕਿਸਾਨਾਂ ਨੇ ਮਿਨੀ ਸਕੱਤਰੇਤ ਦੇ ਗੇਟਾਂ ਨੂੰ ਤਾਲ਼ੇ ਜੜ ਦਿੱਤੇ। ਇਹ ਤਾਲ਼ਾਬੰਦੀ ਦੁਪਹਿਰ ਵਕਤ ਕੀਤੀ, ਜਦੋਂ ਅਧਿਕਾਰੀਆਂ ਅਤੇ ਮੁਲਾਜ਼ਮ ਦਫਤਰਾਂ ਦੇ ਅੰਦਰ ਸਨ ਪਰ ਬਾਅਦ ’ਚ ਇਹ ਤਾਲ਼ੇ ਖੋਲ੍ਹ ਦਿੱਤੇ ਗਏ।
ਕਿਸਾਨ ਆਗੂ ਰਘਬੀਰ ਨਿਆਲ਼ ਅਤੇ ਜਸਵੰਤ ਸਿੰਘ ਸਦਰਪੁਰ ਦਾ ਕਹਿਣਾ ਸੀ ਕਿ ਇਹ ਧਰਨਾ ਇੱਥੇ 24 ਦਸੰਬਰ ਤੱਕ ਲਗਾਤਾਰ ਜਾਰੀ ਰਹੇਗਾ। ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ਼ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਵਧਾ ਕੇ ਐਲਾਨਿਆ ਗਿਆ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਦੀ ਪਰਚੀ ਕਿਸਾਨਾਂ ਨੂੰ ਹਰੇਕ ਖੰਡ ਮਿੱਲ ਵੱਲੋ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਖ਼ੁਦਕੁਸ਼ੀ ਪੀੜਤ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਤਿੰਨ ਤਿੰਨ ਲੱਖ ਰੁਪਏ ਤੇ ਪੀੜਤ ਪਰਿਵਾਰਾਂ ਦੇ ਇਕ ਇਕ ਮੈਂਬਰ ਨੂੰ ਨੂੰ ਸਰਕਾਰੀ ਨੌਕਰੀ ਵੀ ਯਕੀਨੀ ਬਣਾਈ ਜਾਵੇ।
ਨੁਕਸਾਨੀ ਫ਼ਸਲ ਦਾ ਮੁਆਵਜ਼ਾ ਅਜੇ ਤੱਕ ਨਾ ਮਿਲਿਆ
ਆਗੂਆਂ ਹੋਰ ਕਿਹਾ ਕਿ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਅਤੇ ਗੜੇਮਾਰੀ ਨਾਲ ਝੋਨੇ ਤੇ ਹੋਰ ਫਸਲਾਂ ਦੀ ਹੋਈ ਤਬਾਹੀ ਦਾ ਮੁਆਵਜ਼ਾ ਸਰਕਾਰ ਨੇ ਅਜੇ ਤੱਕ ਵੀ ਕਾਸ਼ਤਕਾਰ ਕਿਸਾਨਾਂ ਨੂੰ ਨਹੀਂ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਸਤਾਰਾਂ ਹਜ਼ਾਰ ਰੁਪਏ ਪ੍ਰਤੀ ਏਕੜ ਤੇ ਖੇਤ ਮਜ਼ਦੂਰਾਂ ਨੂੰ ਵੱਖਰਾ ਦਸ ਫ਼ੀਸਦੀ ਮੁਆਵਜ਼ਾ ਤੁਰੰਤ ਅਦਾ ਕੀਤਾ ਜਾਵੇ।