ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 22 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਸਥਾਨਕ ਰੇਲਵੇ ਸਟੇਸ਼ਨ ਵਿਖੇ ਰੋਸ ਧਰਨਾ ਦੇ ਕੇ ਦੁਪਹਿਰ 12 ਵਜੇ ਤੋਂ ਸ਼ਾਮ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਧਰਨੇ ਵਿੱਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਕਿਸਾਨ ਆਗੂ ਕੁਲਵਿੰਦਰ ਸਿੰਘ ਭੂਦਨ, ਕੇਵਲ ਸਿੰਘ ਭੜੀ, ਨਿਰਮਲ ਸਿੰਘ ਅਲੀਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਕਿਸਾਨ ਮੋਰਚੇ ਦੀ ਸਮਾਪਤੀ ਮੌਕੇ ਕਿਸਾਨ ਆਗੂਆਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਕਿਸਾਨਾਂ, ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਦੇ ਮਸਲਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ ਤਬਾਹ ਹੋਏ ਨਰਮੇ ਦੇ ਐਲਾਨ ਕੀਤੇ ਮੁਆਵਜ਼ੇ ਦੀ ਅਦਾਇਗੀ ਤੋਂ ਟਾਲਮਟੋਲ ਕੀਤੀ ਜਾ ਰਹੀ ਹੈ।
ਪਟਿਆਲਾ (ਖੇਤਰੀ ਪ੍ਰਤੀਨਿਧ) ਕਿਸਾਨੀ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਪਟਿਆਲਾ ਵੱਲੋਂ ਅੱਜ ਨੇੜਲੇ ਪਿੰਡ ਧਬਲਾਨ ਵਿੱਚ 12 ਤੋਂ 3 ਵਜੇ ਤੱਕ ਰੇਲਵੇ ਲਾਈਨ ’ਤੇ ਧਰਨਾ ਦੇ ਕੇ ਰੇਲਵੇ ਲਾਈਨ ਜਾਮ ਕੀਤੀ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ਼ ਦੀ ਗੈਰ ਮੌਜੂਦਗੀ ’ਚ ਅੱਜ ਦੇ ਇਸ ਧਰਨੇ ਦੀ ਅਗਵਾਈ ਯੂਨੀਅਨ ਆਗੂਆਂ ਬਲਰਾਜ ਸਿੰਘ ਜੋਸ਼ੀ ,ਜਸਵਿੰਦਰ ਸਿੰਘ ਬਰਾਸ ਤੇ ਕਰਨੈਲ ਸਿੰਘ ਲੰਗ ਨੇ ਕੀਤੀ। ਜਿਸ ਦੌਰਾਨ ਮਹਿਲਾਵਾਂ ਨੇ ਵੀ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ।